HomePunjab Newsਮੈਡ ਸੰਧੂ ਕਤਲ ਕਾਂਡ: ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਗ੍ਰਿਫ਼ਤਾਰ

ਮੈਡ ਸੰਧੂ ਕਤਲ ਕਾਂਡ: ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਪੁਲੀਸ ਨੇ ਗੁਜਰਾਤ ਪੁਲੀਸ ਨਾਲ ਮਿਲ ਕੇ ਕੀਤੀ ਕਾਰਵਾਈ; QR ਸਕੈਨਰ ਰਾਹੀਂ ਮੁੱਖ ਮੁਲਜ਼ਮ ਦੀ ਲੋਕੇਸ਼ਨ ਹੋਈ ਟਰੇਸ

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਗੁਜਰਾਤ ਪੁਲੀਸ ਨਾਲ ਸਾਂਝੇ ਅਪਰੇਸ਼ਨ ਦੌਰਾਨ ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੇ ਕਤਲ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕਰਦਿਆਂ ਮੁੱਖ ਸ਼ੂਟਰ ਸਮੇਤ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਨੁਸਾਰ ਇਸ ਕਾਰਵਾਈ ਦੌਰਾਨ ਕਤਲ ਦੀ ਸਾਜ਼ਿਸ਼ ਅਤੇ ਮੁਲਜ਼ਮਾਂ ਦੀ ਭੂਮਿਕਾ ਨਾਲ ਸਬੰਧਤ ਅਹਿਮ ਜਾਣਕਾਰੀ ਵੀ ਸਾਹਮਣੇ ਆਈ ਹੈ।

ਜ਼ਿਕਰਯੋਗ ਹੈ ਕਿ 3 ਅਕਤੂਬਰ ਦੀ ਸ਼ਾਮ ਨੂੰ ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਗੋਲੀ ਮਾਰ ਕੇ ਮੈਡ ਸੰਧੂ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਸਬੰਧੀ ਥਾਣਾ ਕੈਂਟ, ਅੰਮ੍ਰਿਤਸਰ ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਘਟਨਾ ਤੋਂ ਬਾਅਦ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਸੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਰਮਿੰਦਰ ਸਿੰਘ ਉਰਫ਼ ਕਾਕਾ ਵਾਸੀ ਲੋਹੀਆਂ ਖ਼ਾਸ, ਜਲੰਧਰ ਦਿਹਾਤੀ, ਅਮਨਦੀਪ ਸਿੰਘ ਵਾਸੀ ਤਾਸ਼ਪੁਰ, ਕਪੂਰਥਲਾ, ਪਰਮਵੀਰ ਸਿੰਘ ਵਾਸੀ ਲੋਹੀਆਂ ਖ਼ਾਸ, ਜਲੰਧਰ ਦਿਹਾਤੀ, ਬਲਜਿੰਦਰ ਸਿੰਘ ਉਰਫ਼ ਲਾਲੀ ਵਾਸੀ ਪਿੰਡ ਦਿਲਾਵਰਪੁਰ, ਤਰਨਤਾਰਨ, ਬਲਰਾਜ ਸਿੰਘ ਉਰਫ਼ ਬੰਟੀ ਵਾਸੀ ਖਲਚੀਆਂ, ਅੰਮ੍ਰਿਤਸਰ ਦਿਹਾਤੀ ਅਤੇ ਵਿਕਾਸ ਸਿੰਘ ਵਾਸੀ ਖਲਚੀਆਂ, ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ।

ਪੱਤਰਕਾਰ ਸੰਮੇਲਨ ਦੌਰਾਨ ਪੁਲੀਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਵਿੱਚ ਮੁੱਖ ਸ਼ੂਟਰ ਅਤੇ ਮੁੱਖ ਮੁਲਜ਼ਮ ਪਰਮਿੰਦਰ ਸਿੰਘ ਉਰਫ਼ ਕਾਕਾ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਗੁਜਰਾਤ ਪੁਲੀਸ ਨਾਲ ਸਾਂਝੀ ਕਾਰਵਾਈ ਕਰਦਿਆਂ ਉਸ ਨੂੰ ਗੁਜਰਾਤ ਤੋਂ ਕਾਬੂ ਕੀਤਾ ਹੈ।

