HomePunjab Newsਪਰਵਿੰਦਰ ਝੋਟਾ ਦੇ ਚਾਰ ਜ਼ਖ਼ਮੀ ਸਾਥੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 20 ਲੱਖ...

ਪਰਵਿੰਦਰ ਝੋਟਾ ਦੇ ਚਾਰ ਜ਼ਖ਼ਮੀ ਸਾਥੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 20 ਲੱਖ ਰੁਪਏ ਦੀ ਮਦਦ

ਨਸ਼ਿਆਂ ਖ਼ਿਲਾਫ਼ ਸੰਘਰਸ਼ ਕਰਨ ਵਾਲੇ ਨੌਜਵਾਨਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਸਿੱਖ ਸੰਸਥਾ: ਗਿਆਨੀ ਟੇਕ ਸਿੰਘ

ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਆਪਣੀ ਜਾਨ ਕੁਰਬਾਨ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਸਾਥੀਆਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਹਿਮ ਕਦਮ ਚੁੱਕਿਆ ਗਿਆ ਹੈ। ਇਸ ਦੁਖਦਾਈ ਘਟਨਾ ਦੌਰਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 5-5 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਗਈ ਹੈ। ਇਸ ਤਰ੍ਹਾਂ ਚਾਰਾਂ ਨੌਜਵਾਨਾਂ ਨੂੰ ਕੁੱਲ 20 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ ਗਏ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪਹਿਲਾਂ ਕੀਤੇ ਗਏ ਐਲਾਨ ਨੂੰ ਅਮਲੀ ਰੂਪ ਦਿੰਦਿਆਂ ਇਹ ਸਹਾਇਤਾ ਮੁਹੱਈਆ ਕਰਵਾਈ ਗਈ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਅਤੇ ਮੀਤ ਸਕੱਤਰ ਆਜ਼ਾਦਦੀਪ ਸਿੰਘ ਨੇ ਜ਼ਖ਼ਮੀ ਨੌਜਵਾਨਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ। ਇਸ ਮੌਕੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਬਾਪੂ ਭੀਮ ਸਿੰਘ ਵੀ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਉਠਾਉਣ ਦੌਰਾਨ ਵਾਪਰੀ ਇੱਕ ਘਟਨਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਜਾਨ ਚਲੀ ਗਈ ਸੀ, ਜਦਕਿ ਉਨ੍ਹਾਂ ਦੇ ਚਾਰ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ। ਇਸ ਘਟਨਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਸੀ। ਉਨ੍ਹਾਂ ਨੇ ਜ਼ਖ਼ਮੀ ਨੌਜਵਾਨਾਂ ਦੇ ਇਲਾਜ ਅਤੇ ਪਰਿਵਾਰਾਂ ਦੀ ਸਹਾਇਤਾ ਲਈ ਮਾਲੀ ਮਦਦ ਦੇਣ ਦਾ ਐਲਾਨ ਕੀਤਾ ਸੀ, ਜਿਸ ਤਹਿਤ ਹੁਣ ਚਾਰਾਂ ਨੌਜਵਾਨਾਂ ਨੂੰ ਪੰਜ-ਪੰਜ ਲੱਖ ਰੁਪਏ ਦੇ ਚੈੱਕ ਦਿੱਤੇ ਗਏ ਹਨ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਦਲੇਰੀ ਨਾਲ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਸਮੁੱਚੀ ਕੌਮ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੀ ਗੰਭੀਰ ਸਮਾਜਿਕ ਬੁਰਾਈ ਵਿਰੁੱਧ ਸੰਘਰਸ਼ ਕਰਨਾ ਅੱਜ ਦੇ ਸਮੇਂ ਦੀ ਵੱਡੀ ਲੋੜ ਹੈ। ਇਸ ਮਕਸਦ ਲਈ ਯਤਨ ਕਰਨ ਵਾਲੇ ਨੌਜਵਾਨਾਂ ਦਾ ਸਾਥ ਦੇਣਾ ਸਮਾਜ ਦੇ ਹਰ ਵਰਗ ਦੀ ਜ਼ਿੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁੱਖ ਦੀ ਇਸ ਘੜੀ ਵਿੱਚ ਪੀੜਤ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਸਮਾਜ ਵਿਰੋਧੀ ਅਨਸਰਾਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਨੂੰ ਇਕੱਲੇ ਨਹੀਂ ਪੈਣ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਨੇ ਜ਼ਖ਼ਮੀ ਨੌਜਵਾਨਾਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਵੀ ਕੀਤੀ ਅਤੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਪ੍ਰੇਰਿਤ ਕਰਦੀ ਰਹੇਗੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਮੀਤ ਸਕੱਤਰ ਆਜ਼ਾਦਦੀਪ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਮੈਨੇਜਰ ਮਨਦੀਪ ਸਿੰਘ ਮਾਖਾ ਅਤੇ ਰਜਿੰਦਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments