ਐੱਸ.ਆਈ.ਟੀ. ਨੇ ਦੋਵਾਂ ਨੂੰ ਪੁੱਛਗਿੱਛ ਲਈ ਕੀਤਾ ਤਲਬ; ਪਹਿਲੀ ਵਾਰ ਇਕੱਠੇ ਬਿਠਾ ਕੇ ਪੁੱਛਗਿੱਛ ਹੋਣ ਦੀ ਸੰਭਾਵਨਾ
6,000 ਕਰੋੜ ਰੁਪਏ ਦੇ ਡਰੱਗ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਇਸੇ ਮਾਮਲੇ ਵਿੱਚ ਡਰੱਗ ਰੈਕੇਟ ਦੇ ਮੁੱਖ ਦੋਸ਼ੀ ਜਗਦੀਸ਼ ਭੋਲਾ ਨੂੰ ਵੀ ਉਸੇ ਦਿਨ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਾਂਚ ਟੀਮ ਵੱਲੋਂ ਪਹਿਲੀ ਵਾਰ ਬਿਕਰਮ ਸਿੰਘ ਮਜੀਠੀਆ ਅਤੇ ਜਗਦੀਸ਼ ਭੋਲਾ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾ ਸਕਦੀ ਹੈ। ਐੱਸ.ਆਈ.ਟੀ. ਵੱਲੋਂ ਦੋਵਾਂ ਤੋਂ ਮਾਮਲੇ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਹਾਸਲ ਕੀਤੇ ਜਾਣ ਦੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਦਾ ਨਾਂ ਸਭ ਤੋਂ ਪਹਿਲਾਂ 2013-14 ਦੇ ਜਗਦੀਸ਼ ਭੋਲਾ ਡਰੱਗ ਰੈਕੇਟ ਮਾਮਲੇ ਵਿੱਚ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਐੱਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਕੀਤੀ ਗਈ ਜਾਂਚ ਦੌਰਾਨ ਇਸ ਮਨੀ ਲਾਂਡਰਿੰਗ ਅਤੇ ਡਰੱਗ ਰੈਕੇਟ ਦੇ ਨੈੱਟਵਰਕ ਨੂੰ 6,000 ਕਰੋੜ ਰੁਪਏ ਤੱਕ ਦਾ ਦੱਸਿਆ ਗਿਆ ਸੀ।
ਇਸ ਮਾਮਲੇ ਵਿੱਚ 2014 ਦੌਰਾਨ ਜਗਦੀਸ਼ ਭੋਲਾ ਵੱਲੋਂ ਬਿਕਰਮ ਸਿੰਘ ਮਜੀਠੀਆ ਦਾ ਨਾਂ ਲਏ ਜਾਣ ਦੀ ਗੱਲ ਸਾਹਮਣੇ ਆਈ ਸੀ। ਇਸ ਤੋਂ ਬਾਅਦ ਮਾਮਲੇ ਦੀ ਜਾਂਚ ਵੱਖ-ਵੱਖ ਪੱਧਰਾਂ ’ਤੇ ਅੱਗੇ ਵਧੀ।
ਪੰਜਾਬ ਪੁਲੀਸ ਨੇ ਐਂਟੀ-ਡਰੱਗ ਸਪੈਸ਼ਲ ਟਾਸਕ ਫੋਰਸ ਦੀ 2018 ਦੀ ਰਿਪੋਰਟ ਵਿੱਚ ਕੀਤੀ ਗਈ ਸਿਫ਼ਾਰਸ਼ ਦੇ ਆਧਾਰ ’ਤੇ ਦਸੰਬਰ 2021 ਵਿੱਚ ਬਿਕਰਮ ਸਿੰਘ ਮਜੀਠੀਆ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਸੀ। ਹੁਣ ਇਸੇ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਐੱਸ.ਆਈ.ਟੀ. ਨੇ ਮਜੀਠੀਆ ਅਤੇ ਜਗਦੀਸ਼ ਭੋਲਾ ਨੂੰ 5 ਅਕਤੂਬਰ ਨੂੰ ਤਲਬ ਕੀਤਾ ਹੈ।




