HomeGlobalਪੰਜਾਬੀ ਟਰੱਕ ਡਰਾਈਵਰਾਂ ਦੀਆਂ ਸਮੱਸਿਆਵਾਂ ਅਮਰੀਕੀ ਟਰਾਂਸਪੋਰਟ ਸਕੱਤਰ ਅੱਗੇ ਉਠਾਈਆਂ

ਪੰਜਾਬੀ ਟਰੱਕ ਡਰਾਈਵਰਾਂ ਦੀਆਂ ਸਮੱਸਿਆਵਾਂ ਅਮਰੀਕੀ ਟਰਾਂਸਪੋਰਟ ਸਕੱਤਰ ਅੱਗੇ ਉਠਾਈਆਂ

ਦਰਸ਼ਨ ਸਿੰਘ ਧਾਲੀਵਾਲ ਤੇ ਚਰਨਜੀਤ ਸਿੰਘ ਧਾਲੀਵਾਲ ਨੇ ਪੰਜਾਬੀ ਭਾਈਚਾਰੇ ਦੇ ਟਰਾਂਸਪੋਰਟ ਖੇਤਰ ਵਿੱਚ ਯੋਗਦਾਨ ਅਤੇ ਨਿਯਮਾਂ ਨਾਲ ਜੁੜੀਆਂ ਚੁਣੌਤੀਆਂ ਬਾਰੇ ਕੀਤੀ ਚਰਚਾ

ਅਮਰੀਕਾ ਦੇ ਟਰਾਂਸਪੋਰਟ ਸਕੱਤਰ ਸੀਨ ਡਫੀ ਨੇ ਮਿਲਵਾਕੀ ਨੇੜੇ ਮੇਕੁਓਨ ਵਿਖੇ ਉੱਘੇ ਪੰਜਾਬੀ-ਅਮਰੀਕੀ ਕਾਰੋਬਾਰੀ ਦਰਸ਼ਨ ਸਿੰਘ ਧਾਲੀਵਾਲ ਦੀ ਰਿਹਾਇਸ਼ ’ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦਰਸ਼ਨ ਸਿੰਘ ਧਾਲੀਵਾਲ ਅਤੇ ਉਨ੍ਹਾਂ ਦੇ ਛੋਟੇ ਭਰਾ ਚਰਨਜੀਤ ਸਿੰਘ ਧਾਲੀਵਾਲ, ਜੋ ਪੰਜਾਬ ਸਾਈਕਲਿੰਗ ਐਸੋਸੀਏਸ਼ਨ ਦੇ ਪ੍ਰਧਾਨ ਹਨ, ਨੇ ਅਮਰੀਕੀ ਟਰਾਂਸਪੋਰਟ ਸਕੱਤਰ ਦਾ ਨਿੱਘਾ ਸਵਾਗਤ ਕੀਤਾ।

ਮੁਲਾਕਾਤ ਦੌਰਾਨ ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰਾਂ, ਟਰਾਂਸਪੋਰਟ ਆਪਰੇਟਰਾਂ ਅਤੇ ਇਸ ਖੇਤਰ ਨਾਲ ਜੁੜੇ ਕਾਰੋਬਾਰਾਂ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਧਾਲੀਵਾਲ ਭਰਾਵਾਂ ਨੇ ਅਮਰੀਕੀ ਟਰਾਂਸਪੋਰਟ ਖੇਤਰ ਵਿੱਚ ਪੰਜਾਬੀ ਭਾਈਚਾਰੇ ਦੇ ਵੱਡੇ ਯੋਗਦਾਨ ਬਾਰੇ ਅਮਰੀਕੀ ਟਰਾਂਸਪੋਰਟ ਸਕੱਤਰ ਨੂੰ ਜਾਣੂ ਕਰਵਾਇਆ।

ਉਨ੍ਹਾਂ ਨੇ ਟਰੱਕਿੰਗ ਕਾਰੋਬਾਰ ਨਾਲ ਸਬੰਧਤ ਸਖ਼ਤ ਨਿਯਮਾਂ, ਰੋਜ਼ਾਨਾ ਦੇ ਕੰਮਕਾਜ ਅਤੇ ਕਾਰੋਬਾਰ ਨੂੰ ਦਰਪੇਸ਼ ਮੁਸ਼ਕਲਾਂ ਵੱਲ ਵੀ ਸਕੱਤਰ ਦਾ ਧਿਆਨ ਦਿਵਾਇਆ। ਧਾਲੀਵਾਲ ਭਰਾਵਾਂ ਨੇ ਕਿਹਾ ਕਿ ਪੰਜਾਬੀ ਭਾਈਚਾਰੇ ਦੇ ਬਹੁਤ ਸਾਰੇ ਲੋਕ ਟਰੱਕਿੰਗ ਅਤੇ ਟਰਾਂਸਪੋਰਟ ਖੇਤਰ ਨਾਲ ਸਿੱਧੇ ਜਾਂ ਅਸਿੱਧੇ ਤੌਰ ’ਤੇ ਜੁੜੇ ਹੋਏ ਹਨ ਅਤੇ ਇਸ ਖੇਤਰ ਤੋਂ ਵੱਡੀ ਗਿਣਤੀ ਪੰਜਾਬੀ ਪਰਿਵਾਰਾਂ ਦੀ ਰੋਜ਼ੀ-ਰੋਟੀ ਚੱਲਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬੀ ਟਰੱਕ ਡਰਾਈਵਰਾਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਅਮਰੀਕੀ ਅਰਥਵਿਵਸਥਾ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਇਸ ਲਈ ਟਰਾਂਸਪੋਰਟ ਸਬੰਧੀ ਨੀਤੀਆਂ ਅਤੇ ਨਿਯਮ ਤੈਅ ਕਰਦੇ ਸਮੇਂ ਡਰਾਈਵਰਾਂ ਅਤੇ ਟਰਾਂਸਪੋਰਟ ਕਾਰੋਬਾਰ ਨਾਲ ਜੁੜੇ ਲੋਕਾਂ ਦੀਆਂ ਜ਼ਮੀਨੀ ਲੋੜਾਂ ਅਤੇ ਚਿੰਤਾਵਾਂ ਨੂੰ ਵੀ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ।

