HomeCanadaਕੈਨੇਡਾ ’ਚ ਬਿਨਾਂ ਸਹਿਮਤੀ ਕਿਸੇ ਦੀਆਂ ਤਸਵੀਰਾਂ ਸਾਂਝੀਆਂ ਕਰਨ ’ਤੇ ਹੋਵੇਗੀ ਸਖ਼ਤ...

ਕੈਨੇਡਾ ’ਚ ਬਿਨਾਂ ਸਹਿਮਤੀ ਕਿਸੇ ਦੀਆਂ ਤਸਵੀਰਾਂ ਸਾਂਝੀਆਂ ਕਰਨ ’ਤੇ ਹੋਵੇਗੀ ਸਖ਼ਤ ਕਾਰਵਾਈ

ਅਲਬਰਟਾ ਸਰਕਾਰ ਵੱਲੋਂ ਬਿੱਲ 33 ਦਾ ਖ਼ਰੜਾ ਤਿਆਰ; ਕਾਨੂੰਨ ਬਣਨ ’ਤੇ ਦੋ ਸਾਲ ਤੱਕ ਦੀ ਕੈਦ ਅਤੇ 10 ਹਜ਼ਾਰ ਡਾਲਰ ਜੁਰਮਾਨੇ ਦੀ ਵਿਵਸਥਾ

ਕੈਨੇਡਾ ਦੇ ਸੂਬੇ ਅਲਬਰਟਾ ਵਿੱਚ ਸੋਸ਼ਲ ਮੀਡੀਆ ’ਤੇ ਲੋਕਾਂ ਦੀਆਂ ਜਾਅਲੀ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਕੇ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਸੂਬੇ ਦੀ ਮੁੱਖ ਮੰਤਰੀ ਡੈਨੀਅਲ ਸਮਿੱਥ ਨੇ ਇਸ ਸਬੰਧੀ ਬਿੱਲ 33 ਦਾ ਖ਼ਰੜਾ ਤਿਆਰ ਹੋਣ ਦੀ ਜਾਣਕਾਰੀ ਦਿੱਤੀ ਹੈ। ਪ੍ਰਸਤਾਵਿਤ ਬਿੱਲ ਵਿਧਾਨ ਸਭਾ ਵਿੱਚ ਪਾਸ ਹੋ ਕੇ ਲਾਗੂ ਹੋਣ ਤੋਂ ਬਾਅਦ, ਕਿਸੇ ਵਿਅਕਤੀ ਦੀ ਸਹਿਮਤੀ ਤੋਂ ਬਿਨਾਂ ਉਸ ਦੀ ਅਜਿਹੀ ਅਸਲੀ ਜਾਂ ਨਕਲੀ ਤਸਵੀਰ ਜਨਤਕ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਦਾ ਰਾਹ ਖੁੱਲ੍ਹ ਸਕਦਾ ਹੈ, ਜਿਸ ਨਾਲ ਉਸ ਦੀ ਸਾਖ਼ ਨੂੰ ਨੁਕਸਾਨ ਪਹੁੰਚਦਾ ਹੋਵੇ।

ਪ੍ਰਸਤਾਵਿਤ ਕਾਨੂੰਨ ਤਹਿਤ ਅਜਿਹੇ ਮਾਮਲਿਆਂ ਵਿੱਚ ਦੋਸ਼ੀ ਪਾਏ ਜਾਣ ਵਾਲੇ ਵਿਅਕਤੀ ਨੂੰ ਦੋ ਸਾਲ ਤੱਕ ਦੀ ਕੈਦ ਅਤੇ 10 ਹਜ਼ਾਰ ਕੈਨੇਡੀਅਨ ਡਾਲਰ ਤੱਕ ਦੇ ਜੁਰਮਾਨੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਕਦਮ ਦਾ ਉਦੇਸ਼ ਸੋਸ਼ਲ ਮੀਡੀਆ ਦੀ ਦੁਰਵਰਤੋਂ ਰਾਹੀਂ ਲੋਕਾਂ ਨੂੰ ਬਦਨਾਮ ਕਰਨ ਅਤੇ ਉਨ੍ਹਾਂ ਦੀ ਨਿੱਜਤਾ ਨੂੰ ਠੇਸ ਪਹੁੰਚਾਉਣ ਦੀਆਂ ਘਟਨਾਵਾਂ ਨੂੰ ਰੋਕਣਾ ਹੈ।

