Google search engine
Home Punjab News ਵਿਦਿਆਰਥੀ ਰੋਸ ਮਗਰੋਂ ਪੁਲੀਸ ਚੌਕਸ, ਅਫ਼ਵਾਹਾਂ ਰੋਕਣ ਲਈ ਵਿਦਿਅਕ ਅਦਾਰਿਆਂ ਨਾਲ ਤਾਲਮੇਲ

ਵਿਦਿਆਰਥੀ ਰੋਸ ਮਗਰੋਂ ਪੁਲੀਸ ਚੌਕਸ, ਅਫ਼ਵਾਹਾਂ ਰੋਕਣ ਲਈ ਵਿਦਿਅਕ ਅਦਾਰਿਆਂ ਨਾਲ ਤਾਲਮੇਲ

ਚਿਤਕਾਰਾ, ਐੱਲਪੀਯੂ ਅਤੇ ਸਰਕਾਰੀ ਕਾਲਜ ’ਚ ਪ੍ਰਦਰਸ਼ਨਾਂ ਤੋਂ ਬਾਅਦ ਪੁਲੀਸ ਦੀ ਨਿਗਰਾਨੀ ਵਧੀ; ਡੀਆਈਜੀ ਤੇ ਐੱਸਐੱਸਪੀ ਨੇ ਯੂਨੀਵਰਸਿਟੀ ਪ੍ਰਬੰਧਕਾਂ ਨਾਲ ਕੀਤੀਆਂ ਬੈਠਕਾਂ

ਪੰਜਾਬ ਦੇ ਵੱਖ-ਵੱਖ ਵਿਦਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਅਤੇ ਸਮਾਜਿਕ ਮੀਡੀਆ ’ਤੇ ਫੈਲ ਰਹੀਆਂ ਅਫ਼ਵਾਹਾਂ ਨੂੰ ਦੇਖਦਿਆਂ ਪੁਲੀਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਚੌਕਸੀ ਵਧਾ ਦਿੱਤੀ ਹੈ। ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲੀਸ ਵੱਲੋਂ ਵਿਦਿਅਕ ਅਦਾਰਿਆਂ ਦੇ ਪ੍ਰਬੰਧਕਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ।

ਪੁਲੀਸ ਨੇ ਅਦਾਰਿਆਂ ਦੇ ਪ੍ਰਬੰਧਕਾਂ ਨੂੰ ਆਪਸੀ ਤਾਲਮੇਲ ਅਤੇ ਸੰਚਾਰ ਪ੍ਰਣਾਲੀ ਹੋਰ ਮਜ਼ਬੂਤ ਕਰਨ ਦੀ ਸਲਾਹ ਦਿੱਤੀ ਹੈ, ਤਾਂ ਜੋ ਕੈਂਪਸ ਨਾਲ ਜੁੜੀ ਕਿਸੇ ਵੀ ਘਟਨਾ ਜਾਂ ਅਫ਼ਵਾਹ ਬਾਰੇ ਸਮੇਂ ਸਿਰ ਸਹੀ ਜਾਣਕਾਰੀ ਸਾਂਝੀ ਕੀਤੀ ਜਾ ਸਕੇ।

ਚਿਤਕਾਰਾ ਯੂਨੀਵਰਸਿਟੀ ਬਨੂੜ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਅਤੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਮੁਹਾਲੀ ਵਿੱਚ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ ਕੀਤੇ ਗਏ ਹਨ। ਇਨ੍ਹਾਂ ਘਟਨਾਵਾਂ ਤੋਂ ਬਾਅਦ ਪੁਲੀਸ ਨੇ ਵਿਦਿਅਕ ਅਦਾਰਿਆਂ ਦੀ ਸੁਰੱਖਿਆ ਅਤੇ ਵਿਦਿਆਰਥੀਆਂ ਨਾਲ ਸਬੰਧਤ ਮਾਮਲਿਆਂ ’ਤੇ ਨਿਗਰਾਨੀ ਵਧਾਈ ਹੈ।

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿੱਚ ਅਜਿਹੀ ਕੋਈ ਘਟਨਾ ਸਾਹਮਣੇ ਨਾ ਆਉਣ ਦੇ ਬਾਵਜੂਦ ਚੌਕਸੀ ਵਜੋਂ ਰੋਪੜ ਰੇਂਜ ਦੇ ਡੀਆਈਜੀ ਨਾਨਕ ਸਿੰਘ ਅਤੇ ਮੁਹਾਲੀ ਦੇ ਐੱਸਐੱਸਪੀ ਵਰੁਣ ਸ਼ਰਮਾ ਨੇ ਸੋਮਵਾਰ ਨੂੰ ਯੂਨੀਵਰਸਿਟੀ ਪ੍ਰਬੰਧਕਾਂ ਨਾਲ ਵਿਸ਼ੇਸ਼ ਬੈਠਕ ਕੀਤੀ।