ਇਸ ਗੱਲਬਾਤ ਦਾ ਇੱਕ ਉਦੇਸ਼ ਪੰਜਾਬੀ ਭਾਈਚਾਰੇ ਅਤੇ ਅਮਰੀਕੀ ਪ੍ਰਸ਼ਾਸਨ ਵਿਚਕਾਰ ਸਿੱਧੇ ਸੰਪਰਕ ਨੂੰ ਹੋਰ ਮਜ਼ਬੂਤ ਕਰਨਾ ਵੀ ਰਿਹਾ, ਤਾਂ ਜੋ ਟਰੱਕ ਡਰਾਈਵਰਾਂ ਅਤੇ ਟਰਾਂਸਪੋਰਟ ਕਾਰੋਬਾਰ ਨਾਲ ਸਬੰਧਤ ਸਮੱਸਿਆਵਾਂ ਨੂੰ ਉੱਚ ਸੰਘੀ ਪੱਧਰ ’ਤੇ ਪਹੁੰਚਾਇਆ ਜਾ ਸਕੇ ਅਤੇ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ।

ਇਹ ਮੁਲਾਕਾਤ ਪੰਜਾਬ ਦੇ ਪੱਖੋਂ ਵੀ ਮਹੱਤਵਪੂਰਨ ਮੰਨੀ ਜਾ ਰਹੀ ਹੈ, ਕਿਉਂਕਿ ਪੰਜਾਬ ਦੇ ਬਹੁਤ ਸਾਰੇ ਪਰਿਵਾਰਾਂ ਦੇ ਜੀਅ ਅਮਰੀਕਾ ਦੀ ਟਰੱਕਿੰਗ ਸਨਅਤ ਵਿੱਚ ਕੰਮ ਕਰ ਰਹੇ ਹਨ। ਅਜਿਹੇ ਵਿੱਚ ਉਨ੍ਹਾਂ ਨੂੰ ਦਰਪੇਸ਼ ਰੋਜ਼ਾਨਾ ਦੀਆਂ ਮੁਸ਼ਕਲਾਂ ਅਤੇ ਕਾਰੋਬਾਰੀ ਚੁਣੌਤੀਆਂ ਨੂੰ ਸਿੱਧੇ ਤੌਰ ’ਤੇ ਅਮਰੀਕੀ ਸਰਕਾਰ ਦੇ ਉੱਚ ਅਧਿਕਾਰੀ ਸਾਹਮਣੇ ਰੱਖਣ ਦਾ ਮੌਕਾ ਮਿਲਿਆ।

ਜ਼ਿਕਰਯੋਗ ਹੈ ਕਿ ਦਰਸ਼ਨ ਸਿੰਘ ਧਾਲੀਵਾਲ ਅਤੇ ਉਨ੍ਹਾਂ ਦੇ ਪਰਿਵਾਰ ਨੇ ਅਮਰੀਕਾ ਵਿੱਚ ਵੱਡੇ ਕਾਰੋਬਾਰ ਸਥਾਪਿਤ ਕੀਤੇ ਹਨ। ਧਾਲੀਵਾਲ ਭਰਾਵਾਂ ਦੇ ਕਾਰੋਬਾਰ ਵਿੱਚ ਸੈਂਕੜੇ ਗੈਸ ਸਟੇਸ਼ਨ ਵੀ ਸ਼ਾਮਲ ਹਨ। ਇਹ ਪਰਿਵਾਰ ਸਮਾਜ ਸੇਵਾ ਦੇ ਖੇਤਰ ਵਿੱਚ ਵੀ ਸਰਗਰਮ ਰਿਹਾ ਹੈ।

ਦਰਸ਼ਨ ਸਿੰਘ ਧਾਲੀਵਾਲ ਦੇ ਭਰਾ ਸੁਰਜੀਤ ਸਿੰਘ ਰੱਖੜਾ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਹਿ ਚੁੱਕੇ ਹਨ। ਉਹ ਮੌਜੂਦਾ ਸਮੇਂ ਸਮਾਣਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਵਜੋਂ ਜਨਤਕ ਜੀਵਨ ਵਿੱਚ ਸਰਗਰਮ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments