ਸਿੱਖਿਆ ਰਾਹੀਂ ਨੌਜਵਾਨ ਪੀੜ੍ਹੀ ਦਾ ਸੁਨਹਿਰੀ ਭਵਿੱਖ ਸਿਰਜਣਾ ਸਾਡਾ ਮੁੱਖ ਉਦੇਸ਼ : ਬਲਦੇਵ ਸਿੰਘ ਬਾਠ

ਵੱਖ-ਵੱਖ ਖੇਤਰਾਂ ਦੀਆਂ ਨਾਮਵਰ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ, ਹੁਣ ਤੱਕ 146 ਵਿਦਿਆਰਥੀਆਂ ਨੂੰ ਦਿੱਤੀ ਜਾ ਚੁੱਕੀ ਹੈ 3 ਲੱਖ 60 ਹਜ਼ਾਰ ਡਾਲਰ ਦੀ ਸਹਾਇਤਾ
ਸਰੀ ( ਮਹੇਸ਼ਇੰਦਰ ਸਿੰਘ ਮਾਂਗਟ ) — ਕੈਨੇਡਾ ਦੇ ਉੱਘੇ ਪੰਜਾਬੀ ਕਾਰੋਬਾਰੀ ਅਤੇ ਸਮਾਜ ਸੇਵੀ ਸ. ਬਲਦੇਵ ਸਿੰਘ ਬਾਠ ਦੀ ਅਗਵਾਈ ਹੇਠ ਬਸੰਤ ਮੋਟਰਜ਼ ਸਰੀ ਵੱਲੋਂ ਆਪਣਾ 35ਵਾਂ ਸਾਲਾਨਾ ਸਕਾਲਰਸ਼ਿਪ ਵੰਡ ਸਮਾਗਮ ਬੜੇ ਉਤਸ਼ਾਹ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਇਆ ਗਿਆ। ਬਸੰਤ ਮੋਟਰਜ਼ ਦੇ ਵਿਹੜੇ ਵਿੱਚ ਆਯੋਜਿਤ ਇਸ ਸਮਾਗਮ ਦੌਰਾਨ ਵੱਖ-ਵੱਖ ਭਾਈਚਾਰਿਆਂ ਨਾਲ ਸਬੰਧਤ ਹੋਣਹਾਰ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਉਤਸ਼ਾਹਿਤ ਕਰਦਿਆਂ ਕੁੱਲ 35 ਹਜ਼ਾਰ ਡਾਲਰ ਦੇ ਵਜ਼ੀਫ਼ੇ ਪ੍ਰਦਾਨ ਕੀਤੇ ਗਏ।
ਸਮਾਗਮ ਦੀ ਸ਼ੁਰੂਆਤ ਨੌਜਵਾਨ ਗਾਇਕ ਪੰਮਾ ਸੁਰਖਪੁਰੀਆ ਵੱਲੋਂ ਪੇਸ਼ ਕੀਤੇ ਗਏ ਧਾਰਮਿਕ ਗੀਤ ਨਾਲ ਹੋਈ। ਇਸ ਉਪਰੰਤ ਮਿਸਟਰ ਮਿਕਸ ਵੱਲੋਂ ਕੈਨੇਡਾ ਦਾ ਕੌਮੀ ਗੀਤ ‘ਓ ਕੈਨੇਡਾ’ ਪੇਸ਼ ਕੀਤਾ ਗਿਆ।
ਇਸ ਮੌਕੇ ਵੱਖ-ਵੱਖ ਭਾਈਚਾਰਿਆਂ ਦੇ ਵਿਦਿਆਰਥੀ-ਵਿਦਿਆਰਥਣਾਂ ਨੂੰ ਸਕਾਲਰਸ਼ਿਪ ਸਰਟੀਫਿਕੇਟ ਪ੍ਰਦਾਨ ਕਰਨ ਦੀ ਰਸਮ ਵਿੱਚ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਦੇ ਸਾਬਕਾ ਮੈਂਬਰ ਰਾਏ ਅਜ਼ੀਜ਼ ਉੱਲਾ ਖਾਨ, ਪ੍ਰਸਿੱਧ ਰੇਡੀਓ ਹੋਸਟ ਹਰਜਿੰਦਰ ਸਿੰਘ ਥਿੰਦ, ਪ੍ਰੋਫੈਸਰ ਕਸ਼ਮੀਰਾ ਸਿੰਘ, ਸੁੱਚਾ ਸਿੰਘ ਕਲੇਰ, ਬੀ.ਐੱਸ. ਘੁੰਮਣ, ਡਾ. ਸਟਾਲਨਜੀਤ ਸਿੰਘ ਗਿੱਲ, ਜਤਿੰਦਰ ਸਿੰਘ ਜੇ. ਮਿਨਹਾਸ ਅਤੇ ਰੇਡੀਓ ਹੋਸਟ ਵਿਜੇ ਸੈਣੀ ਸਮੇਤ ਹੋਰ ਪਤਵੰਤੀਆਂ ਨੇ ਵਿਸ਼ੇਸ਼ ਭੂਮਿਕਾ ਨਿਭਾਈ।
ਇਕੱਠ ਨੂੰ ਸੰਬੋਧਨ ਕਰਦਿਆਂ ਬਸੰਤ ਮੋਟਰਜ਼ ਦੇ ਮੁਖੀ ਸ. ਬਲਦੇਵ ਸਿੰਘ ਬਾਠ ਨੇ ਸਕਾਲਰਸ਼ਿਪ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦਾ ਮਜ਼ਬੂਤ ਆਧਾਰ ਹੁੰਦੀ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖਿਆ ਦੇ ਖੇਤਰ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕਰਨਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।
