HomePunjab Newsਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ: ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ: ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

ਜਥੇਦਾਰ ਅਤੇ ਸਿੱਖ ਸੰਸਥਾਵਾਂ ਬਾਰੇ ਟਿੱਪਣੀਆਂ ਦੇ ਮਾਮਲੇ ’ਚ ਪੰਜ ਸਿੰਘ ਸਾਹਿਬਾਨ ਦਾ ਫ਼ੈਸਲਾ; ਸੰਗਤ ਨੂੰ ਵਿਧਾਇਕ ਨਾਲ ਸਾਂਝ ਨਾ ਰੱਖਣ ਦੀ ਹਦਾਇਤ, ਪ੍ਰਚਾਰਕ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਤੇ ਕੀਰਤਨ ’ਤੇ ਵੀ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਆਮ ਆਦਮੀ ਪਾਰਟੀ ਦੇ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਤਨਖ਼ਾਹੀਆ ਕਰਾਰ ਦੇਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਇਹ ਫ਼ੈਸਲਾ ਜਥੇਦਾਰ ਅਤੇ ਸਿੱਖ ਸੰਸਥਾਵਾਂ ਬਾਰੇ ਉਨ੍ਹਾਂ ਵੱਲੋਂ ਪਿਛਲੇ ਦਿਨੀਂ ਕੀਤੀਆਂ ਗਈਆਂ ਅਪਮਾਨਜਨਕ ਟਿੱਪਣੀਆਂ ਦੇ ਮਾਮਲੇ ਵਿੱਚ ਲਿਆ ਗਿਆ। ਇਸ ਦੇ ਨਾਲ ਹੀ ਸਿੱਖ ਸੰਗਤ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਵਿਧਾਇਕ ਗਿਆਸਪੁਰਾ ਨਾਲ ਕਿਸੇ ਤਰ੍ਹਾਂ ਦੀ ਸਾਂਝ ਰੱਖਣ ਤੋਂ ਗੁਰੇਜ਼ ਕਰੇ।

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਵੱਲੋਂ ਇਹ ਆਦੇਸ਼ ਸੁਣਾਇਆ ਗਿਆ। ਇਹ ਫ਼ੈਸਲੇ ਅੱਜ ਬਾਅਦ ਦੁਪਹਿਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਇਕੱਤਰਤਾ ਵਿੱਚ ਲਏ ਗਏ। ਇਕੱਤਰਤਾ ਦੌਰਾਨ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਬਿਆਨਾਂ ਅਤੇ ਸਿੱਖ ਸੰਸਥਾਵਾਂ ਬਾਰੇ ਕੀਤੀਆਂ ਟਿੱਪਣੀਆਂ ਨਾਲ ਜੁੜੇ ਮਾਮਲੇ ’ਤੇ ਵਿਚਾਰ ਕੀਤਾ ਗਿਆ।

ਇਸ ਇਕੱਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖ਼ਸ਼ੀਸ਼ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਵਿੱਚੋਂ ਭਾਈ ਪਰਮਜੀਤ ਸਿੰਘ ਹਾਜ਼ਰ ਸਨ।

ਇਸ ਤੋਂ ਪਹਿਲਾਂ 12 ਅਕਤੂਬਰ ਨੂੰ ਵਾਪਰੀ ਘਟਨਾ ਨਾਲ ਸਬੰਧਤ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਸਪਸ਼ਟੀਕਰਨ ਸੌਂਪਿਆ ਗਿਆ ਸੀ। ਇਸ ਸਪਸ਼ਟੀਕਰਨ ਵਿੱਚ ਉਨ੍ਹਾਂ ਨੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਲਾਏ ਗਏ ਦੋਸ਼ਾਂ ਤੋਂ ਕਿਨਾਰਾ ਕੀਤਾ ਸੀ। ਇਸ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਮਾਮਲੇ ’ਤੇ ਵਿਚਾਰ ਕਰਦਿਆਂ ਗਿਆਸਪੁਰਾ ਨੂੰ ਤਨਖ਼ਾਹੀਆ ਕਰਾਰ ਦੇਣ ਦਾ ਆਦੇਸ਼ ਜਾਰੀ ਕੀਤਾ ਗਿਆ।

ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਅਤੇ ਕੀਰਤਨ ’ਤੇ ਰੋਕ

ਇਸੇ ਇਕੱਤਰਤਾ ਦੌਰਾਨ ਸਿੱਖ ਪ੍ਰਚਾਰਕ ਜੀਵਨ ਸਿੰਘ ਬਗੀਚੀ ਵਾਲੇ ਦੇ ਮਾਮਲੇ ਵਿੱਚ ਵੀ ਆਦੇਸ਼ ਜਾਰੀ ਕੀਤਾ ਗਿਆ। ਉਨ੍ਹਾਂ ’ਤੇ ਸਿੱਖੀ ਵਿਰੋਧੀ ਪ੍ਰਚਾਰ ਕਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਿਆਈ ਨੂੰ ਚੁਣੌਤੀ ਦੇਣ ਦੇ ਦੋਸ਼ ਹਨ।

ਇਨ੍ਹਾਂ ਦੋਸ਼ਾਂ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਕਰਨ ਅਤੇ ਕੀਰਤਨ ਕਰਨ ’ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਆਦੇਸ਼ ਨਾਲ ਉਨ੍ਹਾਂ ਦੀਆਂ ਧਾਰਮਿਕ ਅਤੇ ਪ੍ਰਚਾਰਕ ਸਰਗਰਮੀਆਂ ’ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਨਸ਼ਿਆਂ ਵਿਰੁੱਧ ਸੰਘਰਸ਼ ਕਰਦਿਆਂ ਜਾਨ ਗੁਆਉਣ ਵਾਲੇ ਪਰਵਿੰਦਰ ਝੋਟਾ ਦੇ ਪਰਿਵਾਰ ਦੀ ਮਦਦ ਕਰਨ ਦੀ ਅਪੀਲ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਮੌਕੇ ਨਸ਼ਾ ਤਸਕਰਾਂ ਵਿਰੁੱਧ ਆਵਾਜ਼ ਉਠਾਉਂਦਿਆਂ ਜਾਨ ਗੁਆਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀ ਸਹਾਇਤਾ ਕਰਨ ਲਈ ਵੀ ਸੰਗਤ ਨੂੰ ਆਦੇਸ਼ ਦਿੱਤਾ ਗਿਆ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਗਤ ਨੂੰ ਪਰਿਵਾਰ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ।

ਉਨ੍ਹਾਂ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਾਂਝੇ ਯਤਨ ਕੀਤੇ ਜਾਣੇ ਚਾਹੀਦੇ ਹਨ ਅਤੇ ਇਸ ਬੁਰਾਈ ਵਿਰੁੱਧ ਸੰਘਰਸ਼ ਕਰ ਰਹੇ ਲੋਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ।

ਇਸ ਮੌਕੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ, ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਅਤੇ ਹੋਰ ਸਿੰਘ ਸਾਹਿਬਾਨ ਵੀ ਮੌਜੂਦ ਸਨ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਇਸ ਇਕੱਤਰਤਾ ਵਿੱਚ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਤਨਖ਼ਾਹੀਆ ਕਰਾਰ ਦੇਣ, ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਤੇ ਕੀਰਤਨ ’ਤੇ ਰੋਕ ਲਗਾਉਣ ਅਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀ ਸਹਾਇਤਾ ਕਰਨ ਸਬੰਧੀ ਆਦੇਸ਼ ਜਾਰੀ ਕੀਤੇ ਗਏ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments