ਤਰਨ ਤਾਰਨ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਸੀਮਾ ਸੁਰੱਖਿਆ ਬਲ (ਬੀਐੱਸਐੱਫ.) ਅਤੇ ਥਾਣਾ ਖਾਲੜਾ ਦੀ ਪੁਲੀਸ ਨੇ ਪੰਜਾਬ ਪੁਲੀਸ ਦੇ ਇੱਕ ਕਾਂਸਟੇਬਲ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 525 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ ਹੈ। ਪੁਲੀਸ ਨੇ ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਲਈ ਵਰਤੀ ਜਾ ਰਹੀ ਬੋਲੈਰੋ ਗੱਡੀ ਵੀ ਆਪਣੇ ਕਬਜ਼ੇ ਵਿੱਚ ਲੈ ਲਈ ਹੈ। ਇਸ ਮਾਮਲੇ ਵਿੱਚ ਤਿੰਨਾਂ ਮੁਲਜ਼ਮਾਂ ਵਿਰੁੱਧ ਥਾਣਾ ਖਾਲੜਾ ਵਿਖੇ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਐੱਸਐੱਫ. ਅਤੇ ਖਾਲੜਾ ਪੁਲੀਸ ਵੱਲੋਂ ਅੱਡਾ ਬਾਸਰਕੇ ਵਿਖੇ ਸਾਂਝੀ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਇੱਕ ਬੋਲੈਰੋ ਗੱਡੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਗੱਡੀ ਵਿੱਚੋਂ 525 ਗ੍ਰਾਮ ਅਫ਼ੀਮ ਮਿਲੀ, ਜਿਸ ਮਗਰੋਂ ਗੱਡੀ ਵਿੱਚ ਸਵਾਰ ਤਿੰਨਾਂ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ. ਭਿੱਖੀਵਿੰਡ ਅਤੁਲ ਸੋਨੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਭਾਗ ਸਿੰਘ ਵਾਸੀ ਸਨੇਰ, ਜਗਬੀਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਵਈਆਂ ਅਤੇ ਅਮਰਜੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਸਲਾਨੀ, ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ ਹੈ।
ਡੀਐੱਸਪੀ. ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਤਿੰਨ ਵਿਅਕਤੀਆਂ ਵਿੱਚੋਂ ਅਮਰਜੀਤ ਸਿੰਘ ਪੰਜਾਬ ਪੁਲੀਸ ਵਿੱਚ ਕਾਂਸਟੇਬਲ ਵਜੋਂ ਤਾਇਨਾਤ ਹੈ। ਇਸ ਮਾਮਲੇ ਵਿੱਚ ਪੁਲੀਸ ਵੱਲੋਂ ਸਾਰੇ ਮੁਲਜ਼ਮਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਬਾਅਦ ਇਹ ਪਤਾ ਲਗਾਉਣ ਲਈ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਅਫ਼ੀਮ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਕਿੱਥੇ ਪਹੁੰਚਾਇਆ ਜਾਣਾ ਸੀ।
ਕਾਂਸਟੇਬਲ ਨਾਲ ਕੋਈ ਨਿੱਜੀ ਸਬੰਧ ਨਹੀਂ: ਕੁਲਬੀਰ ਸਿੰਘ ਜ਼ੀਰਾ
ਇਸ ਮਾਮਲੇ ਵਿੱਚ ਪੰਜਾਬ ਪੁਲੀਸ ਦੇ ਕਾਂਸਟੇਬਲ ਅਮਰਜੀਤ ਸਿੰਘ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਸੋਸ਼ਲ ਮੀਡੀਆ ਰਾਹੀਂ ਆਪਣਾ ਪੱਖ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਅਮਰਜੀਤ ਸਿੰਘ ਨੂੰ ਲਗਪਗ ਤਿੰਨ ਦਿਨ ਪਹਿਲਾਂ ਹੀ ਉਨ੍ਹਾਂ ਦੀ ਸੁਰੱਖਿਆ ਵਿੱਚ ਤਾਇਨਾਤ ਕੀਤਾ ਗਿਆ ਸੀ।
ਜ਼ੀਰਾ ਨੇ ਦੱਸਿਆ ਕਿ ਉਨ੍ਹਾਂ ਦੀ ਸੁਰੱਖਿਆ ਵਿੱਚ ਤਾਇਨਾਤ ਇੱਕ ਮੁਲਾਜ਼ਮ ਦੇ ਬਿਮਾਰ ਹੋਣ ਕਾਰਨ ਉਸ ਦੀ ਥਾਂ ਅਮਰਜੀਤ ਸਿੰਘ ਨੂੰ ਡਿਊਟੀ ’ਤੇ ਭੇਜਿਆ ਗਿਆ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸੁਰੱਖਿਆ ਲਈ ਪੁਲੀਸ ਮੁਲਾਜ਼ਮ ਐੱਸਐੱਸਪੀ. ਫ਼ਿਰੋਜ਼ਪੁਰ ਵੱਲੋਂ ਭੇਜੇ ਜਾਂਦੇ ਹਨ।
ਸਾਬਕਾ ਵਿਧਾਇਕ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਕਾਂਸਟੇਬਲ ਨਾਲ ਉਨ੍ਹਾਂ ਦਾ ਕੋਈ ਨਿੱਜੀ ਸਬੰਧ ਨਹੀਂ ਹੈ। ਉਨ੍ਹਾਂ ਦੇ ਕਹਿਣ ਅਨੁਸਾਰ, ਅਮਰਜੀਤ ਸਿੰਘ ਨੂੰ ਸੁਰੱਖਿਆ ਡਿਊਟੀ ’ਤੇ ਤਾਇਨਾਤ ਕੀਤੇ ਜਾਣ ਤੋਂ ਕੁਝ ਹੀ ਦਿਨਾਂ ਬਾਅਦ ਉਸ ਦੀ ਗ੍ਰਿਫ਼ਤਾਰੀ ਦੀ ਖ਼ਬਰ ਸਾਹਮਣੇ ਆਈ ਹੈ।
ਫਿਲਹਾਲ ਪੁਲੀਸ ਵੱਲੋਂ ਤਿੰਨਾਂ ਮੁਲਜ਼ਮਾਂ ਵਿਰੁੱਧ ਦਰਜ ਕੀਤੇ ਗਏ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਜਾਂਚ ਦੌਰਾਨ ਅਫ਼ੀਮ ਦੀ ਸਪਲਾਈ ਦੇ ਸਰੋਤ, ਇਸ ਦੀ ਢੋਆ-ਢੁਆਈ ਨਾਲ ਜੁੜੇ ਸੰਪਰਕਾਂ ਅਤੇ ਮਾਮਲੇ ਦੇ ਹੋਰ ਸੰਭਾਵਿਤ ਪਹਿਲੂਆਂ ਦੀ ਪੜਤਾਲ ਕੀਤੀ ਜਾਵੇਗੀ।




