Google search engine
Home Global France Curfew: ਫਰਾਂਸ ਵਿੱਚ ਹਿੰਸਾ ਤੇ ਲੁੱਟਮਾਰ ਰੋਕਣ ਲਈ ਸ਼ਹਿਰਾਂ ’ਚ ਕਰਫਿਊ...

France Curfew: ਫਰਾਂਸ ਵਿੱਚ ਹਿੰਸਾ ਤੇ ਲੁੱਟਮਾਰ ਰੋਕਣ ਲਈ ਸ਼ਹਿਰਾਂ ’ਚ ਕਰਫਿਊ ਲਾਉਣ ਦੀ ਤਿਆਰੀ

ਪ੍ਰਧਾਨ ਮੰਤਰੀ ਸੇਬੇਸਟੀਅਨ ਲੇਕੋਰਨੂ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼; ਦੇਸ਼ ਭਰ ਵਿੱਚ 2,400 ਤੋਂ ਵੱਧ ਲੋਕ ਗ੍ਰਿਫ਼ਤਾਰ

ਫਰਾਂਸ ਵਿੱਚ ਵਧਦੀ ਹਿੰਸਾ, ਭੰਨਤੋੜ ਅਤੇ ਲੁੱਟਮਾਰ ਦੀਆਂ ਘਟਨਾਵਾਂ ’ਤੇ ਕਾਬੂ ਪਾਉਣ ਲਈ ਸਰਕਾਰ ਨੇ ਸ਼ਹਿਰਾਂ ਦੇ ਪ੍ਰਭਾਵਿਤ ਇਲਾਕਿਆਂ ਵਿੱਚ ਕਰਫਿਊ ਲਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਸੇਬੇਸਟੀਅਨ ਲੇਕੋਰਨੂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਹਾਲਾਤ ਨੂੰ ਕਾਬੂ ਕਰਨ ਲਈ ਬਹੁਤ ਹੀ ਸੀਮਤ ਅਤੇ ਸਥਾਨਕ ਪੱਧਰ ’ਤੇ ਕਰਫਿਊ ਲਾਗੂ ਕਰਨ ਬਾਰੇ ਕਦਮ ਚੁੱਕੇ ਜਾਣ। ਇਹ ਫ਼ੈਸਲਾ ਹਫ਼ਤੇ ਦੇ ਅੰਤ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਭੜਕੀ ਹਿੰਸਾ ਤੋਂ ਬਾਅਦ ਲਿਆ ਗਿਆ ਹੈ। ਇਨ੍ਹਾਂ ਘਟਨਾਵਾਂ ਦੌਰਾਨ ਸਰਕਾਰੀ ਇਮਾਰਤਾਂ, ਸਿਟੀ ਹਾਲਾਂ ਅਤੇ ਸੈਂਕੜੇ ਵਪਾਰਕ ਅਦਾਰਿਆਂ ਨੂੰ ਨਿਸ਼ਾਨਾ ਬਣਾਇਆ ਗਿਆ।

ਉੱਚ ਸਰਕਾਰੀ ਅਧਿਕਾਰੀਆਂ ਨਾਲ ਐਮਰਜੈਂਸੀ ਮੀਟਿੰਗ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਲੇਕੋਰਨੂ ਨੇ ਹਿੰਸਕ ਭੀੜ ਦਾ ਸਾਹਮਣਾ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ਼ਨਿੱਚਰਵਾਰ ਨੂੰ ਭਾਰੀ ਹਿੰਸਾ ਅਤੇ ਜਾਇਦਾਦ ਦੇ ਵੱਡੇ ਪੱਧਰ ’ਤੇ ਨੁਕਸਾਨ ਦੇ ਬਾਵਜੂਦ ਕਿਸੇ ਵਿਅਕਤੀ ਦੀ ਜਾਨ ਨਹੀਂ ਗਈ, ਜੋ ਕਿਸੇ ਚਮਤਕਾਰ ਤੋਂ ਘੱਟ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਹਿੰਸਾ ਅਤੇ ਲੁੱਟਮਾਰ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕੇਗੀ।

ਪ੍ਰਧਾਨ ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਸ਼ਹਿਰਾਂ ਜਾਂ ਇਲਾਕਿਆਂ ਵਿੱਚ ਕਰਫਿਊ ਲਾਗੂ ਕੀਤਾ ਜਾਵੇਗਾ, ਉਨ੍ਹਾਂ ਬਾਰੇ ਵਿਸਥਾਰਤ ਜਾਣਕਾਰੀ ਸੋਮਵਾਰ ਨੂੰ ਜਾਰੀ ਕੀਤੀ ਜਾਵੇਗੀ। ਸਰਕਾਰ ਦੀ ਯੋਜਨਾ ਹੈ ਕਿ ਪਾਬੰਦੀਆਂ ਨੂੰ ਸਿਰਫ਼ ਉਨ੍ਹਾਂ ਥਾਵਾਂ ਤੱਕ ਸੀਮਤ ਰੱਖਿਆ ਜਾਵੇ, ਜਿੱਥੇ ਹਿੰਸਾ ਅਤੇ ਲੁੱਟਮਾਰ ਦੀਆਂ ਘਟਨਾਵਾਂ ਨੂੰ ਰੋਕਣ ਲਈ ਇਸ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ।