ਪੁਲੀਸ ਅਨੁਸਾਰ ਮੁੱਖ ਮੁਲਜ਼ਮ ਨੂੰ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰਨ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਲਈ ਅੰਮ੍ਰਿਤਸਰ ਪੁਲੀਸ ਦੀ ਟੀਮ ਗੁਜਰਾਤ ਲਈ ਰਵਾਨਾ ਹੋ ਗਈ ਹੈ। ਲੋੜੀਂਦੀਆਂ ਕਾਨੂੰਨੀ ਕਾਰਵਾਈਆਂ ਪੂਰੀਆਂ ਹੋਣ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਲਿਆਂਦਾ ਜਾਵੇਗਾ, ਜਿੱਥੇ ਉਸ ਤੋਂ ਮਾਮਲੇ ਸਬੰਧੀ ਵਿਸਥਾਰ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਡੀਸੀਪੀ ਦੀ ਅਗਵਾਈ ਹੇਠ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਵੱਲੋਂ ਕਤਲ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਸੀ। ਜਾਂਚ ਦੌਰਾਨ ਪੁਲੀਸ ਨੇ ਪਹਿਲਾਂ ਇੱਕ ਅਜਿਹੇ ਮੁਲਜ਼ਮ ਨੂੰ ਕਾਬੂ ਕੀਤਾ ਸੀ, ਜਿਸ ਨੇ ਕਤਲ ਤੋਂ ਬਾਅਦ ਮੁੱਖ ਮੁਲਜ਼ਮ ਦੀ ਮਦਦ ਕੀਤੀ ਸੀ।

ਪੁਲੀਸ ਨੂੰ ਇਸੇ ਮਦਦਗਾਰ ਤੋਂ ਗੁਜਰਾਤ ਵਿੱਚ ਲੁਕੇ ਮੁੱਖ ਮੁਲਜ਼ਮ ਬਾਰੇ ਅਹਿਮ ਜਾਣਕਾਰੀ ਮਿਲੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਮੁੱਖ ਮੁਲਜ਼ਮ ਨੇ ਮਦਦਗਾਰ ਕੋਲੋਂ ਪੈਸਿਆਂ ਦੀ ਮੰਗ ਕੀਤੀ ਸੀ। ਇਸ ਮੰਗ ਨੂੰ ਆਧਾਰ ਬਣਾ ਕੇ ਪੁਲੀਸ ਨੇ ਮਦਦਗਾਰ ਰਾਹੀਂ ਮੁੱਖ ਮੁਲਜ਼ਮ ਤੱਕ ਪਹੁੰਚ ਬਣਾਉਣ ਦੀ ਯੋਜਨਾ ਤਿਆਰ ਕੀਤੀ।

ਪੁਲੀਸ ਨੇ ਮਦਦਗਾਰ ਰਾਹੀਂ ਮੁੱਖ ਮੁਲਜ਼ਮ ਨੂੰ ਇੱਕ QR ਸਕੈਨਰ ਭੇਜਿਆ। ਜਿਵੇਂ ਹੀ ਮੁੱਖ ਮੁਲਜ਼ਮ ਨੇ ਇਸ ਦੀ ਵਰਤੋਂ ਕੀਤੀ, ਪੁਲੀਸ ਨੂੰ ਉਸ ਦੀ ਲੋਕੇਸ਼ਨ ਬਾਰੇ ਜਾਣਕਾਰੀ ਮਿਲ ਗਈ। ਇਸ ਤੋਂ ਬਾਅਦ ਗੁਜਰਾਤ ਪੁਲੀਸ ਦੀ ਕ੍ਰਾਈਮ ਬ੍ਰਾਂਚ ਨੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਮੁਲਜ਼ਮ ਨੂੰ ਕਾਬੂ ਕਰ ਲਿਆ।

ਪੁਲੀਸ ਅਨੁਸਾਰ ਮਾਮਲੇ ਦੀ ਜਾਂਚ ਹਾਲੇ ਜਾਰੀ ਹੈ ਅਤੇ ਮੁੱਖ ਮੁਲਜ਼ਮ ਨੂੰ ਅੰਮ੍ਰਿਤਸਰ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ। ਇਸ ਪੁੱਛਗਿੱਛ ਦੌਰਾਨ ਕਤਲ ਵਿੱਚ ਸ਼ਾਮਲ ਦੂਜੇ ਸ਼ੂਟਰ ਬਾਰੇ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਮੈਡ ਸੰਧੂ ਦੇ ਕਤਲ ਪਿੱਛੇ ਰਹੇ ਮੁੱਖ ਕਾਰਨਾਂ ਦਾ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਪੁਲੀਸ ਦਾ ਕਹਿਣਾ ਹੈ ਕਿ ਮਾਮਲੇ ਨਾਲ ਜੁੜੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਤਲ ਵਿੱਚ ਸ਼ਾਮਲ ਹੋਰ ਵਿਅਕਤੀਆਂ ਜਾਂ ਸਾਜ਼ਿਸ਼ ਨਾਲ ਸਬੰਧਤ ਜਾਣਕਾਰੀ ਵੀ ਪੁੱਛਗਿੱਛ ਦੌਰਾਨ ਸਾਹਮਣੇ ਆ ਸਕਦੀ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments