ਵਿਦਿਆਰਥਣਾਂ ਦੀ ਸੁਰੱਖਿਆ ਸਬੰਧੀ ਯੂਨੀਵਰਸਿਟੀਆਂ ਤੋਂ ਵਿਸਥਾਰਤ ਰਿਪੋਰਟ ਅਤੇ ਐੱਫਆਈਆਰ ਦੀਆਂ ਕਾਪੀਆਂ ਤਲਬ
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ.ਪੀ.ਯੂ.) ਅਤੇ ਚਿਤਕਾਰਾ ਯੂਨੀਵਰਸਿਟੀ ਵਿੱਚ ਹਾਲ ਹੀ ਵਿੱਚ ਵਾਪਰੀਆਂ ਘਟਨਾਵਾਂ ਦਾ ਖੁਦ ਨੋਟਿਸ ਲਿਆ ਹੈ। ਕਮਿਸ਼ਨ ਵੱਲੋਂ ਦੋਵੇਂ ਮਾਮਲਿਆਂ ਸਬੰਧੀ ਵਿਸਥਾਰਤ ਰਿਪੋਰਟ ਤਲਬ ਕੀਤੀ ਗਈ ਹੈ।
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਦੋਵੇਂ ਯੂਨੀਵਰਸਿਟੀਆਂ ਦੇ ਕੈਂਪਸਾਂ ਵਿੱਚ ਵਿਦਿਆਰਥੀਆਂ, ਖਾਸ ਕਰਕੇ ਵਿਦਿਆਰਥਣਾਂ ਦੀ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਮੰਗੀ ਗਈ ਹੈ। ਇਸ ਦੇ ਨਾਲ ਹੀ ਯੂਨੀਵਰਸਿਟੀਆਂ ਵਿੱਚ ਵਾਪਰੀਆਂ ਘਟਨਾਵਾਂ ਸਬੰਧੀ ਸਪੱਸ਼ਟੀਕਰਨ ਅਤੇ ਪੰਜਾਬ ਪੁਲੀਸ ਵੱਲੋਂ ਦਰਜ ਕੀਤੇ ਗਏ ਪੁਲੀਸ ਕੇਸਾਂ ਦੇ ਵੇਰਵੇ ਵੀ ਤਲਬ ਕੀਤੇ ਗਏ ਹਨ।
ਕਮਿਸ਼ਨ ਵੱਲੋਂ ਸਬੰਧਤ ਮਾਮਲਿਆਂ ਵਿੱਚ ਦਰਜ ਐੱਫਆਈਆਰਜ਼ ਦੀਆਂ ਕਾਪੀਆਂ ਵੀ ਮੰਗੀਆਂ ਗਈਆਂ ਹਨ। ਕਮਿਸ਼ਨ ਨੇ ਇਨ੍ਹਾਂ ਘਟਨਾਵਾਂ ਨਾਲ ਜੁੜੇ ਤੱਥਾਂ ਅਤੇ ਹੁਣ ਤੱਕ ਕੀਤੀ ਗਈ ਕਾਰਵਾਈ ਬਾਰੇ ਵਿਸਥਾਰਤ ਜਾਣਕਾਰੀ ਹਾਸਲ ਕਰਨ ਲਈ ਇਹ ਕਦਮ ਚੁੱਕਿਆ ਹੈ।
ਰਾਜ ਲਾਲੀ ਗਿੱਲ ਨੇ ਕਿਹਾ ਕਿ ਇਨ੍ਹਾਂ ਮਾਮਲਿਆਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਕਮਿਸ਼ਨ ਦੀ ਤਰਜੀਹ ਹੈ ਅਤੇ ਵਿਦਿਆਰਥਣਾਂ ਦੀ ਸੁਰੱਖਿਆ ਤੇ ਮਾਣ-ਸਨਮਾਨ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਕਮਿਸ਼ਨ ਵੱਲੋਂ ਇਹ ਕਾਰਵਾਈ ਦੋਵੇਂ ਪ੍ਰਾਈਵੇਟ ਯੂਨੀਵਰਸਿਟੀਆਂ ਵਿੱਚ ਥੋੜ੍ਹੇ ਸਮੇਂ ਦੇ ਅੰਤਰ ਨਾਲ ਸਾਹਮਣੇ ਆਏ ਘਟਨਾਕ੍ਰਮ ਤੋਂ ਬਾਅਦ ਕੀਤੀ ਗਈ ਹੈ। ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੇ ਲਾਪਤਾ ਹੋਣ ਸਬੰਧੀ ਚਰਚਾ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ, ਜਦਕਿ ਐੱਲ.ਪੀ.ਯੂ. ਦੇ ਹੋਸਟਲ ਵਿੱਚ ਇੱਕ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਦੇ ਦੋਸ਼ਾਂ ਤੋਂ ਬਾਅਦ ਕੈਂਪਸ ਵਿੱਚ ਵਿਰੋਧ ਪ੍ਰਦਰਸ਼ਨ ਹੋਏ।
