ਸਰਕਾਰੀ ਵਿਭਾਗਾਂ ਤੋਂ 2500 ਕਰੋੜ ਰੁਪਏ ਤੋਂ ਵੱਧ ਦੇ ਬਕਾਇਆ ਬਿਜਲੀ ਬਿੱਲਾਂ ਦੀ ਵਸੂਲੀ ਲਈ ਯਤਨ ਤੇਜ਼
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ (ਸੀਐੱਮਡੀ) ਦਾ ਅਹੁਦਾ ਸੰਭਾਲਣ ਤੋਂ ਬਾਅਦ ਗੁਰਕਿਰਤ ਕਿਰਪਾਲ ਸਿੰਘ ਨੇ ਕਿਹਾ ਹੈ ਕਿ ਸੂਬੇ ਵਿੱਚ ਬਿਜਲੀ ਦੀ ਲਗਾਤਾਰ ਵਧ ਰਹੀ ਮੰਗ ਨੂੰ ਪੂਰਾ ਕਰਨ ਅਤੇ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਟਰਾਂਸਮਿਸ਼ਨ ਸਮਰੱਥਾ ਨੂੰ ਮਜ਼ਬੂਤ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਵਿਭਾਗਾਂ ਵੱਲ ਬਕਾਇਆ 2500 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲਾਂ ਦੀ ਵਸੂਲੀ ਲਈ ਵੀ ਯਤਨ ਤੇਜ਼ ਕਰ ਦਿੱਤੇ ਗਏ ਹਨ।
ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਰਸਮੀ ਗੱਲਬਾਤ ਦੌਰਾਨ ਗੁਰਕਿਰਤ ਕਿਰਪਾਲ ਸਿੰਘ ਨੇ ਕਿਹਾ ਕਿ ਪੀਐੱਸਪੀਸੀਐੱਲ ਦਾ ਧਿਆਨ ਸਿਰਫ਼ ਬਿਜਲੀ ਉਤਪਾਦਨ ਵਧਾਉਣ ਤੱਕ ਸੀਮਤ ਨਹੀਂ ਰਹੇਗਾ, ਸਗੋਂ ਬਿਜਲੀ ਦੇ ਟਰਾਂਸਮਿਸ਼ਨ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਵੀ ਵੱਡੇ ਪੱਧਰ ’ਤੇ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਜ਼ਬੂਤ ਟਰਾਂਸਮਿਸ਼ਨ ਪ੍ਰਣਾਲੀ ਗਰਿੱਡ ਦੀ ਸਥਿਰਤਾ ਬਣਾਈ ਰੱਖਣ ਅਤੇ ਉਪਲਬਧ ਬਿਜਲੀ ਨੂੰ ਖਪਤਕਾਰਾਂ ਤੱਕ ਸੁਚੱਜੇ ਢੰਗ ਨਾਲ ਪਹੁੰਚਾਉਣ ਲਈ ਬੇਹੱਦ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਇਸ ਵਾਰ ਝੋਨੇ ਦੇ ਸੀਜ਼ਨ ਦੌਰਾਨ ਪੰਜਾਬ ਵਿੱਚ ਬਿਜਲੀ ਦੀ ਮੰਗ ਨੇ ਰਿਕਾਰਡ ਪੱਧਰ ਨੂੰ ਛੂਹਿਆ। ਸੂਬੇ ਵਿੱਚ ਬਿਜਲੀ ਦੀ ਮੰਗ 17,500 ਮੈਗਾਵਾਟ ਦੇ ਸਰਵਉੱਚ ਪੱਧਰ ਤੱਕ ਪਹੁੰਚ ਗਈ, ਜਦਕਿ ਕਈ ਦਿਨਾਂ ਤੱਕ ਇਹ ਮੰਗ 16,500 ਮੈਗਾਵਾਟ ਤੋਂ ਉੱਪਰ ਬਣੀ ਰਹੀ। ਵਧੀ ਹੋਈ ਮੰਗ ਨੂੰ ਦੇਖਦਿਆਂ ਬਿਜਲੀ ਪ੍ਰਣਾਲੀ ਦੀ ਸਮਰੱਥਾ ਨੂੰ ਭਵਿੱਖ ਦੀਆਂ ਲੋੜਾਂ ਮੁਤਾਬਕ ਤਿਆਰ ਕਰਨਾ ਜ਼ਰੂਰੀ ਹੈ।
ਸੀਐੱਮਡੀ ਨੇ ਕਿਹਾ ਕਿ ਹਾਲ ਹੀ ਦੇ ਸਮੇਂ ਵਿੱਚ ਬਿਜਲੀ ਦੀ ਮੰਗ ਵਿੱਚ ਵਾਧਾ ਸਿਰਫ਼ ਪੰਜਾਬ ਤੱਕ ਸੀਮਤ ਨਹੀਂ ਰਿਹਾ, ਸਗੋਂ ਦੇਸ਼ ਦੇ ਕਈ ਹਿੱਸਿਆਂ ਵਿੱਚ ਬਿਜਲੀ ਪ੍ਰਣਾਲੀ ’ਤੇ ਵਾਧੂ ਦਬਾਅ ਦੇਖਣ ਨੂੰ ਮਿਲਿਆ। ਉਨ੍ਹਾਂ ਮੁਤਾਬਕ ਬਦਲੇ ਹੋਏ ਮੌਸਮੀ ਹਾਲਾਤ ਅਤੇ ਤਾਪਮਾਨ ਵਿੱਚ ਵਾਧੇ ਕਾਰਨ ਬਿਜਲੀ ਦੀ ਮੰਗ ਵਿੱਚ ਅਚਾਨਕ ਇਜ਼ਾਫ਼ਾ ਹੋਇਆ, ਜਿਸ ਨਾਲ ਦੇਸ਼ ਭਰ ਵਿੱਚ ਮੰਗ ਅਤੇ ਸਪਲਾਈ ਦੇ ਪ੍ਰਬੰਧਨ ’ਤੇ ਅਸਰ ਪਿਆ।
ਉਨ੍ਹਾਂ ਕਿਹਾ ਕਿ ਇਸ ਸਥਿਤੀ ਨੂੰ ਸਿਰਫ਼ ਪੰਜਾਬ ਦੇ ਸੰਦਰਭ ਵਿੱਚ ਦੇਖਣਾ ਠੀਕ ਨਹੀਂ ਹੋਵੇਗਾ। ਪੀਐੱਸਪੀਸੀਐੱਲ ਦਾ ਮੁੱਖ ਉਦੇਸ਼ ਮੰਗ ਦੇ ਅਨੁਸਾਰ ਬਿਜਲੀ ਉਤਪਾਦਨ, ਟਰਾਂਸਮਿਸ਼ਨ ਅਤੇ ਵੰਡ ਪ੍ਰਣਾਲੀ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਹੈ, ਤਾਂ ਜੋ ਆਉਣ ਵਾਲੇ ਸਮੇਂ ਵਿੱਚ ਵਧਦੀ ਮੰਗ ਦੇ ਬਾਵਜੂਦ ਖਪਤਕਾਰਾਂ ਨੂੰ ਭਰੋਸੇਯੋਗ ਅਤੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਸਕੇ।
ਸਰਕਾਰੀ ਵਿਭਾਗਾਂ ਵੱਲੋਂ ਬਕਾਇਆ ਬਿਜਲੀ ਬਿੱਲਾਂ ਬਾਰੇ ਗੱਲ ਕਰਦਿਆਂ ਗੁਰਕਿਰਤ ਕਿਰਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਵਿਭਾਗਾਂ ਵੱਲ 2500 ਕਰੋੜ ਰੁਪਏ ਤੋਂ ਵੱਧ ਦੀ ਰਕਮ ਬਕਾਇਆ ਚੱਲ ਰਹੀ ਹੈ। ਇਸ ਰਕਮ ਦੀ ਵਸੂਲੀ ਲਈ ਯਤਨ ਤੇਜ਼ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਬਕਾਇਆ ਰਕਮ ਦੀ ਸਮੇਂ ਸਿਰ ਵਸੂਲੀ ਨਾਲ ਪੀਐੱਸਪੀਸੀਐੱਲ ਦੀ ਵਿੱਤੀ ਸਥਿਤੀ ਨੂੰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ ਅਤੇ ਬਿਜਲੀ ਪ੍ਰਣਾਲੀ ਨਾਲ ਸਬੰਧਤ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੱਤੀ ਜਾ ਸਕੇਗੀ।
ਪੈਨਸ਼ਨਰਾਂ ਦੇ ਮਸਲਿਆਂ ਸਬੰਧੀ ਸੀਐੱਮਡੀ ਨੇ ਕਿਹਾ ਕਿ ਪੈਨਸ਼ਨਰ ਪੀਐੱਸਪੀਸੀਐੱਲ ਪਰਿਵਾਰ ਦਾ ਅਹਿਮ ਹਿੱਸਾ ਹਨ। ਉਨ੍ਹਾਂ ਦੀਆਂ ਜਾਇਜ਼ ਸ਼ਿਕਾਇਤਾਂ ਅਤੇ ਮਸਲਿਆਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਕਾਰਪੋਰੇਸ਼ਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਪੈਨਸ਼ਨਰਾਂ ਨਾਲ ਸਬੰਧਤ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਣ ਅਤੇ ਜਾਇਜ਼ ਸ਼ਿਕਾਇਤਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਗੁਰਕਿਰਤ ਕਿਰਪਾਲ ਸਿੰਘ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜੇਕਰ ਕਿਸੇ ਖਪਤਕਾਰ ਦੀ ਸਮੱਸਿਆ ਮੀਡੀਆ ਰਾਹੀਂ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਸਿਰਫ਼ ਇੱਕ ਖ਼ਬਰ ਸਮਝ ਕੇ ਨਜ਼ਰਅੰਦਾਜ਼ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਜਿਹੀ ਜਾਣਕਾਰੀ ਨੂੰ ਸਮੱਸਿਆ ਦੇ ਹੱਲ ਲਈ ਇੱਕ ਮੌਕੇ ਵਜੋਂ ਲਿਆ ਜਾਣਾ ਚਾਹੀਦਾ ਹੈ ਅਤੇ ਸਬੰਧਤ ਖਪਤਕਾਰ ਦੀ ਸ਼ਿਕਾਇਤ ਦੇ ਨਿਪਟਾਰੇ ਲਈ ਤੁਰੰਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਪਾਵਰਕੌਮ ਦਾ ਮੁੱਖ ਉਦੇਸ਼ ਖਪਤਕਾਰ-ਪੱਖੀ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਦੇ ਨਾਲ ਹੀ ਵਧਦੀ ਬਿਜਲੀ ਮੰਗ ਦੇ ਮੱਦੇਨਜ਼ਰ ਟਰਾਂਸਮਿਸ਼ਨ ਅਤੇ ਵੰਡ ਢਾਂਚੇ ਨੂੰ ਮਜ਼ਬੂਤ ਕਰਨ, ਬਕਾਇਆ ਬਿਜਲੀ ਬਿੱਲਾਂ ਦੀ ਵਸੂਲੀ ਤੇਜ਼ ਕਰਨ ਅਤੇ ਖਪਤਕਾਰਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਨੂੰ ਤਰਜੀਹ ਦਿੱਤੀ ਜਾਵੇਗੀ।