ਇਸ ਦੌਰਾਨ ਫਰਾਂਸ ਦੇ ਗ੍ਰਹਿ ਮੰਤਰੀ ਲੌਰੇਂਟ ਨੁਨੇਜ਼ ਵੱਲੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੇ ਜਾਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਉਨ੍ਹਾਂ ਨੇ ਐਤਵਾਰ ਨੂੰ ਆਪਣਾ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਸੀ, ਪਰ ਰਾਸ਼ਟਰਪਤੀ ਇਮੈਨੁਅਲ ਮੈਕਰੌਨ ਨੇ ਉਨ੍ਹਾਂ ਨੂੰ ਅਹੁਦੇ ’ਤੇ ਬਣੇ ਰਹਿਣ ਲਈ ਕਿਹਾ। ਰਾਸ਼ਟਰਪਤੀ ਦੇ ਦਫ਼ਤਰ ਵੱਲੋਂ ਸੋਮਵਾਰ ਨੂੰ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਮੌਜੂਦਾ ਹਾਲਾਤ ਵਿੱਚ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਸਰਕਾਰੀ ਕਮਾਂਡ ਵਿੱਚ ਨਿਰੰਤਰਤਾ ਕਾਇਮ ਰਹਿਣੀ ਜ਼ਰੂਰੀ ਹੈ। ਇਸੇ ਕਾਰਨ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਪੇਸ਼ਕਸ਼ ਸਵੀਕਾਰ ਨਹੀਂ ਕੀਤੀ ਗਈ।

ਫਰਾਂਸ ਵਿੱਚ ਇਹ ਹਿੰਸਕ ਘਟਨਾਵਾਂ ਵਧਦੀ ਮਹਿੰਗਾਈ ਅਤੇ ਸਕੂਲਾਂ ਦੇ ਮਾੜੇ ਹਾਲਾਤਾਂ ਵਿਰੁੱਧ ਹੋਏ ਪ੍ਰਦਰਸ਼ਨਾਂ ਦੌਰਾਨ ਸ਼ੁਰੂ ਹੋਈਆਂ। ਸ਼ਨਿੱਚਰਵਾਰ ਨੂੰ ਪ੍ਰਦਰਸ਼ਨਾਂ ਨੇ ਹਿੰਸਕ ਰੂਪ ਧਾਰ ਲਿਆ, ਜਿਸ ਤੋਂ ਬਾਅਦ ਕਈ ਸ਼ਹਿਰਾਂ ਵਿੱਚ ਜਨਤਕ ਅਤੇ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਗਿਆ। ਸਥਿਤੀ ਉਸ ਸਮੇਂ ਹੋਰ ਵਿਗੜ ਗਈ, ਜਦੋਂ ਐਤਵਾਰ ਸ਼ਾਮ ਨੂੰ ਪ੍ਰਦਰਸ਼ਨਕਾਰੀਆਂ ਦੀਆਂ ਭੀੜਾਂ ਨੇ ਵੱਖ-ਵੱਖ ਥਾਵਾਂ ’ਤੇ ਅੱਗਜ਼ਨੀ ਅਤੇ ਲੁੱਟਮਾਰ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ।

ਰਾਜਧਾਨੀ ਪੈਰਿਸ ਤੋਂ ਇਲਾਵਾ ਲਿਓਨ, ਮਾਰਸੇਲ ਅਤੇ ਹੋਰ ਸ਼ਹਿਰਾਂ ਵਿੱਚ ਸੜਕਾਂ ’ਤੇ ਕੂੜੇਦਾਨਾਂ, ਸਾਈਕਲਾਂ ਅਤੇ ਹੋਰ ਵਸਤਾਂ ਨੂੰ ਅੱਗ ਲਗਾਈ ਗਈ। ਕਈ ਦੁਕਾਨਾਂ ਵਿੱਚ ਭੰਨਤੋੜ ਕਰਕੇ ਸਾਮਾਨ ਲੁੱਟਿਆ ਗਿਆ। ਇਸ ਹਿੰਸਾ ਕਾਰਨ ਸਰਕਾਰੀ ਇਮਾਰਤਾਂ ਅਤੇ ਵਪਾਰਕ ਅਦਾਰਿਆਂ ਨੂੰ ਭਾਰੀ ਨੁਕਸਾਨ ਪਹੁੰਚਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ।

ਹਾਲਾਤ ਨੂੰ ਕਾਬੂ ਕਰਨ ਲਈ ਪੁਲੀਸ ਵੱਲੋਂ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਦੇਸ਼ ਭਰ ਵਿੱਚ ਘੱਟੋ-ਘੱਟ 2,400 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਸਰਕਾਰ ਹੁਣ ਪ੍ਰਭਾਵਿਤ ਇਲਾਕਿਆਂ ਵਿੱਚ ਕਰਫਿਊ ਲਾਉਣ ਸਮੇਤ ਹੋਰ ਸੁਰੱਖਿਆ ਉਪਾਵਾਂ ਰਾਹੀਂ ਹਿੰਸਾ ਨੂੰ ਰੋਕਣ ਅਤੇ ਜਨਤਕ ਜਾਇਦਾਦ ਦੀ ਰਾਖੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Exit mobile version