ਮੁਹਾਲੀ ਪੁਲੀਸ ਮੁਤਾਬਕ ਬੈਠਕ ਦਾ ਮੁੱਖ ਉਦੇਸ਼ ਕੈਂਪਸ ਦਾ ਮਾਹੌਲ ਸੁਰੱਖਿਅਤ ਬਣਾਈ ਰੱਖਣਾ, ਵਿਦਿਆਰਥੀਆਂ ਦੀ ਭਲਾਈ ਯਕੀਨੀ ਕਰਨਾ ਅਤੇ ਪੁਲੀਸ ਤੇ ਯੂਨੀਵਰਸਿਟੀ ਪ੍ਰਬੰਧਨ ਵਿਚਕਾਰ ਤਾਲਮੇਲ ਹੋਰ ਮਜ਼ਬੂਤ ਕਰਨਾ ਸੀ। ਪੁਲੀਸ ਨੇ ਅਦਾਰੇ ਦੇ ਪ੍ਰਬੰਧਕਾਂ ਨਾਲ ਸੁਰੱਖਿਆ ਪ੍ਰਬੰਧਾਂ ਅਤੇ ਕਿਸੇ ਵੀ ਸੰਭਾਵੀ ਸਥਿਤੀ ਨਾਲ ਨਜਿੱਠਣ ਸਬੰਧੀ ਵਿਚਾਰ-ਵਟਾਂਦਰਾ ਕੀਤਾ।

ਚਿਤਕਾਰਾ ਯੂਨੀਵਰਸਿਟੀ ’ਚ ਵਿਦਿਆਰਥੀ ਦੀ ਮੌਤ ਦੀ ਅਫ਼ਵਾਹ ਨਾਲ ਹੰਗਾਮਾ

ਬਨੂੜ ਨੇੜੇ ਚਿਤਕਾਰਾ ਯੂਨੀਵਰਸਿਟੀ ਵਿੱਚ ਇੱਕ ਵਿਦਿਆਰਥੀ ਦੀ ਮੌਤ ਹੋਣ ਦੀ ਅਫ਼ਵਾਹ ਤੋਂ ਬਾਅਦ ਦੋ ਦਿਨ ਤੱਕ ਹੰਗਾਮੇ ਵਾਲੀ ਸਥਿਤੀ ਬਣੀ ਰਹੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪਟਿਆਲਾ ਰੇਂਜ ਦੇ ਡੀਆਈਜੀ ਕੁਲਦੀਪ ਚਹਿਲ ਖ਼ੁਦ ਯੂਨੀਵਰਸਿਟੀ ਪਹੁੰਚੇ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।

ਯੂਨੀਵਰਸਿਟੀ ਪ੍ਰਬੰਧਨ ਨੇ ਸਪੱਸ਼ਟ ਕੀਤਾ ਕਿ ਕੈਂਪਸ ਵਿੱਚ ਕਿਸੇ ਵੀ ਵਿਦਿਆਰਥੀ ਦੀ ਮੌਤ ਨਹੀਂ ਹੋਈ। ਪ੍ਰਬੰਧਕਾਂ ਵੱਲੋਂ ਅਫ਼ਵਾਹਾਂ ਫੈਲਾਉਣ ਵਾਲਿਆਂ ਦੀ ਪਛਾਣ ਅਤੇ ਮਾਮਲੇ ਦੀ ਜਾਂਚ ਕੀਤੇ ਜਾਣ ਦੀ ਗੱਲ ਵੀ ਕਹੀ ਗਈ ਹੈ। ਇਸ ਘਟਨਾ ਤੋਂ ਬਾਅਦ ਪੁਲੀਸ ਅਤੇ ਯੂਨੀਵਰਸਿਟੀ ਪ੍ਰਬੰਧਨ ਵੱਲੋਂ ਵਿਦਿਆਰਥੀਆਂ ਨੂੰ ਸਹੀ ਜਾਣਕਾਰੀ ’ਤੇ ਭਰੋਸਾ ਕਰਨ ਦੀ ਅਪੀਲ ਕੀਤੀ ਗਈ।

