ਅਮਰੀਕੀ ਸਫ਼ੀਰ ਨਾਲ ਮੁਲਾਕਾਤ ਦੌਰਾਨ ਪੰਜਾਬ ਤੇ ਸਿੱਖਾਂ ਨਾਲ ਜੁੜੇ ਮੁੱਦਿਆਂ ’ਤੇ ਹੋਈ ਗੱਲਬਾਤ; ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਮਾਮਲੇ ’ਚ ਦੋਵੇਂ 
ਕਮੇਟੀਆਂ ਵਿਚਾਲੇ ਤਾਲਮੇਲ ’ਤੇ ਜ਼ੋਰ

ਅੰਮ੍ਰਿਤਸਰ — ਪੰਜਾਬ ਦੀਆਂ ਨਿੱਜੀ ਯੂਨੀਵਰਸਿਟੀਆਂ ਵਿੱਚ ਹਾਲ ਹੀ ਵਿੱਚ ਵਾਪਰੀਆਂ ਹਿੰਸਕ ਘਟਨਾਵਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਹਿੰਸਾ, ਭੰਨਤੋੜ ਅਤੇ ਲੁੱਟ-ਖੋਹ ਪੰਜਾਬ ਦਾ ਖਾਸਾ ਨਹੀਂ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਦੀ ਮੁਕੰਮਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਪੰਜਾਬ ਵਿੱਚ ਅਜਿਹਾ ਮਾਹੌਲ ਪੈਦਾ ਕਰਨ ਵਾਲੇ ਲੋਕ ਕੌਣ ਹਨ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਇਹ ਪ੍ਰਗਟਾਵਾ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਅਮਰੀਕਾ ਦੇ ਸਫ਼ੀਰ ਨਾਲ ਮੁਲਾਕਾਤ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਅਮਰੀਕਾ ਦੇ ਸਫ਼ੀਰ ਨਾਲ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਹੋਈ ਹੈ। ਇਸ ਦੌਰਾਨ ਸਫ਼ੀਰ ਵੱਲੋਂ ਉਨ੍ਹਾਂ ਨੂੰ ਅਮਰੀਕਾ ਆਉਣ ਦਾ ਸੱਦਾ ਵੀ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਅਮਰੀਕਾ ਅਤੇ ਸਿੱਖਾਂ ਵਿਚਾਲੇ ਪੁਰਾਣਾ ਅਤੇ ਗੂੜ੍ਹਾ ਸਬੰਧ ਰਿਹਾ ਹੈ। ਉਨ੍ਹਾਂ ਇਸ ਸਬੰਧ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇਂ ਉਨ੍ਹਾਂ ਦੀ ਫ਼ੌਜ ਵਿੱਚ ਦੋ ਅਮਰੀਕੀ ਅਧਿਕਾਰੀ ਉੱਚ ਅਹੁਦਿਆਂ ’ਤੇ ਰਹੇ ਹਨ।
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਦੇ ਮਾਮਲੇ ਸਬੰਧੀ ਸਰਕਾਰ ਵੱਲੋਂ ਆਪਣੀ ਸੱਤ ਮੈਂਬਰੀ ਕਮੇਟੀ ਨਾਲ ਕੀਤੀ ਗਈ ਮੀਟਿੰਗ ਬਾਰੇ ਪੁੱਛੇ ਜਾਣ ’ਤੇ ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਹਿਲਾਂ ਹੀ ਪੰਜ ਮੈਂਬਰੀ ਸਿੱਖ ਵਿਦਵਾਨਾਂ ਦੀ ਕਮੇਟੀ ਬਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਨਾਲ ਤਾਲਮੇਲ ਕਰੇਗੀ, ਤਾਂ ਹੀ ਇਹ ਮਾਮਲਾ ਅੱਗੇ ਵਧ ਸਕੇਗਾ।
ਨਿੱਜੀ ਯੂਨੀਵਰਸਿਟੀਆਂ ਵਿੱਚ ਵਾਪਰੀਆਂ ਹਿੰਸਕ ਘਟਨਾਵਾਂ ਦਾ ਜ਼ਿਕਰ ਕਰਦਿਆਂ ਜਥੇਦਾਰ ਨੇ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਵੀ ਵੱਡੇ ਪੱਧਰ ’ਤੇ ਵਿਦਿਆਰਥੀ ਸੰਘਰਸ਼ ਹੁੰਦੇ ਰਹੇ ਹਨ। ਪੰਜਾਬੀ ਵਿਦਿਆਰਥੀਆਂ ਨੇ ਆਪਣੇ ਸੰਘਰਸ਼ਾਂ ਦੌਰਾਨ ਕਦੇ ਵੀ ਅਜਿਹਾ ਰੋਸ ਪ੍ਰਦਰਸ਼ਨ ਨਹੀਂ ਕੀਤਾ, ਜਿਸ ਵਿੱਚ ਇਸ ਤਰ੍ਹਾਂ ਭੰਨਤੋੜ ਅਤੇ ਲੁੱਟ-ਖੋਹ ਕੀਤੀ ਗਈ ਹੋਵੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਦਿਆਰਥੀਆਂ ਨੇ ਕਦੇ ਗੱਡੀਆਂ ਨਹੀਂ ਭੰਨੀਆਂ ਅਤੇ ਨਾ ਹੀ ਯੂਨੀਵਰਸਿਟੀਆਂ ਨੂੰ ਸਾੜਨ ਜਾਂ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਵਰਗੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਹਾਲੀਆ ਘਟਨਾਵਾਂ ਨੂੰ ਦੇਖਦਿਆਂ ਇਹ ਪਤਾ ਲਗਾਉਣਾ ਜ਼ਰੂਰੀ ਹੈ ਕਿ ਪੰਜਾਬ ਵਿੱਚ ਅਜਿਹਾ ਮਾਹੌਲ ਕੌਣ ਪੈਦਾ ਕਰ ਰਿਹਾ ਹੈ।
ਉਨ੍ਹਾਂ ਯੂਨੀਵਰਸਿਟੀ ਪ੍ਰਸ਼ਾਸਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਮਾਹੌਲ ਨੂੰ ਸ਼ਾਂਤ ਕਰਨ ਅਤੇ ਸ਼ਾਂਤੀ ਬਣਾਈ ਰੱਖਣ ਲਈ ਲੋੜੀਂਦੇ ਯਤਨ ਕਰਨ।