HomePunjab Newsਕੇਂਦਰੀ ਸਿੱਖ ਅਜਾਇਬ ਘਰ ਵਿੱਚ ਤਿੰਨ ਪੰਥਕ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

ਕੇਂਦਰੀ ਸਿੱਖ ਅਜਾਇਬ ਘਰ ਵਿੱਚ ਤਿੰਨ ਪੰਥਕ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

ਜਸਟਿਸ ਕੁਲਦੀਪ ਸਿੰਘ ਪਤਵਾਲੀਆ, ਭਾਈ ਗਜਿੰਦਰ ਸਿੰਘ ਅਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਨੂੰ ਸਨਮਾਨ ਭੇਟ; ਸਿੰਘ ਸਾਹਿਬਾਨ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਿਭਾਈ ਪਰਦਾ ਹਟਾਉਣ ਦੀ ਰਸਮ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਤਿੰਨ ਪੰਥਕ ਸ਼ਖ਼ਸੀਅਤਾਂ ਜਸਟਿਸ ਕੁਲਦੀਪ ਸਿੰਘ ਪਤਵਾਲੀਆ, ਭਾਈ ਗਜਿੰਦਰ ਸਿੰਘ ਦਲ ਖ਼ਾਲਸਾ ਅਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਇਸ ਮੌਕੇ ਅਰਦਾਸ ਉਪਰੰਤ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਅਦਾ ਕੀਤੀ ਗਈ। ਸਮਾਗਮ ਵਿੱਚ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਪਰਿਵਾਰਕ ਮੈਂਬਰਾਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।

ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਵੱਲੋਂ ਨਿਭਾਈ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਥਾਪਿਤ ਕੀਤੀਆਂ ਗਈਆਂ ਇਨ੍ਹਾਂ ਤਿੰਨਾਂ ਸ਼ਖ਼ਸੀਅਤਾਂ ਨੇ ਕੌਮੀ ਹੱਕਾਂ ਲਈ ਅਹਿਮ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਜਸਟਿਸ ਕੁਲਦੀਪ ਸਿੰਘ ਪਤਵਾਲੀਆ ਨੇ ਹੱਕ, ਸੱਚ ਅਤੇ ਇਨਸਾਫ਼ ਦੀ ਆਵਾਜ਼ ਬੁਲੰਦ ਕੀਤੀ ਅਤੇ ਸਿੱਖ ਨੌਜਵਾਨਾਂ ਉੱਤੇ ਹੋ ਰਹੇ ਅੱਤਿਆਚਾਰਾਂ ਨੂੰ ਰੋਕਣ ਲਈ ਮਹੱਤਵਪੂਰਨ ਭੂਮਿਕਾ ਨਿਭਾਈ।

ਉਨ੍ਹਾਂ ਭਾਈ ਗਜਿੰਦਰ ਸਿੰਘ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਲੰਮਾ ਸਮਾਂ ਜਲਾਵਤਨ ਜੀਵਨ ਬਤੀਤ ਕਰਨ ਦੇ ਬਾਵਜੂਦ ਸਿੱਖ ਸਿਧਾਂਤਾਂ ਪ੍ਰਤੀ ਆਪਣੀ ਦ੍ਰਿੜ੍ਹਤਾ ਕਾਇਮ ਰੱਖੀ ਅਤੇ ਆਪਣੇ ਅਕੀਦੇ ਤੋਂ ਕਦੇ ਪਿੱਛੇ ਨਹੀਂ ਹਟੇ। ਇਸੇ ਤਰ੍ਹਾਂ ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਨੇ ਵੀ ਔਖੇ ਹਾਲਾਤਾਂ ਅਤੇ ਸਰਕਾਰੀ ਜ਼ੁਲਮਾਂ ਦਾ ਸਾਹਮਣਾ ਕਰਦਿਆਂ ਸ਼ਹਾਦਤ ਪ੍ਰਾਪਤ ਕੀਤੀ ਅਤੇ ਸਿੱਖ ਇਤਿਹਾਸ ਦੀ ਲਾਸਾਨੀ ਵਿਰਾਸਤ ਵਿੱਚ ਆਪਣਾ ਨਾਂ ਦਰਜ ਕਰਵਾਇਆ।

ਜਥੇਦਾਰ ਗੜਗੱਜ ਨੇ ਕਿਹਾ ਕਿ ਇਹ ਸ਼ਖ਼ਸੀਅਤਾਂ ਕੌਮ ਦੀਆਂ ਉਹ ਪ੍ਰੇਰਣਾਦਾਇਕ ਹਸਤੀਆਂ ਹਨ, ਜਿਨ੍ਹਾਂ ਦਾ ਜੀਵਨ ਅਤੇ ਸੰਘਰਸ਼ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿੱਖੀ ਸਿਦਕ, ਦ੍ਰਿੜ੍ਹਤਾ ਅਤੇ ਕੌਮੀ ਹੱਕਾਂ ਲਈ ਸਮਰਪਣ ਦੀ ਪ੍ਰੇਰਣਾ ਦਿੰਦੇ ਰਹਿਣਗੇ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੌਮ ਲਈ ਵੱਡੀਆਂ ਘਾਲਣਾਵਾਂ ਘਾਲਣ ਵਾਲੀਆਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਥਾਪਿਤ ਕਰਨਾ ਉਨ੍ਹਾਂ ਦੇ ਯੋਗਦਾਨ ਨੂੰ ਸਤਿਕਾਰ ਦੇਣ ਦਾ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਅਜਾਇਬ ਘਰ ਵਿੱਚ ਸੁਸ਼ੋਭਿਤ ਕੀਤੀਆਂ ਜਾਂਦੀਆਂ ਤਸਵੀਰਾਂ ਸਿੱਖ ਇਤਿਹਾਸ, ਸੰਘਰਸ਼ ਅਤੇ ਕੌਮ ਪ੍ਰਤੀ ਸਮਰਪਣ ਦੀਆਂ ਯਾਦਾਂ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦਾ ਸਾਧਨ ਹਨ।

