Google search engine
Home Indian Tiger Shroff Firing Case: ਕੇਜਰੀਵਾਲ ਦਾ ਭਾਜਪਾ ’ਤੇ ਤਿੱਖਾ ਹਮਲਾ, ਗੈਂਗਸਟਰ ਨੂੰ...

Tiger Shroff Firing Case: ਕੇਜਰੀਵਾਲ ਦਾ ਭਾਜਪਾ ’ਤੇ ਤਿੱਖਾ ਹਮਲਾ, ਗੈਂਗਸਟਰ ਨੂੰ ਦੱਸਿਆ ‘ਜਵਾਈ’

ਅਮਿਤ ਸ਼ਾਹ ਦੀ ਪੰਜਾਬ ਫੇਰੀ ਤੋਂ ਪਹਿਲਾਂ ਕੇਜਰੀਵਾਲ ਨੇ ਘੇਰੀ ਭਾਜਪਾ; ਕਿਹਾ, ਆਪਣੇ ਸੂਬਿਆਂ ਵਿੱਚ ਅਮਨ-ਕਾਨੂੰਨ ਸੰਭਾਲਣ ਤੋਂ ਅਸਮਰੱਥ ਆਗੂ ਪੰਜਾਬ ਆ ਕੇ ਦੇਣਗੇ ਭਾਸ਼ਣ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅਦਾਕਾਰ ਟਾਈਗਰ ਸ਼ਰੌਫ਼ ’ਤੇ ਹੋਈ ਗੋਲੀਬਾਰੀ ਦੀ ਘਟਨਾ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ’ਤੇ ਤਿੱਖਾ ਸਿਆਸੀ ਹਮਲਾ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਤੋਂ ਇੱਕ ਦਿਨ ਪਹਿਲਾਂ ਕੇਜਰੀਵਾਲ ਨੇ ਭਾਜਪਾ ਦੀ ਕਾਨੂੰਨ-ਵਿਵਸਥਾ ਸਬੰਧੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਪਾਰਟੀ ਦੇਸ਼ ਦੇ ਸਭ ਤੋਂ ਵੱਡੇ ਗੈਂਗਸਟਰ ਨੂੰ ਆਪਣਾ ‘ਜਵਾਈ’ ਬਣਾ ਕੇ ਬੈਠੀ ਹੈ।

ਕੇਜਰੀਵਾਲ ਨੇ ਸਮਾਜਿਕ ਮਾਧਿਅਮ ‘ਐਕਸ’ ’ਤੇ ਅਦਾਕਾਰ ਟਾਈਗਰ ਸ਼ਰੌਫ਼ ’ਤੇ ਹੋਏ ਹਮਲੇ ਨਾਲ ਸਬੰਧਤ ਪੋਸਟ ਸਾਂਝੀ ਕਰਦਿਆਂ ਭਾਜਪਾ ’ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਕਿਹਾ ਕਿ ਜਿਹੜੇ ਆਗੂ ਆਪਣੇ ਸੂਬਿਆਂ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਵਿੱਚ ਅਸਫ਼ਲ ਹਨ, ਉਹ ਪੰਜਾਬ ਆ ਕੇ ਕਾਨੂੰਨ-ਵਿਵਸਥਾ ਬਾਰੇ ਭਾਸ਼ਣ ਦੇਣਗੇ।

ਆਪ ਆਗੂ ਨੇ ਦੋਸ਼ ਲਾਇਆ ਕਿ ਭਾਜਪਾ ਨੇ ਦੇਸ਼ ਦੇ ਸਭ ਤੋਂ ਵੱਡੇ ਗੈਂਗਸਟਰ ਨੂੰ ਭਾਰਤ ਹੀ ਨਹੀਂ, ਸਗੋਂ ਦੁਨੀਆ ਭਰ ਵਿੱਚ ਅਪਰਾਧ ਕਰਨ ਲਈ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਹੋਈਆਂ ਹਨ। ਉਨ੍ਹਾਂ ਦੀ ਇਸ ਟਿੱਪਣੀ ਨੂੰ ਅਮਿਤ ਸ਼ਾਹ ਦੀ ਪੰਜਾਬ ਫੇਰੀ ਤੋਂ ਪਹਿਲਾਂ ਭਾਜਪਾ ਵਿਰੁੱਧ ਸਿਆਸੀ ਹਮਲੇ ਵਜੋਂ ਦੇਖਿਆ ਜਾ ਰਿਹਾ ਹੈ।

ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਭਾਜਪਾ ਦੀਆਂ ਨੀਤੀਆਂ ਅਤੇ ਉਸ ਦੇ ਦਾਅਵਿਆਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਨੂੰ ਵੋਟ ਪਾਉਣਾ ਆਪਣੇ ਘਰ ਵਿੱਚ ਹੀ ਗੈਂਗਸਟਰ ਰੂਪੀ ‘ਜਵਾਈ’ ਨੂੰ ਸੱਦਾ ਦੇਣ ਦੇ ਬਰਾਬਰ ਹੋਵੇਗਾ।

ਉਨ੍ਹਾਂ ਦੇ ਇਸ ਬਿਆਨ ਨਾਲ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਾਲੇ ਸਿਆਸੀ ਟਕਰਾਅ ਹੋਰ ਤਿੱਖਾ ਹੋਣ ਦੇ ਆਸਾਰ ਹਨ। ਅਮਿਤ ਸ਼ਾਹ ਦੀ ਪੰਜਾਬ ਫੇਰੀ ਤੋਂ ਪਹਿਲਾਂ ਆਏ ਇਸ ਬਿਆਨ ਨੇ ਸੂਬੇ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।

Exit mobile version