ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਤਿੰਨ ਦਿਨ ਬਾਅਦ ਵੀ ਉਸ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਨਹੀਂ ਹੋ ਸਕਿਆ। ਪਰਿਵਾਰ ਅਤੇ ਇਸ ਮਾਮਲੇ ਨੂੰ ਲੈ ਕੇ ਸ਼ੁਰੂ ਹੋਏ ਅੰਦੋਲਨ ਦੀ ਸੰਘਰਸ਼ ਕਮੇਟੀ ਨੇ ਫਿਲਹਾਲ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕਮੇਟੀ ਦੀ ਮੰਗ ਹੈ ਕਿ ਜਦੋਂ ਤੱਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੁਲੀਸ ਮੁਖੀ ਗੌਰਵ ਯਾਦਵ ਅਸਤੀਫ਼ਾ ਨਹੀਂ ਦਿੰਦੇ ਅਤੇ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਜਾਂਚ ਕਰਵਾਉਣ ਸਬੰਧੀ ਕੋਈ ਭਰੋਸਾ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਮ੍ਰਿਤਕ ਦੇਹ ਦਾ ਪੋਸਟਮਾਰਟਮ ਵੀ ਨਹੀਂ ਕਰਵਾਇਆ ਜਾਵੇਗਾ।
ਦੂਜੇ ਪਾਸੇ, ਸੰਘਰਸ਼ ਕਮੇਟੀ ਵੱਲੋਂ ਲਗਾਤਾਰ ਤਿੰਨ ਦਿਨਾਂ ਤੋਂ ਬੰਦ ਮਾਨਸਾ ਸ਼ਹਿਰ ਦੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਅਪੀਲ ਕਰਨ ਮਗਰੋਂ ਅੱਜ ਸ਼ਹਿਰ ਦਾ ਬਾਜ਼ਾਰ ਖੁੱਲ੍ਹ ਗਿਆ। ਹਾਲਾਂਕਿ, ਸ਼ਹਿਰ ਵਿੱਚ ਆਮ ਦਿਨਾਂ ਦੇ ਮੁਕਾਬਲੇ ਚਹਿਲ-ਪਹਿਲ ਘੱਟ ਦਿਖਾਈ ਦਿੱਤੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਝੋਟਾ ਕੌਮੀ ਸ਼ਹੀਦ ਕਰਾਰ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਕੌਮੀ ਸ਼ਹੀਦ ਦਾ ਦਰਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਝੋਟਾ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਲੜ ਰਿਹਾ ਸੀ ਅਤੇ ਇਸੇ ਸੰਘਰਸ਼ ਦੌਰਾਨ ਉਸ ਨੂੰ ਆਪਣੀ ਜਾਨ ਗੁਆਉਣੀ ਪਈ। ਉਹ ਪੰਜਾਬ ਦੀ ਜਵਾਨੀ ਅਤੇ ਹਰ ਘਰ ਦੀ ਖ਼ਾਤਰ ਸ਼ਹੀਦ ਹੋਇਆ ਹੈ।
ਮਾਨਸਾ ਵਿੱਚ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਨੇੜੇ ਤਿਕੋਣੀ ਵਿਖੇ ਧਰਨੇ ਵਾਲੀ ਥਾਂ ’ਤੇ ਪੁੱਜੇ ਜਥੇਦਾਰ ਨੇ ਸਵਾਲ ਕੀਤਾ ਕਿ ਕੀ ਇਸ ਮਾਮਲੇ ਵਿੱਚ ਸਿਰਫ਼ ਥਾਣਾ ਮੁਖੀ ਨੂੰ ਮੁਅੱਤਲ ਕਰਨਾ ਹੀ ਕਾਫ਼ੀ ਕਾਰਵਾਈ ਹੈ? ਉਨ੍ਹਾਂ ਸਰਕਾਰ ਨੂੰ ਨਸ਼ਾ ਤਸਕਰੀ ਵਿਰੁੱਧ ਫ਼ੈਸਲਾਕੁਨ ਕਦਮ ਚੁੱਕਣ ਦੀ ਅਪੀਲ ਕੀਤੀ।
ਜਥੇਦਾਰ ਗੜਗੱਜ ਨੇ ਕਿਹਾ ਕਿ ਭਾਈ ਪਰਵਿੰਦਰ ਸਿੰਘ ਨੇ ਨਸ਼ਿਆਂ ਵਿਰੁੱਧ ਲੜਾਈ ਲੜਦਿਆਂ ਆਪਣੀ ਜਾਨ ਕੁਰਬਾਨ ਕੀਤੀ ਹੈ ਅਤੇ ਉਹ ਸ਼ਹੀਦ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ। ਉਨ੍ਹਾਂ ਸਵਾਲ ਉਠਾਇਆ ਕਿ ਕੀ ਇੰਨੇ ਗੰਭੀਰ ਮਾਮਲੇ ਵਿੱਚ ਥਾਣਾ ਮੁਖੀ ਨੂੰ ਮੁਅੱਤਲ ਕਰ ਦੇਣਾ ਹੀ ਕਾਫ਼ੀ ਹੈ?
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਕੋਈ ਸਿਆਸੀ ਮੁੱਦਾ ਨਹੀਂ, ਸਗੋਂ ਪੰਜਾਬ ਦੀ ਹੋਂਦ ਨਾਲ ਜੁੜਿਆ ਮਸਲਾ ਹੈ। ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ।
ਮੁੱਖ ਮੰਤਰੀ ਭਗਵੰਤ ਮਾਨ ਕੁਰਸੀ ਛੱਡਣ: ਹਰਸਿਮਰਤ ਕੌਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੀ ਆਗੂ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹੈ ਅਤੇ ਉਨ੍ਹਾਂ ਨੂੰ ਹੁਣ ਅਹੁਦਾ ਛੱਡ ਦੇਣਾ ਚਾਹੀਦਾ ਹੈ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਨਸ਼ਿਆਂ ਵਿਰੁੱਧ ਜੰਗ ਚਲਾਉਣ ਦੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਨੂੰ ਆਪਣੀਆਂ ਜਾਨਾਂ ਗੁਆਉਣੀਆਂ ਪੈ ਰਹੀਆਂ ਹਨ। ਉਨ੍ਹਾਂ ਇਸ ਕਤਲ ਲਈ ਸਿੱਧੇ ਤੌਰ ’ਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।
ਉਹ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਸਰਗਰਮ ਰਹੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਲੱਗੇ ਧਰਨੇ ਵਿੱਚ ਸ਼ਾਮਲ ਹੋਣ ਲਈ ਪੁੱਜੇ ਸਨ। ਇਸ ਮੌਕੇ ਉਨ੍ਹਾਂ ਝੋਟਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰ ਤਰ੍ਹਾਂ ਦੀ ਮਦਦ ਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਭਗਵੰਤ ਮਾਨ ਸਰਕਾਰ ਨਾ ਤਾਂ ਨਸ਼ਿਆਂ ਨੂੰ ਰੋਕਣ ਵਿੱਚ ਸਫ਼ਲ ਹੋਈ ਹੈ ਅਤੇ ਨਾ ਹੀ ਲੋਕਾਂ ਦੀ ਸੁਰੱਖਿਆ ਯਕੀਨੀ ਬਣਾ ਸਕੀ ਹੈ।
ਉਨ੍ਹਾਂ ਸੰਗਰੂਰ ਦੇ ਮੋਹਨਜੀਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਮਾਮਲੇ ’ਤੇ ਆਵਾਜ਼ ਚੁੱਕਣ ਕਾਰਨ ਉਸ ਨਾਲ ਕਥਿਤ ਤੌਰ ’ਤੇ ਤਸ਼ੱਦਦ ਕੀਤਾ ਗਿਆ। ਇਸੇ ਤਰ੍ਹਾਂ ਗੁਲਜ਼ਾਰ ਵੱਲੋਂ ਨਸ਼ਿਆਂ ਸਬੰਧੀ ਸਵਾਲ ਉਠਾਏ ਜਾਣ ’ਤੇ ਉਸ ਨੂੰ ਡਰਾਇਆ-ਧਮਕਾਇਆ ਗਿਆ ਅਤੇ ਬਾਅਦ ਵਿੱਚ ਉਸ ਨੇ ਖ਼ੁਦਕੁਸ਼ੀ ਕਰ ਲਈ।
ਉਨ੍ਹਾਂ ਕਿਹਾ ਕਿ ਹੁਣ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਖੁੱਲ੍ਹ ਕੇ ਬੋਲਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਭਰੇ ਬਾਜ਼ਾਰ ਕਤਲ ਕਰ ਦਿੱਤਾ ਗਿਆ। ਇਹ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ।
ਪੰਜ ਮਾਮਲੇ ਦਰਜ ਹੋਣ ਦੇ ਬਾਵਜੂਦ ਹਥਿਆਰ ਦਾ ਲਾਇਸੈਂਸ ਦੇਣ ’ਤੇ ਉਠਾਏ ਸਵਾਲ
ਹਰਸਿਮਰਤ ਕੌਰ ਬਾਦਲ ਨੇ ਮਾਨਸਾ ਵਿੱਚ ਝੋਟਾ ਦੇ ਕਤਲ ਦੇ ਮੁਲਜ਼ਮ ਵਜੋਂ ਸਾਹਮਣੇ ਆਏ ਦੁਕਾਨਦਾਰ ਅਸ਼ਵਨੀ ਕੁਮਾਰ ਨੂੰ ਹਥਿਆਰ ਦਾ ਲਾਇਸੈਂਸ ਜਾਰੀ ਕੀਤੇ ਜਾਣ ’ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਹਥਿਆਰ ਦਾ ਲਾਇਸੈਂਸ ਲੈਣ ਵਿੱਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਪਰ ਉਨ੍ਹਾਂ ਦੇ ਦਾਅਵੇ ਅਨੁਸਾਰ ਜੇਲ੍ਹ ਜਾ ਚੁੱਕੇ ਅਤੇ ਪੰਜ ਮਾਮਲਿਆਂ ਦਾ ਸਾਹਮਣਾ ਕਰ ਚੁੱਕੇ ਵਿਅਕਤੀ ਨੂੰ ਲਾਇਸੈਂਸ ਜਾਰੀ ਕਰ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਇਹ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਅਜਿਹੇ ਵਿਅਕਤੀ ਨੂੰ ਹਥਿਆਰ ਦਾ ਲਾਇਸੈਂਸ ਕਿਵੇਂ ਮਿਲਿਆ।
ਧਰਨੇ ਵਿੱਚ ਹਰਸਿਮਰਤ ਕੌਰ ਬਾਦਲ ਦੇ ਨਾਲ ਰੋਜ਼ੀ ਬਰਕੰਦੀ, ਬੰਟੀ ਰੋਮਾਣਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਹਲਕਾ ਇੰਚਾਰਜ ਪ੍ਰੇਮ ਅਰੋੜਾ ਅਤੇ ਕਰਮਜੀਤ ਕੌਰ ਸਮਾਓਂ ਵੀ ਮੌਜੂਦ ਸਨ।