ਐਡਵੋਕੇਟ ਧਾਮੀ ਨੇ ਜਸਟਿਸ ਕੁਲਦੀਪ ਸਿੰਘ ਪਤਵਾਲੀਆ ਦੇ ਯੋਗਦਾਨ ਬਾਰੇ ਗੱਲ ਕਰਦਿਆਂ ਕਿਹਾ ਕਿ ਹੱਦਬੰਦੀ ਕਮਿਸ਼ਨ ਦੇ ਚੇਅਰਮੈਨ ਵਜੋਂ ਉਨ੍ਹਾਂ ਨੇ ਪੰਜਾਬ ਦੇ ਵਿਧਾਨ ਸਭਾ ਅਤੇ ਸੰਸਦੀ ਹਲਕਿਆਂ ਦੇ ਨਾਂ ਗੁਰੂ ਸਾਹਿਬਾਨ ਦੀ ਚਰਨਛੋਹ ਪ੍ਰਾਪਤ ਅਸਥਾਨਾਂ ਦੇ ਨਾਂ ’ਤੇ ਰੱਖਣ ਵਿੱਚ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਭਾਈ ਗਜਿੰਦਰ ਸਿੰਘ ਅਤੇ ਭਾਈ ਗੁਰਦੇਵ ਸਿੰਘ ਨੇ ਵੀ ਮੁਸ਼ਕਲ ਹਾਲਾਤਾਂ ਦੇ ਬਾਵਜੂਦ ਸਿੱਖ ਸਿਧਾਂਤਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਕਾਇਮ ਰੱਖਿਆ। ਇਨ੍ਹਾਂ ਸ਼ਖ਼ਸੀਅਤਾਂ ਦਾ ਜੀਵਨ ਕੌਮ ਪ੍ਰਤੀ ਸਮਰਪਣ ਅਤੇ ਸਿੱਖੀ ਸਿਦਕ ਦੀ ਮਿਸਾਲ ਹੈ।

ਸਮਾਗਮ ਦੌਰਾਨ ਵਿਦੇਸ਼ ਵਿੱਚ ਰਹਿ ਰਹੀ ਭਾਈ ਗਜਿੰਦਰ ਸਿੰਘ ਦੀ ਸਪੁੱਤਰੀ ਬੀਬੀ ਬਿਕਰਮਜੀਤ ਕੌਰ ਵੱਲੋਂ ਕੌਮੀ ਭਾਵਨਾਵਾਂ ਤਹਿਤ ਭੇਜਿਆ ਗਿਆ ਸੁਨੇਹਾ ਵੀ ਸੰਗਤ ਨਾਲ ਸਾਂਝਾ ਕੀਤਾ ਗਿਆ। ਇਹ ਸੁਨੇਹਾ ਬੀਬੀ ਜਸਪ੍ਰੀਤ ਕੌਰ ਨੇ ਪੜ੍ਹ ਕੇ ਸੁਣਾਇਆ।

ਇਸ ਮੌਕੇ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ ਤਿੰਨਾਂ ਸ਼ਖ਼ਸੀਅਤਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਸਮਾਗਮ ਵਿੱਚ ਸ਼ਾਮਲ ਹੋਈਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਨਾਲ ਹੋਈ, ਜਿਸ ਉਪਰੰਤ ਅਰਦਾਸ ਕੀਤੀ ਗਈ।

ਕੇਂਦਰੀ ਸਿੱਖ ਅਜਾਇਬ ਘਰ ਵਿੱਚ ਇਨ੍ਹਾਂ ਤਸਵੀਰਾਂ ਦੀ ਸਥਾਪਨਾ ਰਾਹੀਂ ਤਿੰਨਾਂ ਸ਼ਖ਼ਸੀਅਤਾਂ ਦੇ ਜੀਵਨ, ਸੰਘਰਸ਼ ਅਤੇ ਕੌਮ ਪ੍ਰਤੀ ਯੋਗਦਾਨ ਨੂੰ ਯਾਦ ਕੀਤਾ ਗਿਆ। ਇਹ ਸਨਮਾਨ ਸਿੱਖ ਇਤਿਹਾਸ ਨਾਲ ਜੁੜੀਆਂ ਉਨ੍ਹਾਂ ਸ਼ਖ਼ਸੀਅਤਾਂ ਦੀ ਵਿਰਾਸਤ ਨੂੰ ਸੰਭਾਲਣ ਅਤੇ ਸੰਗਤ ਤੱਕ ਪਹੁੰਚਾਉਣ ਦਾ ਉਪਰਾਲਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments