ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਬਾਹਰ ਪ੍ਰਦਰਸ਼ਨ; ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ’ਤੇ ਚੁੱਕੇ ਸਵਾਲ
ਚੰਡੀਗੜ੍ਹ: ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੀ ਹਮਾਇਤ ਵਿੱਚ ਆਮ ਆਦਮੀ ਪਾਰਟੀ ਵੀ ਮੈਦਾਨ ਵਿੱਚ ਉਤਰ ਆਈ ਹੈ। ਇਸੇ ਲੜੀ ਤਹਿਤ ‘ਆਪ’ ਪੰਜਾਬ ਵੱਲੋਂ ਅੱਜ ਚੰਡੀਗੜ੍ਹ ਦੇ ਸੈਕਟਰ-17 ਵਿੱਚ ਸਥਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਪਾਰਟੀ ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਚੋਣ ਕਮਿਸ਼ਨ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ।
ਇਸ ਪ੍ਰਦਰਸ਼ਨ ਵਿੱਚ ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਪਾਰਟੀ ਦੇ ਹੋਰ ਕਈ ਆਗੂ ਸ਼ਾਮਲ ਹੋਏ। ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਅਤੇ ਵੋਟਾਂ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੇਸ਼ ਭਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੀ ਪ੍ਰਕਿਰਿਆ ’ਤੇ ਵੀ ਸਖ਼ਤ ਇਤਰਾਜ਼ ਪ੍ਰਗਟਾਇਆ।
ਪ੍ਰਦਰਸ਼ਨ ਦੌਰਾਨ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ, ਜਦੋਂ ਚੰਡੀਗੜ੍ਹ ਪੁਲੀਸ ਨੇ ਰੋਸ ਪ੍ਰਗਟ ਕਰ ਰਹੇ ‘ਆਪ’ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਹਿਰਾਸਤ ਵਿੱਚ ਲਏ ਗਏ ਆਗੂਆਂ ਨੂੰ ਸੈਕਟਰ-17 ਦੇ ਪੁਲੀਸ ਥਾਣੇ ਵਿੱਚ ਲਿਜਾਇਆ ਗਿਆ। ਇਸ ਕਾਰਵਾਈ ਦੌਰਾਨ ਪਾਰਟੀ ਆਗੂਆਂ ਨੇ ਆਪਣਾ ਵਿਰੋਧ ਜਾਰੀ ਰੱਖਿਆ ਅਤੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ’ਤੇ ਸਵਾਲ ਉਠਾਏ।
ਮਨੀਸ਼ ਸਿਸੋਦੀਆ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ.ਆਈ.ਆਰ.) ’ਤੇ ਇਤਰਾਜ਼ ਜਤਾਉਂਦਿਆਂ ਦੋਸ਼ ਲਾਇਆ ਕਿ ਇਸ ਪ੍ਰਕਿਰਿਆ ਦੇ ਨਾਂ ’ਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਵੋਟ ਦੇ ਅਧਿਕਾਰ ਨੂੰ ਪ੍ਰਭਾਵਿਤ ਕੀਤਾ ਜਾ ਰਿਹਾ ਹੈ।
‘ਆਪ’ ਆਗੂਆਂ ਨੇ ਦਾਅਵਾ ਕੀਤਾ ਕਿ ਐੱਸ.ਆਈ.ਆਰ. ਦੀ ਪ੍ਰਕਿਰਿਆ ਤਹਿਤ ਦੇਸ਼ ਭਰ ਵਿੱਚੋਂ 13 ਕਰੋੜ ਤੋਂ ਵੱਧ ਵੋਟਾਂ ਕੱਟ ਦਿੱਤੀਆਂ ਗਈਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਭ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪਾਰਟੀ ਆਗੂਆਂ ਨੇ ਮੰਗ ਕੀਤੀ ਕਿ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਦੀ ਜਵਾਬਦੇਹੀ ਤੈਅ ਕੀਤੀ ਜਾਵੇ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਜਾਵੇ।
