ਕਿਸਾਨਾਂ ਦੀ ਅਗਾਂਹਵਧੂ ਸੋਚ ਵਾਤਾਵਰਨ ਦੀ ਸੰਭਾਲ ਲਈ ਬਣ ਰਹੀ ਪ੍ਰੇਰਨਾ; ਪੰਜਾਬ ਸਰਕਾਰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਵਚਨਬੱਧ: ਅਨੁਪ੍ਰਿਤਾ ਜੋਹਲ
ਪਟਿਆਲਾ: ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਨ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਵਾਲੇ ਪਟਿਆਲਾ ਜ਼ਿਲ੍ਹੇ ਦੇ 22 ਕਿਸਾਨਾਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ‘ਵਾਤਾਵਰਨ ਦੇ ਰਾਖੇ’ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਦਿਆਂ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਕਾਇਮ ਰੱਖਣ ਲਈ ਕੀਤੇ ਆਪਣੇ ਯਤਨਾਂ ਦੀ ਮਿਸਾਲ ਪੇਸ਼ ਕੀਤੀ ਹੈ।
ਸਨਮਾਨ ਸਮਾਗਮ ਦੌਰਾਨ ਕਿਸਾਨਾਂ ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀ ਬਜਾਏ ਉਸ ਦਾ ਸਹੀ ਢੰਗ ਨਾਲ ਪ੍ਰਬੰਧਨ ਕਰਨਾ ਵਾਤਾਵਰਨ ਅਤੇ ਖੇਤੀਬਾੜੀ ਦੋਵਾਂ ਲਈ ਲਾਹੇਵੰਦ ਹੈ। ਇਸ ਨਾਲ ਜਿੱਥੇ ਹਵਾ ਦੇ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਮਦਦ ਮਿਲਦੀ ਹੈ, ਉੱਥੇ ਹੀ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਵਿੱਚ ਵੀ ਸਹਾਇਤਾ ਮਿਲਦੀ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਤਰਫ਼ੋਂ ਕਿਸਾਨਾਂ ਨੂੰ ਪ੍ਰਸ਼ੰਸਾ ਪੱਤਰ ਭੇਟ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੋਹਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਉਣ ਵਾਸਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਦੇ ਆਧੁਨਿਕ ਅਤੇ ਵਿਗਿਆਨਕ ਤਰੀਕਿਆਂ ਨੂੰ ਅਪਣਾ ਕੇ ਕਿਸਾਨ ਵਾਤਾਵਰਨ ਦੀ ਰੱਖਿਆ ਕਰਨ ਦੇ ਨਾਲ-ਨਾਲ ਆਪਣੀ ਜ਼ਮੀਨ ਦੀ ਸਿਹਤ ਨੂੰ ਵੀ ਬਿਹਤਰ ਬਣਾ ਸਕਦੇ ਹਨ।
ਅਨੁਪ੍ਰਿਤਾ ਜੋਹਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਬਚਣ ਅਤੇ ਇਸ ਦੇ ਪ੍ਰਬੰਧਨ ਲਈ ਉਚਿਤ ਤਰੀਕੇ ਅਪਣਾਉਣ। ਉਨ੍ਹਾਂ ਦੱਸਿਆ ਕਿ ਪਰਾਲੀ ਦਾ ਖੇਤਾਂ ਵਿੱਚ ਹੀ ਪ੍ਰਬੰਧਨ ਕਰਨ ਲਈ ਇਸ ਨੂੰ ਮਿੱਟੀ ਵਿੱਚ ਮਿਲਾਇਆ ਜਾ ਸਕਦਾ ਹੈ। ਇਸ ਵਿਧੀ ਨੂੰ ਇਨ-ਸੀਟੂ ਪ੍ਰਬੰਧਨ ਕਿਹਾ ਜਾਂਦਾ ਹੈ। ਇਸ ਤੋਂ ਇਲਾਵਾ ਬੇਲਰ ਮਸ਼ੀਨਾਂ ਦੀ ਮਦਦ ਨਾਲ ਪਰਾਲੀ ਦੀਆਂ ਗੱਠਾਂ ਬਣਾ ਕੇ ਇਸ ਨੂੰ ਖੇਤਾਂ ਵਿੱਚੋਂ ਬਾਹਰ ਕੱਢਿਆ ਜਾ ਸਕਦਾ ਹੈ, ਜਿਸ ਨੂੰ ਐਕਸ-ਸੀਟੂ ਪ੍ਰਬੰਧਨ ਕਿਹਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਤਰੀਕਿਆਂ ਨਾਲ ਪਰਾਲੀ ਨੂੰ ਅੱਗ ਲਾਉਣ ਦੀ ਲੋੜ ਘਟਦੀ ਹੈ ਅਤੇ ਹਵਾ ਵਿੱਚ ਫੈਲਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਵਿੱਚ ਮਦਦ ਮਿਲਦੀ ਹੈ। ਇਸ ਦੇ ਨਾਲ ਹੀ ਖੇਤਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸਹੀ ਪ੍ਰਬੰਧਨ ਕਰਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਕਾਇਮ ਰੱਖਿਆ ਜਾ ਸਕਦਾ ਹੈ। ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਅਤੇ ਵਿਗਿਆਨਕ ਤਕਨੀਕਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨਾ ਸਮੇਂ ਦੀ ਅਹਿਮ ਲੋੜ ਹੈ।
ਸਨਮਾਨਿਤ ਕੀਤੇ ਗਏ ਕਿਸਾਨਾਂ ਵਿੱਚ ਸੁਲਤਾਨਪੁਰ ਤੋਂ ਅਮਨਦੀਪ ਸਿੰਘ, ਗੱਜੂਮਾਜਰਾ ਤੋਂ ਨਛੱਤਰ ਸਿੰਘ, ਕਕੜਾਲਾ ਤੋਂ ਅਮਰੀਕ ਸਿੰਘ, ਸ਼ੇਖੂਪੁਰ ਤੋਂ ਪਰਗਟ ਸਿੰਘ, ਚਲੈਲਾ ਤੋਂ ਗੁਰਬਚਨ ਸਿੰਘ ਅਤੇ ਬਿੱਕਰ ਸਿੰਘ, ਰੇਤਗੜ੍ਹ ਤੋਂ ਅਰਸ਼ਦੀਪ ਸਿੰਘ ਅਤੇ ਸੁਖਵਿੰਦਰ ਸਿੰਘ, ਕੌਲੀ ਤੋਂ ਬਖਸ਼ੀਸ਼ ਸਿੰਘ, ਮੁਹੱਬਤਪੁਰ ਤੋਂ ਸਰਬਜੀਤ ਸਿੰਘ, ਰਾਮਗੜ੍ਹ ਤੋਂ ਹਰਿੰਦਰ ਸਿੰਘ ਅਤੇ ਦੀਆਗੜ੍ਹ ਤੋਂ ਬੁੱਧ ਸਿੰਘ ਸ਼ਾਮਲ ਹਨ।
ਇਸੇ ਤਰ੍ਹਾਂ ਅਲੌਹਰਾਂ ਤੋਂ ਹਰਦੀਪ ਸਿੰਘ, ਬੀੜਰਵਾਲ ਤੋਂ ਅੱਛਰ ਸਿੰਘ, ਮੱਲ੍ਹੇਵਾਲ ਤੋਂ ਜਸਵਿੰਦਰ ਸਿੰਘ, ਟੋਡਰਵਾਲ ਤੋਂ ਜਗਜੀਤ ਸਿੰਘ, ਗਲਵੱਟੀ ਤੋਂ ਬਲਵਿੰਦਰ ਸਿੰਘ, ਢੀਂਗੀ ਤੋਂ ਕੀਮਤ ਸਿੰਘ, ਕਮੇਲੀ ਤੋਂ ਨਵਜੋਤ ਸਿੰਘ, ਖੋਖ ਤੋਂ ਮਨਜੀਤ ਸਿੰਘ, ਬਨੇਰਾ ਖੁਰਦ ਤੋਂ ਹਰਦੇਵ ਸਿੰਘ ਅਤੇ ਆਲੋਵਾਲ ਤੋਂ ਧਰਮਜੀਤ ਸਿੰਘ ਨੂੰ ਵੀ ‘ਵਾਤਾਵਰਨ ਦੇ ਰਾਖੇ’ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਅਨੁਪ੍ਰਿਤਾ ਜੋਹਲ ਨੇ ਸਾਰੇ 22 ਸਨਮਾਨਿਤ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਰਾਲੀ ਨਾ ਸਾੜਨ ਸਬੰਧੀ ਉਨ੍ਹਾਂ ਦੀ ਅਗਾਂਹਵਧੂ ਸੋਚ ਦੂਜੇ ਕਿਸਾਨਾਂ ਲਈ ਪ੍ਰੇਰਨਾ ਦਾ ਸਰੋਤ ਬਣ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਆਪਣੇ-ਆਪਣੇ ਇਲਾਕਿਆਂ ਵਿੱਚ ਹੋਰ ਕਿਸਾਨਾਂ ਨੂੰ ਵੀ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਬਣਾਈ ਰੱਖਣ ਅਤੇ ਖੇਤੀਬਾੜੀ ਨੂੰ ਟਿਕਾਊ ਬਣਾਉਣ ਲਈ ਸਰਕਾਰ ਦੇ ਯਤਨਾਂ ਦੇ ਨਾਲ-ਨਾਲ ਕਿਸਾਨਾਂ ਦੀ ਸਰਗਰਮ ਭੂਮਿਕਾ ਵੀ ਬਹੁਤ ਮਹੱਤਵਪੂਰਨ ਹੈ। ਜੇਕਰ ਕਿਸਾਨ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਦੇ ਸੁਚੱਜੇ ਪ੍ਰਬੰਧਨ ਨੂੰ ਤਰਜੀਹ ਦੇਣ, ਤਾਂ ਹਵਾ ਦੇ ਪ੍ਰਦੂਸ਼ਣ ਨੂੰ ਘਟਾਉਣ ਅਤੇ ਜ਼ਮੀਨ ਦੀ ਸਿਹਤ ਦੀ ਰੱਖਿਆ ਕਰਨ ਵਿੱਚ ਵੱਡਾ ਯੋਗਦਾਨ ਪਾਇਆ ਜਾ ਸਕਦਾ ਹੈ।
ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਖੇਤੀਬਾੜੀ ਵਿਸਥਾਰ ਅਧਿਕਾਰੀ (ਏਈਓ) ਰਵਿੰਦਰਪਾਲ ਸਿੰਘ ਚੱਠਾ ਅਤੇ ਸਹਾਇਕ ਖੇਤੀਬਾੜੀ ਇੰਜਨੀਅਰ (ਏਏਈ) ਪ੍ਰਭਦੀਪ ਸਿੰਘ ਵੀ ਹਾਜ਼ਰ ਸਨ।
