Google search engine
Home Punjab News ਬਿਮਾਰ ਦਾਦੀ ਨਾਲ ਗੱਲਬਾਤ ਲਈ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਨੇ...

ਬਿਮਾਰ ਦਾਦੀ ਨਾਲ ਗੱਲਬਾਤ ਲਈ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਨੇ ਦਿੱਤੀ 10 ਮਿੰਟ ਦੀ ਇਜਾਜ਼ਤ

ਅੰਮ੍ਰਿਤਸਰ ਦੀ ਸਥਾਨਕ ਅਦਾਲਤ ਵਿੱਚ ਦਾਇਰ ਕੀਤੀ ਪਟੀਸ਼ਨ ’ਤੇ ਹੋਈ ਸੁਣਵਾਈ; ਅੰਮ੍ਰਿਤਪਾਲ ਸਿੰਘ ਇਸ ਵੇਲੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ

ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਬਿਮਾਰ ਦਾਦੀ ਨਾਲ ਫ਼ੋਨ ’ਤੇ ਗੱਲਬਾਤ ਕਰਨ ਦੀ ਇਜਾਜ਼ਤ ਮਿਲ ਗਈ ਹੈ। ਅੰਮ੍ਰਿਤਸਰ ਦੀ ਸਥਾਨਕ ਅਦਾਲਤ ਨੇ ਉਨ੍ਹਾਂ ਵੱਲੋਂ ਦਾਇਰ ਕੀਤੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ 10 ਮਿੰਟ ਲਈ ਆਪਣੀ ਦਾਦੀ ਨਾਲ ਫ਼ੋਨ ’ਤੇ ਗੱਲ ਕਰਨ ਦੀ ਆਗਿਆ ਦਿੱਤੀ ਹੈ।

ਪਾਰਟੀ ਦੇ ਬੁਲਾਰੇ ਅਤੇ ਸੀਨੀਅਰ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਵਡੇਰੀ ਉਮਰ ਦੇ ਹਨ ਅਤੇ ਪਿਛਲੇ ਕੁਝ ਸਮੇਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਹਨ। ਉਨ੍ਹਾਂ ਨੂੰ ਹਾਲ ਹੀ ਵਿੱਚ ਅਚਾਨਕ ਤੇਜ਼ ਬੁਖ਼ਾਰ ਅਤੇ ਸਾਹ ਲੈਣ ਵਿੱਚ ਦਿੱਕਤ ਦੀ ਸਮੱਸਿਆ ਆਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

ਸ਼ਮਸ਼ੇਰ ਸਿੰਘ ਪੱਧਰੀ ਮੁਤਾਬਕ ਹਸਪਤਾਲ ਵਿੱਚ ਇਲਾਜ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਇਸ ਵੇਲੇ ਆਪਣੇ ਘਰ ਵਿੱਚ ਹਨ। ਉਨ੍ਹਾਂ ਦੀ ਵਧਦੀ ਉਮਰ ਅਤੇ ਸਿਹਤ ਸਬੰਧੀ ਸਮੱਸਿਆਵਾਂ ਨੂੰ ਦੇਖਦਿਆਂ ਅੰਮ੍ਰਿਤਪਾਲ ਸਿੰਘ ਵੱਲੋਂ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਇੱਛਾ ਪ੍ਰਗਟਾਈ ਗਈ ਸੀ।

ਪਾਰਟੀ ਆਗੂ ਅਤੇ ਜਥੇਬੰਦੀ ਦੇ ਕਾਨੂੰਨੀ ਸੈੱਲ ਦੇ ਮੈਂਬਰ ਐਡਵੋਕੇਟ ਕਰਮਵੀਰ ਸਿੰਘ ਪੰਨੂ ਨੇ ਦੱਸਿਆ ਕਿ ਇਸ ਸਬੰਧ ਵਿੱਚ ਅੰਮ੍ਰਿਤਪਾਲ ਸਿੰਘ ਵੱਲੋਂ ਸਥਾਨਕ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ਰਾਹੀਂ ਉਨ੍ਹਾਂ ਨੇ ਆਪਣੀ ਬਿਮਾਰ ਦਾਦੀ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੂੰ ਮਿਲਣ ਦੀ ਆਗਿਆ ਦੇਣ ਦੀ ਮੰਗ ਕੀਤੀ ਸੀ।

ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਅੰਮ੍ਰਿਤਪਾਲ ਸਿੰਘ ਨੂੰ ਫ਼ੋਨ ਰਾਹੀਂ ਆਪਣੀ ਦਾਦੀ ਨਾਲ 10 ਮਿੰਟ ਤੱਕ ਗੱਲਬਾਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਆਗਿਆ ਤੋਂ ਬਾਅਦ ਉਹ ਆਪਣੀ ਦਾਦੀ ਨਾਲ ਫ਼ੋਨ ’ਤੇ ਗੱਲ ਕਰ ਸਕਣਗੇ।

ਦੱਸਣਯੋਗ ਹੈ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੀ ਦਾਦੀ ਦੀ ਸਿਹਤ ਸਬੰਧੀ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਨਾਲ ਸੰਪਰਕ ਕਰਨ ਲਈ ਅਦਾਲਤ ਰਾਹੀਂ ਇਹ ਪਟੀਸ਼ਨ ਦਾਇਰ ਕੀਤੀ ਗਈ ਸੀ।

Exit mobile version