ਐੱਲ.ਪੀ.ਯੂ. ਵਿੱਚ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੌਰਾਨ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਸੀ, ਜਦੋਂ ਪੁਲੀਸ ਅਤੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਵਿਚਕਾਰ ਟਕਰਾਅ ਹੋਇਆ। ਕੈਂਪਸ ਵਿੱਚ ਅੱਗਜ਼ਨੀ, ਪੱਥਰਬਾਜ਼ੀ ਅਤੇ ਭੰਨਤੋੜ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਸਨ।
ਇਸ ਦੌਰਾਨ ਪੰਜਾਬ ਪੁਲੀਸ ਵੱਲੋਂ ਐੱਲ.ਪੀ.ਯੂ. ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕਥਿਤ ਜਬਰ-ਜਨਾਹ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਐੱਫਆਈਆਰ ਵੀ ਦਰਜ ਕੀਤੀ ਗਈ ਹੈ। ਪੁਲੀਸ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਮਾਮਲੇ ਸਬੰਧੀ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਐੱਲ.ਪੀ.ਯੂ. ਵਿੱਚ ਬਣੀ ਸਥਿਤੀ ਦੇ ਮੱਦੇਨਜ਼ਰ ਡੀ.ਜੀ.ਪੀ. ਗੌਰਵ ਯਾਦਵ ਨੇ ਵੀ ਯੂਨੀਵਰਸਿਟੀ ਦਾ ਦੌਰਾ ਕਰਕੇ ਘਟਨਾਕ੍ਰਮ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ। ਪੁਲੀਸ ਵੱਲੋਂ ਕੈਂਪਸ ਵਿੱਚ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਗਏ ਹਨ।
ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਦੋਵੇਂ ਯੂਨੀਵਰਸਿਟੀਆਂ ਤੋਂ ਰਿਪੋਰਟ ਅਤੇ ਸਬੰਧਤ ਦਸਤਾਵੇਜ਼ ਤਲਬ ਕੀਤੇ ਜਾਣ ਤੋਂ ਬਾਅਦ ਹੁਣ ਇਨ੍ਹਾਂ ਘਟਨਾਵਾਂ ਨਾਲ ਜੁੜੇ ਤੱਥਾਂ, ਵਿਦਿਆਰਥੀਆਂ ਦੀ ਸੁਰੱਖਿਆ ਲਈ ਕੀਤੇ ਪ੍ਰਬੰਧਾਂ ਅਤੇ ਪੁਲੀਸ ਵੱਲੋਂ ਕੀਤੀ ਗਈ ਕਾਰਵਾਈ ਸਬੰਧੀ ਜਾਣਕਾਰੀ ਕਮਿਸ਼ਨ ਦੇ ਸਾਹਮਣੇ ਆਵੇਗੀ।




