ਦੋਵਾਂ ਪਾਰਟੀਆਂ ਵੱਲੋਂ ਸੂਬੇ ਭਰ ਵਿੱਚ ਇਕ-ਦੂਜੇ ਖ਼ਿਲਾਫ਼ ਰੋਸ ਮੁਜ਼ਾਹਰੇ; ‘ਆਪ’ ਨੇ ਕੇਂਦਰ ’ਤੇ ਜਾਂਚ ਏਜੰਸੀਆਂ ਦੀ ਦੁਰਵਰਤੋਂ ਦੇ ਦੋਸ਼ ਲਾਏ, ਭਾਜਪਾ ਨੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਦਾ ਕੀਤਾ ਸਮਰਥਨ
ਪੰਜਾਬ ਵਿੱਚ ਪਹਿਲਾਂ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਹੁਣ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਛਾਪੇਮਾਰੀ ਨੂੰ ਲੈ ਕੇ ਸਿਆਸੀ ਮਾਹੌਲ ਭਖ ਗਿਆ ਹੈ। ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਕੇਂਦਰ ਵਿੱਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਇਸ ਮੁੱਦੇ ’ਤੇ ਆਹਮੋ-ਸਾਹਮਣੇ ਆ ਗਈਆਂ ਹਨ। ‘ਆਪ’ ਵੱਲੋਂ ਭਾਜਪਾ ਸਰਕਾਰ ’ਤੇ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਜਾ ਰਹੇ ਹਨ, ਜਦਕਿ ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਜਾਂਚ ਏਜੰਸੀਆਂ ਵੱਲੋਂ ਕੀਤੀ ਜਾ ਰਹੀ ਕਾਰਵਾਈ ਨਾਲ ਸੱਚ ਸਭ ਦੇ ਸਾਹਮਣੇ ਆਵੇਗਾ।
ਇਸੇ ਮੁੱਦੇ ਨੂੰ ਲੈ ਕੇ ਅੱਜ ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਵਰਕਰਾਂ ਵੱਲੋਂ ਇਕ-ਦੂਜੇ ਖ਼ਿਲਾਫ਼ ਸੂਬੇ ਭਰ ਵਿੱਚ ਰੋਸ ਮੁਜ਼ਾਹਰੇ ਕੀਤੇ ਗਏ।
ਆਮ ਆਦਮੀ ਪਾਰਟੀ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਈਡੀ ਅਤੇ ਸੀਬੀਆਈ ਵਰਗੀਆਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਉਂਦਿਆਂ ਪਟਿਆਲਾ, ਅੰਮ੍ਰਿਤਸਰ, ਲੁਧਿਆਣਾ ਅਤੇ ਬਰਨਾਲਾ ਸਮੇਤ ਵੱਖ-ਵੱਖ ਥਾਵਾਂ ’ਤੇ ਪ੍ਰਦਰਸ਼ਨ ਕੀਤੇ। ਇਨ੍ਹਾਂ ਮੁਜ਼ਾਹਰਿਆਂ ਵਿੱਚ ‘ਆਪ’ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨੇ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜੇ।
ਪਟਿਆਲਾ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਫੁਹਾਰਾ ਚੌਕ ਵਿਖੇ ਪ੍ਰਦਰਸ਼ਨ ਕੀਤਾ ਗਿਆ। ਅੰਮ੍ਰਿਤਸਰ ਵਿੱਚ ‘ਆਪ’ ਵਿਧਾਇਕਾ ਜੀਵਨ ਜੋਤ ਕੌਰ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਰੋਸ ਮੁਜ਼ਾਹਰਾ ਕੀਤਾ। ਲੁਧਿਆਣਾ ਵਿੱਚ ਵਿਧਾਇਕ ਅਸ਼ੋਕ ਪਰਾਸ਼ਰ ਅਤੇ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਹੇਠ ਪ੍ਰਦਰਸ਼ਨ ਕੀਤਾ ਗਿਆ, ਜਦਕਿ ਬਰਨਾਲਾ ਵਿੱਚ ਸੰਸਦ ਮੈਂਬਰ ਮੀਤ ਹੇਅਰ ਦੀ ਅਗਵਾਈ ਹੇਠ ‘ਆਪ’ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ।
ਭਾਜਪਾ ਵੱਲੋਂ ਜ਼ਿਲ੍ਹਾ ਪੱਧਰ ’ਤੇ ਅਰਥੀ ਫੂਕ ਮੁਜ਼ਾਹਰੇ
ਇਸ ਦੇ ਜਵਾਬ ਵਿੱਚ ਪੰਜਾਬ ਭਾਜਪਾ ਵੱਲੋਂ ਵੀ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰੇ ਕੀਤੇ ਗਏ। ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਅਤੇ ਵੱਖ-ਵੱਖ ਥਾਵਾਂ ’ਤੇ ਅਰਥੀ ਫੂਕ ਮੁਜ਼ਾਹਰੇ ਕੀਤੇ।
ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮੁਹਾਲੀ ਵਿੱਚ ਹੋਏ ਪ੍ਰਦਰਸ਼ਨ ਵਿੱਚ ਸ਼ਿਰਕਤ ਕੀਤੀ। ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਦੀ ਅਗਵਾਈ ਹੇਠ ਮੁਜ਼ਾਹਰੇ ਕੀਤੇ ਗਏ। ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਦਾ ਭ੍ਰਿਸ਼ਟਾਚਾਰ ਦਾ ਘੜਾ ਭਰ ਚੁੱਕਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲਿਆਂ ਦੀ ਜਾਂਚ ਸੀਬੀਆਈ ਨੂੰ ਸੌਂਪੇ ਜਾਣ ਨਾਲ ਇਸ ਸਬੰਧੀ ਸੱਚ ਸਾਹਮਣੇ ਆਉਣ ਦੀ ਉਮੀਦ ਵਧੀ ਹੈ।
ਭ੍ਰਿਸ਼ਟਾਚਾਰ ਮਾਮਲਿਆਂ ਦੀ ਸਮਾਂਬੱਧ ਜਾਂਚ ਹੋਵੇ: ਸੁਨੀਲ ਜਾਖੜ
ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੂਬੇ ਵਿੱਚ ਸੀਬੀਆਈ ਦੀ ਕਾਰਵਾਈ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ, ਜਦਕਿ ਪੰਜਾਬ ਵਿੱਚ ਸੀਬੀਆਈ ਵੱਲੋਂ ਕੀਤੀ ਗਈ ਕਾਰਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ’ਤੇ ਹੋਈ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਦੀ ਜਾਂਚ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾਣਾ ਚਾਹੀਦਾ ਹੈ। ਜਾਖੜ ਨੇ ਕਿਹਾ ਕਿ ਇਨ੍ਹਾਂ ਮਾਮਲਿਆਂ ਦੀ ਜਾਂਚ ਜਲਦ ਪੂਰੀ ਕਰਨ ਲਈ ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾਵੇਗੀ।
ਸੀਬੀਆਈ ਦੇ ਹੱਥ ਕੁਝ ਨਹੀਂ ਲੱਗਿਆ: ਕੁਲਦੀਪ ਧਾਲੀਵਾਲ
ਆਮ ਆਦਮੀ ਪਾਰਟੀ ਦੇ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਮੁੱਖ ਮੰਤਰੀ ਦਾ ਅਕਸ ਖਰਾਬ ਕਰਨ ਲਈ ਸੀਬੀਆਈ ਦੀ ਛਾਪੇਮਾਰੀ ਕਰਵਾਈ ਗਈ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਸੀਬੀਆਈ ਵੱਲੋਂ ਕਰੀਬ 12 ਘੰਟਿਆਂ ਤੱਕ ਛਾਪੇਮਾਰੀ ਕੀਤੀ ਗਈ, ਪਰ ਜਾਂਚ ਏਜੰਸੀ ਦੇ ਹੱਥ ਕੁਝ ਨਹੀਂ ਲੱਗਿਆ। ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਂਚ ਏਜੰਸੀਆਂ ਦੀ ਵਰਤੋਂ ਕਰਕੇ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਸੀਬੀਆਈ ਨੇ ‘ਇਮਾਨਦਾਰ ਸਰਕਾਰ’ ਦੀ ਪੋਲ ਖੋਲ੍ਹੀ: ਮਜੀਠੀਆ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਵਿੱਚ ਸੀਬੀਆਈ ਦੀ ਛਾਪੇਮਾਰੀ ਮਗਰੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ।
ਮਜੀਠੀਆ ਨੇ ਕਿਹਾ ਕਿ ਸੀਬੀਆਈ ਦੇ ਛਾਪਿਆਂ ਨੇ ਪੰਜਾਬ ਵਿੱਚ ਵੱਡੇ ਪੱਧਰ ’ਤੇ ਚੱਲ ਰਹੇ ਭ੍ਰਿਸ਼ਟਾਚਾਰ ਦੀ ਪੋਲ ਖੋਲ੍ਹ ਦਿੱਤੀ ਹੈ। ਉਨ੍ਹਾਂ ‘ਆਪ’ ਸਰਕਾਰ ਦੇ ਆਪਣੇ ਆਪ ਨੂੰ ਇਮਾਨਦਾਰ ਸਰਕਾਰ ਦੱਸਣ ਦੇ ਦਾਅਵਿਆਂ ’ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਜਾਂਚ ਏਜੰਸੀ ਦੀ ਕਾਰਵਾਈ ਨਾਲ ਸਰਕਾਰ ਦੇ ਕੰਮਕਾਜ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋਏ ਹਨ।




