Google search engine
Home Punjab News ਸੀਬੀਆਈ ਜਾਂਚ ਦੇ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਜਾਵੇਗੀ ਪੰਜਾਬ...

ਸੀਬੀਆਈ ਜਾਂਚ ਦੇ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਜਾਵੇਗੀ ਪੰਜਾਬ ਸਰਕਾਰ

ਸਰਕਾਰੀ ਬਦਲੀਆਂ ਤੇ ਪੋਸਟਿੰਗਾਂ ਵਿੱਚ ਕਥਿਤ ਲੈਣ-ਦੇਣ ਦੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਹੁਕਮਾਂ ਦਾ ਵਿਰੋਧ ਕਰੇਗੀ ਪੰਜਾਬ ਸਰਕਾਰ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਰਕਾਰੀ ਬਦਲੀਆਂ, ਪੋਸਟਿੰਗਾਂ ਅਤੇ ਹੋਰ ਲੈਣ-ਦੇਣ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪਣ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣ ਦਾ ਫ਼ੈਸਲਾ ਕੀਤਾ ਹੈ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੁਰਾਣੀਆਂ ਸਰਕਾਰਾਂ ਵੱਲੋਂ ਪਹਿਲਾਂ ਹੀ ਸੀਬੀਆਈ ਦੇ ਸਿੱਧੇ ਦਖ਼ਲ ਉੱਤੇ ਰੋਕ ਲਗਾਈ ਹੋਈ ਹੈ। ਇਸੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ ਅਤੇ ਸੀਬੀਆਈ ਜਾਂਚ ਦਾ ਵਿਰੋਧ ਕੀਤਾ ਜਾਵੇਗਾ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਕਾਨੂੰਨੀ ਰਾਹ ਅਖ਼ਤਿਆਰ ਕਰੇਗੀ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਸੀਬੀਆਈ ਦੇ ਸਿੱਧੇ ਦਖ਼ਲ ਸਬੰਧੀ ਪਹਿਲਾਂ ਤੋਂ ਲਾਗੂ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਸੁਪਰੀਮ ਕੋਰਟ ਤੱਕ ਪਹੁੰਚ ਕਰੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਵਿੱਚ ਸਰਕਾਰੀ ਬਦਲੀਆਂ ਅਤੇ ਪੋਸਟਿੰਗਾਂ ਵਿੱਚ ਕਥਿਤ ਲੈਣ-ਦੇਣ ਸਮੇਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਦੀ ਲੋੜ ’ਤੇ ਜ਼ੋਰ ਦਿੱਤਾ।

ਇਹ ਮਾਮਲਾ ਪਟੀਸ਼ਨਕਰਤਾ ਨਿਖਿਲ ਸਰਾਫ਼ ਵੱਲੋਂ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਪਟੀਸ਼ਨ ਨਾਲ ਸਬੰਧਤ ਹੈ। ਪਟੀਸ਼ਨ ਵਿੱਚ ਸਰਕਾਰੀ ਅਹੁਦਿਆਂ ’ਤੇ ਤਾਇਨਾਤ ਵਿਅਕਤੀਆਂ ਅਤੇ ਸਰਕਾਰੀ ਉੱਚ ਅਧਿਕਾਰੀਆਂ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਗਏ ਸਨ। ਇਸ ਤੋਂ ਇਲਾਵਾ ਮੁੱਖ ਮੰਤਰੀ ਦਫ਼ਤਰ ਨਾਲ ਸਬੰਧਤ ਕੁਝ ਵਿਅਕਤੀਆਂ ’ਤੇ ਵੀ ਉਂਗਲ ਉਠਾਈ ਗਈ ਸੀ।

ਇਸ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਵੀ ਪੰਜਾਬ ਦੇ ਡੀਜੀਪੀ ਨੂੰ ਤਿੰਨ ਪੱਤਰ ਲਿਖ ਕੇ ਸਰਕਾਰੀ ਬਦਲੀਆਂ, ਤਾਇਨਾਤੀਆਂ ਅਤੇ ਹੋਰ ਲੈਣ-ਦੇਣ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਸਬੰਧੀ ਜਾਣਕਾਰੀ ਦਿੱਤੀ ਗਈ ਸੀ।

ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੇ ਮਾਮਲੇ ਦੀ ਸੁਣਵਾਈ ਦੌਰਾਨ ਕਿਹਾ ਕਿ ਇਸ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਬੈਂਚ ਨੇ ਕਿਹਾ ਕਿ ਮਾਮਲੇ ਵਿੱਚ ਪੰਜਾਬ ਪੁਲੀਸ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਸੰਤੁਸ਼ਟੀਜਨਕ ਨਹੀਂ ਰਹੀ।

ਇਸ ਤੋਂ ਬਾਅਦ ਹਾਈ ਕੋਰਟ ਨੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਹੁਕਮ ਜਾਰੀ ਕੀਤੇ। ਅਦਾਲਤ ਨੇ ਕਿਹਾ ਕਿ ਸੀਬੀਆਈ ਐੱਫ਼ਆਈਆਰ ਦਰਜ ਕਰਕੇ ਮਾਮਲੇ ਦੀ ਤੁਰੰਤ ਜਾਂਚ ਸ਼ੁਰੂ ਕਰੇਗੀ।

ਹਾਈ ਕੋਰਟ ਨੇ ਸੀਬੀਆਈ ਨੂੰ ਜਾਂਚ ਮੁਕੰਮਲ ਕਰਕੇ ਦੋ ਮਹੀਨਿਆਂ ਦੇ ਅੰਦਰ ਜਾਂਚ ਰਿਪੋਰਟ ਪੇਸ਼ ਕਰਨ ਦੇ ਵੀ ਹੁਕਮ ਦਿੱਤੇ ਹਨ। ਇਸ ਫ਼ੈਸਲੇ ਤੋਂ ਬਾਅਦ ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਉਹ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇਗੀ।

Exit mobile version