ਉਨ੍ਹਾਂ ਕਿਹਾ ਕਿ ਬਸੰਤ ਮੋਟਰਜ਼ ਵੱਲੋਂ ਪਿਛਲੇ 35 ਸਾਲਾਂ ਤੋਂ ਚਲਾਈ ਜਾ ਰਹੀ ਸਕਾਲਰਸ਼ਿਪ ਯੋਜਨਾ ਦਾ ਮੁੱਖ ਮਕਸਦ ਹੋਣਹਾਰ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਨਾ ਅਤੇ ਉਨ੍ਹਾਂ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਲਈ ਆਰਥਿਕ ਸਹਿਯੋਗ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ 35ਵੇਂ ਸਮਾਗਮ ਮੌਕੇ 35 ਹਜ਼ਾਰ ਡਾਲਰ ਦੇ ਵਜ਼ੀਫ਼ੇ ਵੰਡ ਕੇ ਉਹ ਖੁਦ ਵੀ ਮਾਣ ਅਤੇ ਸੰਤੁਸ਼ਟੀ ਮਹਿਸੂਸ ਕਰ ਰਹੇ ਹਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਠ ਨੇ ਦੱਸਿਆ ਕਿ ਬਸੰਤ ਮੋਟਰਜ਼ ਵੱਲੋਂ ਹੁਣ ਤੱਕ ਕੁੱਲ 146 ਵਿਦਿਆਰਥੀ-ਵਿਦਿਆਰਥਣਾਂ ਨੂੰ ਸਕਾਲਰਸ਼ਿਪ ਯੋਜਨਾ ਤਹਿਤ 3 ਲੱਖ 60 ਹਜ਼ਾਰ ਡਾਲਰ ਦੀ ਰਾਸ਼ੀ ਪ੍ਰਦਾਨ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਕੇਵਲ ਆਰਥਿਕ ਸਹਾਇਤਾ ਤੱਕ ਸੀਮਤ ਨਹੀਂ, ਸਗੋਂ ਨੌਜਵਾਨਾਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨ ਅਤੇ ਉਨ੍ਹਾਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਪ੍ਰੇਰਿਤ ਕਰਨ ਦਾ ਇੱਕ ਯਤਨ ਵੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਬਸੰਤ ਮੋਟਰਜ਼ ਵੱਲੋਂ ਇਸ ਸੇਵਾ ਦਾ ਘੇਰਾ ਹੋਰ ਵਿਸ਼ਾਲ ਕਰਨ ਦੇ ਮਕਸਦ ਨਾਲ ਆਉਂਦੇ ਨਵੰਬਰ ਮਹੀਨੇ ਦੌਰਾਨ ਪੰਜਾਬ ਵਿੱਚ ਵੀ ਇਸੇ ਤਰ੍ਹਾਂ ਦਾ ਸਕਾਲਰਸ਼ਿਪ ਵੰਡ ਸਮਾਗਮ ਕਰਵਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਸ. ਬਾਠ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਪ੍ਰਦਾਨ ਕਰਨਾ ਅਤੇ ਸਿੱਖਿਆ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਸੰਸਥਾ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਬਸੰਤ ਮੋਟਰਜ਼ ਵੱਲੋਂ ਸਮਾਜ ਸੇਵਾ ਅਤੇ ਸਿੱਖਿਆ ਨੂੰ ਉਤਸ਼ਾਹਿਤ ਕਰਨ ਦਾ ਇਹ ਸਿਲਸਿਲਾ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰੱਖਿਆ ਜਾਵੇਗਾ।
ਇਸ ਸਮਾਗਮ ਵਿੱਚ ਸਰੀ ਦੀ ਮੇਅਰ ਉਮੀਦਵਾਰ ਲਿੰਡਾ ਐਨਿਸ, ਐੱਨ.ਡੀ.ਪੀ. ਉਮੀਦਵਾਰ ਸਾਹਿਬ ਸਿੰਘ ਥਿੰਦ, ਕੁਲਵਿੰਦਰ ਸੰਘੇੜਾ, ਗੁਰਜੰਟ ਸਿੰਘ ਸੰਧੂ, ਅੰਗਰੇਜ਼ ਸਿੰਘ ਬਰਾੜ, ਸੁਰਜੀਤ ਸਿੰਘ ਮਾਧੋਪੁਰੀ ਅਤੇ ਕੈਲ ਦੋਸਾਂਝ ਸਮੇਤ ਵੱਖ-ਵੱਖ ਖੇਤਰਾਂ ਨਾਲ ਸਬੰਧਤ ਨਾਮਵਰ ਸ਼ਖ਼ਸੀਅਤਾਂ, ਸਮਾਜ ਸੇਵੀਆਂ ਅਤੇ ਭਾਈਚਾਰੇ ਦੇ ਪਤਵੰਤਿਆਂ ਨੇ ਸ਼ਿਰਕਤ ਕੀਤੀ।
ਸਮਾਗਮ ਦੇ ਅੰਤ ਵਿੱਚ ਸ. ਬਲਦੇਵ ਸਿੰਘ ਬਾਠ ਨੇ ਸਮੂਹ ਮਹਿਮਾਨਾਂ, ਸਹਿਯੋਗੀਆਂ ਅਤੇ ਹਾਜ਼ਰ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮਾਜ ਦੇ ਸਹਿਯੋਗ ਨਾਲ ਸਿੱਖਿਆ ਅਤੇ ਮਨੁੱਖਤਾ ਦੀ ਸੇਵਾ ਲਈ ਕੀਤੇ ਜਾ ਰਹੇ ਅਜਿਹੇ ਉਪਰਾਲੇ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਬਣਦੇ ਰਹਿਣਗੇ।