ਡੀਐੱਮਸੀ ਨਾ ਮਿਲਣ ’ਤੇ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਦਾ ਧਰਨਾ

ਇਸੇ ਦੌਰਾਨ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਮੁਹਾਲੀ ਦੇ ਬੀਕੌਮ ਪੰਜਵੇਂ ਸਮੈਸਟਰ ਦੇ ਵਿਦਿਆਰਥੀਆਂ ਨੇ ਵੀ ਧਰਨਾ ਦਿੱਤਾ। ਵਿਦਿਆਰਥੀਆਂ ਦਾ ਮੁੱਦਾ ਪਿਛਲੇ ਦੋ ਸਾਲਾਂ ਤੋਂ ਡਿਟੇਲਡ ਮਾਰਕਲਿਸਟ ਨਾ ਮਿਲਣ ਨਾਲ ਸਬੰਧਤ ਸੀ।

ਵਿਦਿਆਰਥੀਆਂ ਵੱਲੋਂ ਅਚਾਨਕ ਧਰਨਾ ਦਿੱਤੇ ਜਾਣ ਅਤੇ ਵਿਰੋਧ ਵਧਣ ਤੋਂ ਬਾਅਦ ਪੁਲੀਸ ਵੱਲੋਂ ਕਿਹਾ ਗਿਆ ਕਿ ਜੇਕਰ ਕਿਸੇ ਵਿਦਿਆਰਥੀ ਦੀ ਸ਼ਿਕਾਇਤ ਅਦਾਰੇ ਦੇ ਪੱਧਰ ’ਤੇ ਹੱਲ ਨਹੀਂ ਹੁੰਦੀ ਤਾਂ ਉਹ ਸਬੰਧਤ ਥਾਣਾ ਮੁਖੀ ਨਾਲ ਸੰਪਰਕ ਕਰ ਸਕਦਾ ਹੈ। ਪੁਲੀਸ ਨੇ ਵਿਦਿਆਰਥੀਆਂ ਨਾਲ ਜੁੜੇ ਮਾਮਲਿਆਂ ਨੂੰ ਸਮੇਂ ਸਿਰ ਹੱਲ ਕਰਨ ਲਈ ਅਦਾਰਿਆਂ ਨਾਲ ਤਾਲਮੇਲ ਬਣਾਈ ਰੱਖਣ ’ਤੇ ਵੀ ਜ਼ੋਰ ਦਿੱਤਾ।

ਨਕਲੀ ਕਰੰਸੀ ਵਾਲੀ ਵਾਇਰਲ ਵੀਡੀਓ ਬਾਰੇ ਵੀ ਸਪੱਸ਼ਟੀਕਰਨ

ਮੁਹਾਲੀ ਪੁਲੀਸ ਨੇ ਏਅਰਪੋਰਟ ਰੋਡ ’ਤੇ ਸੈਕਟਰ 71-77 ਦੇ ਚੌਂਕ ਨਾਲ ਸਬੰਧਤ ਇੱਕ ਵਾਇਰਲ ਵੀਡੀਓ ਬਾਰੇ ਵੀ ਸਥਿਤੀ ਸਪੱਸ਼ਟ ਕੀਤੀ ਹੈ। ਵੀਡੀਓ ਵਿੱਚ ਨਕਲੀ ਭਾਰਤੀ ਅਤੇ ਵਿਦੇਸ਼ੀ ਕਰੰਸੀ ਉਡਾਉਣ ਦੀ ਗੱਲ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਸਨ।

ਪੁਲੀਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਅਪੁਸ਼ਟ ਜਾਣਕਾਰੀਆਂ ਅਤੇ ਅਫ਼ਵਾਹਾਂ ’ਤੇ ਭਰੋਸਾ ਨਾ ਕਰਨ। ਪੁਲੀਸ ਅਤੇ ਵਿਦਿਅਕ ਅਦਾਰਿਆਂ ਵੱਲੋਂ ਆਪਸੀ ਸੰਚਾਰ ਅਤੇ ਤਾਲਮੇਲ ਰਾਹੀਂ ਸਹੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਅਤੇ ਕੈਂਪਸਾਂ ਵਿੱਚ ਸ਼ਾਂਤਮਈ ਮਾਹੌਲ ਬਣਾਈ ਰੱਖਣ ’ਤੇ ਧਿਆਨ ਦਿੱਤਾ ਜਾ ਰਿਹਾ ਹੈ।

Exit mobile version