ਸ੍ਰੀ ਆਨੰਦਪੁਰ ਸਾਹਿਬ ਪੁਲੀਸ ਦੀ ਟੀਮ ਨੇ ਮਾਡਲ ਟਾਊਨ ਐਕਸਟੈਨਸ਼ਨ ’ਚ ਕੀਤੀ ਤਲਾਸ਼ੀ; ਚਾਵਲਾ ਘਰ ’ਚ ਨਹੀਂ ਮਿਲੇ
ਜਬਰ-ਜਨਾਹ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਦੀ ਗ੍ਰਿਫ਼ਤਾਰੀ ਲਈ ਪੁਲੀਸ ਨੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਐਤਵਾਰ ਸਵੇਰੇ ਸ੍ਰੀ ਆਨੰਦਪੁਰ ਸਾਹਿਬ ਪੁਲੀਸ ਦੀ ਇੱਕ ਵਿਸ਼ੇਸ਼ ਟੀਮ ਨੇ ਲੁਧਿਆਣਾ ਦੇ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਚਾਵਲਾ ਦੀ ਰਿਹਾਇਸ਼ ’ਤੇ ਛਾਪਾ ਮਾਰਿਆ।
ਸਵੇਰੇ ਕਰੀਬ ਸਾਢੇ ਅੱਠ ਵਜੇ ਤਿੰਨ ਗੱਡੀਆਂ ਵਿੱਚ ਪਹੁੰਚੀ ਪੁਲੀਸ ਟੀਮ ਨੇ ਵੀਆਈਪੀ ਲੇਨ ਸਥਿਤ ਚਾਵਲਾ ਦੀ ਕੋਠੀ ਨੂੰ ਘੇਰ ਲਿਆ। ਟੀਮ ਵਿੱਚ ਇੱਕ ਸੀਨੀਅਰ ਪੁਲੀਸ ਅਧਿਕਾਰੀ ਦੀ ਅਗਵਾਈ ਹੇਠ ਮਹਿਲਾ ਪੁਲੀਸ ਕਰਮਚਾਰੀਆਂ ਸਮੇਤ ਲਗਪਗ 10 ਤੋਂ 15 ਪੁਲੀਸ ਮੁਲਾਜ਼ਮ ਸ਼ਾਮਲ ਸਨ। ਅਚਾਨਕ ਹੋਈ ਇਸ ਛਾਪੇਮਾਰੀ ਕਾਰਨ ਇਲਾਕੇ ਵਿੱਚ ਹਲਚਲ ਪੈਦਾ ਹੋ ਗਈ।
ਛਾਪੇਮਾਰੀ ਸਮੇਂ ਅਮਰਜੀਤ ਸਿੰਘ ਚਾਵਲਾ ਘਰ ਵਿੱਚ ਮੌਜੂਦ ਨਹੀਂ ਸਨ। ਘਰ ਵਿੱਚ ਔਰਤਾਂ ਹੋਣ ਕਾਰਨ ਪੁਲੀਸ ਟੀਮ ਵਿੱਚ ਸ਼ਾਮਲ ਮਹਿਲਾ ਮੁਲਾਜ਼ਮਾਂ ਨੇ ਚਾਵਲਾ ਦੀ ਪਤਨੀ ਤੋਂ ਪੁੱਛਗਿੱਛ ਕੀਤੀ। ਇਸ ਤੋਂ ਇਲਾਵਾ ਪੁਲੀਸ ਵੱਲੋਂ ਘਰ ਦੀ ਬਾਰੀਕੀ ਨਾਲ ਤਲਾਸ਼ੀ ਵੀ ਲਈ ਗਈ।
ਬਹਿਰੀਨ ਤੋਂ ਆਈ ਸ਼ਰਧਾਲੂ ਮਹਿਲਾ ਨੇ ਲਾਏ ਗੰਭੀਰ ਦੋਸ਼
ਚਾਵਲਾ ਖ਼ਿਲਾਫ਼ ਇਹ ਮਾਮਲਾ ਬਹਿਰੀਨ ਤੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਧਾਰਮਿਕ ਦਰਸ਼ਨਾਂ ਲਈ ਆਈ ਇੱਕ ਮਹਿਲਾ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਪੀੜਤਾ ਅਨੁਸਾਰ ਉਹ ਮੂਲ ਰੂਪ ਵਿੱਚ ਮਾਲਵਾ ਖੇਤਰ ਨਾਲ ਸਬੰਧਤ ਹੈ ਅਤੇ ਪਿਛਲੇ ਕਰੀਬ ਢਾਈ ਦਹਾਕਿਆਂ ਤੋਂ ਬਹਿਰੀਨ ਵਿੱਚ ਰਹਿ ਰਹੀ ਹੈ।
ਸ਼ਿਕਾਇਤ ਮੁਤਾਬਕ, ਧਾਰਮਿਕ ਦਰਸ਼ਨਾਂ ਲਈ ਸ੍ਰੀ ਆਨੰਦਪੁਰ ਸਾਹਿਬ ਪਹੁੰਚਣ ਦੌਰਾਨ ਉਸ ਦੀ ਮੁਲਾਕਾਤ ਅਮਰਜੀਤ ਸਿੰਘ ਚਾਵਲਾ ਨਾਲ ਹੋਈ। ਮਹਿਲਾ ਨੇ ਦੋਸ਼ ਲਾਇਆ ਕਿ ਇਸ ਦੌਰਾਨ ਉਸ ਨਾਲ ਜਬਰ-ਜਨਾਹ ਕੀਤਾ ਗਿਆ।
ਦਰਜ ਸ਼ਿਕਾਇਤ ਅਨੁਸਾਰ, ਇਸੇ ਸਾਲ 27 ਫਰਵਰੀ ਤੋਂ 19 ਅਗਸਤ ਦਰਮਿਆਨ ਉਸ ਨੂੰ ਵੱਖ-ਵੱਖ ਸਰਾਂਵਾਂ ਅਤੇ ਕਮਰਿਆਂ ਵਿੱਚ ਕਥਿਤ ਤੌਰ ’ਤੇ ਜ਼ਬਰਦਸਤੀ ਰੱਖਿਆ ਗਿਆ ਅਤੇ ਵਾਰ-ਵਾਰ ਸਰੀਰਕ ਸ਼ੋਸ਼ਣ ਕੀਤਾ ਗਿਆ।
ਪੀੜਤਾ ਨੇ ਦੋਸ਼ ਲਾਇਆ ਕਿ ਵਿਰੋਧ ਕਰਨ ’ਤੇ ਉਸ ਨੂੰ ਡਰਾਇਆ-ਧਮਕਾਇਆ ਗਿਆ। ਇਸ ਸਥਿਤੀ ਤੋਂ ਪਰੇਸ਼ਾਨ ਹੋ ਕੇ ਉਸ ਨੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਹਾਲਾਂਕਿ, ਇੱਕ ਸੇਵਾਦਾਰ ਦੀ ਚੌਕਸੀ ਕਾਰਨ ਉਸ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਇਆ ਗਿਆ, ਜਿਸ ਨਾਲ ਉਸ ਦੀ ਜਾਨ ਬਚ ਗਈ।
ਪੁਲੀਸ ਕੋਲ ਜਾਣ ਤੋਂ ਪਹਿਲਾਂ ਧਾਰਮਿਕ ਸ਼ਖ਼ਸੀਅਤਾਂ ਕੋਲ ਲਾਈ ਸੀ ਗੁਹਾਰ
ਪੀੜਤਾ ਦਾ ਕਹਿਣਾ ਹੈ ਕਿ ਪੁਲੀਸ ਕੋਲ ਸ਼ਿਕਾਇਤ ਕਰਨ ਤੋਂ ਪਹਿਲਾਂ ਉਸ ਨੇ ਇਨਸਾਫ਼ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਸਮੇਤ ਕਈ ਧਾਰਮਿਕ ਸ਼ਖ਼ਸੀਅਤਾਂ ਤੱਕ ਪਹੁੰਚ ਕੀਤੀ ਸੀ।
ਉਸ ਮੁਤਾਬਕ, ਉੱਥੋਂ ਕੋਈ ਸੁਣਵਾਈ ਨਾ ਹੋਣ ਮਗਰੋਂ ਉਸ ਨੇ ਪੁਲੀਸ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਦਰਜ ਕਰਵਾਈ।
ਹੁਣ ਸ੍ਰੀ ਆਨੰਦਪੁਰ ਸਾਹਿਬ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਦੇ ਨਾਲ-ਨਾਲ ਅਮਰਜੀਤ ਸਿੰਘ ਚਾਵਲਾ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ। ਐਤਵਾਰ ਨੂੰ ਲੁਧਿਆਣਾ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਕੀਤੀ ਗਈ ਛਾਪੇਮਾਰੀ ਇਸੇ ਕਾਰਵਾਈ ਦਾ ਹਿੱਸਾ ਦੱਸੀ ਜਾ ਰਹੀ ਹੈ।