ਮੁੱਖ ਮੰਤਰੀ ਡੈਨੀਅਲ ਸਮਿੱਥ ਨੇ ਆਪਣੇ ਅਧਿਕਾਰਤ ਐਕਸ ਖਾਤੇ ’ਤੇ ਸਾਂਝੀ ਕੀਤੀ ਪੋਸਟ ਵਿੱਚ ਦੱਸਿਆ ਕਿ ਇਸ ਸਬੰਧੀ ਬਿੱਲ 33 ਦਾ ਖ਼ਰੜਾ ਤਿਆਰ ਕਰ ਲਿਆ ਗਿਆ ਹੈ। ਉਨ੍ਹਾਂ ਮੁਤਾਬਕ, ਵਿਧਾਨ ਸਭਾ ਵਿੱਚ ਬਿੱਲ ਪਾਸ ਹੋਣ ਅਤੇ ਕਾਨੂੰਨ ਲਾਗੂ ਹੋਣ ਤੋਂ ਬਾਅਦ ਅਜਿਹੀਆਂ ਘਟਨਾਵਾਂ ਦੇ ਪੀੜਤਾਂ ਨੂੰ ਕਾਨੂੰਨੀ ਸੁਰੱਖਿਆ ਮਿਲਣ ਦੀ ਉਮੀਦ ਹੈ। ਇਸ ਨਾਲ ਉਨ੍ਹਾਂ ਲੋਕਾਂ ਵਿਰੁੱਧ ਕਾਰਵਾਈ ਕਰਨ ਵਿੱਚ ਮਦਦ ਮਿਲ ਸਕੇਗੀ, ਜੋ ਕਿਸੇ ਦੀਆਂ ਤਸਵੀਰਾਂ ਜਾਂ ਵੀਡੀਓ ਨਾਲ ਛੇੜਛਾੜ ਕਰਕੇ ਉਨ੍ਹਾਂ ਨੂੰ ਜਨਤਕ ਕਰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਮਸਨੂਈ ਬੁੱਧੀ (ਏਆਈ) ਦੀ ਵਧਦੀ ਵਰਤੋਂ ਤੋਂ ਬਾਅਦ ਕਿਸੇ ਵਿਅਕਤੀ ਦੀ ਨਿੱਜੀ ਜ਼ਿੰਦਗੀ ਨਾਲ ਸਬੰਧਤ ਜਾਅਲੀ ਤਸਵੀਰਾਂ ਅਤੇ ਵੀਡੀਓ ਤਿਆਰ ਕਰਕੇ ਸੋਸ਼ਲ ਮੀਡੀਆ ’ਤੇ ਪਾਉਣ ਦਾ ਰੁਝਾਨ ਵਧ ਰਿਹਾ ਹੈ। ਅਜਿਹੀ ਸਮੱਗਰੀ ਦੀ ਵਰਤੋਂ ਕਰਕੇ ਲੋਕਾਂ ਦੇ ਅਕਸ ਨੂੰ ਖ਼ਰਾਬ ਕਰਨ ਅਤੇ ਉਨ੍ਹਾਂ ਨੂੰ ਸਮਾਜਿਕ ਤੌਰ ’ਤੇ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਇਸ ਕਾਰਨ ਪ੍ਰਭਾਵਿਤ ਵਿਅਕਤੀਆਂ ਨੂੰ ਮਾਨਸਿਕ ਪ੍ਰੇਸ਼ਾਨੀ ਅਤੇ ਸਮਾਜਿਕ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਉਨ੍ਹਾਂ ਅਨੁਸਾਰ, ਇਸ ਵਧ ਰਹੀ ਸਮੱਸਿਆ ਨਾਲ ਨਜਿੱਠਣ ਲਈ ਕਾਨੂੰਨੀ ਪ੍ਰਬੰਧ ਮਜ਼ਬੂਤ ਕਰਨਾ ਜ਼ਰੂਰੀ ਹੋ ਗਿਆ ਹੈ। ਪ੍ਰਸਤਾਵਿਤ ਬਿੱਲ ਦਾ ਮਕਸਦ ਕਿਸੇ ਵਿਅਕਤੀ ਦੀ ਸਹਿਮਤੀ ਤੋਂ ਬਿਨਾਂ ਉਸ ਦੇ ਨਿੱਜੀ ਵਿਹਾਰ ਨਾਲ ਸਬੰਧਤ ਤਸਵੀਰਾਂ ਜਾਂ ਵੀਡੀਓ ਜਨਤਕ ਕਰਨ ਦੇ ਮਾਮਲਿਆਂ ਨੂੰ ਕਾਨੂੰਨੀ ਦਾਇਰੇ ਵਿੱਚ ਲਿਆਉਣਾ ਹੈ। ਜੇਕਰ ਇਹ ਬਿੱਲ ਪਾਸ ਹੋ ਕੇ ਲਾਗੂ ਹੁੰਦਾ ਹੈ ਤਾਂ ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਾਨੂੰਨੀ ਨਤੀਜੇ ਭੁਗਤਣੇ ਪੈ ਸਕਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments