HomePunjab Newsਪੰਜਾਬ ’ਚ ਸਰਕਾਰ ਦਾ ਕੰਟਰੋਲ ਖ਼ਤਮ, ਤੁਰੰਤ ਚੋਣਾਂ ਕਰਵਾਈਆਂ ਜਾਣ: ਸੁਖਬੀਰ ਬਾਦਲ

ਪੰਜਾਬ ’ਚ ਸਰਕਾਰ ਦਾ ਕੰਟਰੋਲ ਖ਼ਤਮ, ਤੁਰੰਤ ਚੋਣਾਂ ਕਰਵਾਈਆਂ ਜਾਣ: ਸੁਖਬੀਰ ਬਾਦਲ

ਹਰਸਿਮਰਤ ਕੌਰ ਬਾਦਲ ਨੇ ਔਰਤਾਂ ਨੂੰ ਨਸ਼ਿਆਂ ਵਿਰੁੱਧ ਪਿੰਡਾਂ ਤੇ ਮੁਹੱਲਿਆਂ ਵਿੱਚ ਠੀਕਰੀ ਪਹਿਰੇ ਲਾਉਣ ਦਾ ਦਿੱਤਾ ਸੱਦਾ; ਮਜੀਠੀਆ ਨੇ ਵਿਜੀਲੈਂਸ ਦੀ ਚਾਰਜਸ਼ੀਟ ਨੂੰ ਸਰਕਾਰ ਦਾ ਹੱਥਕੰਡਾ ਦੱਸਿਆ

ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਸਵਾਲ ਚੁੱਕਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਵਿੱਚ ਤੁਰੰਤ ਚੋਣ ਜ਼ਾਬਤਾ ਲਾਗੂ ਕਰਨ ਅਤੇ ਜਲਦੀ ਤੋਂ ਜਲਦੀ ਵਿਧਾਨ ਸਭਾ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਪ੍ਰਸ਼ਾਸਨਿਕ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕੇ ਹਨ ਅਤੇ ਸਰਕਾਰ ਸੂਬੇ ਦੇ ਹਾਲਾਤ ਸੰਭਾਲਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਦੇ ਇਹ ਬਿਆਨ ਉਸ ਸਮੇਂ ਆਏ ਹਨ, ਜਦੋਂ ਚੋਣ ਕਮਿਸ਼ਨ ਦੀ ਵਿਸ਼ੇਸ਼ ਟੀਮ ਪੰਜਾਬ ਵਿੱਚ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਦੌਰੇ ’ਤੇ ਹੈ।

ਸੁਖਬੀਰ ਸਿੰਘ ਬਾਦਲ ਸੂਬੇ ਭਰ ਦੇ ਅਕਾਲੀ ਦਲ ਦੇ ਹਲਕਾ ਇੰਚਾਰਜਾਂ ਦੀ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੀਟਿੰਗ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਤੋਂ ਇਲਾਵਾ ਹਾਲ ਹੀ ਵਿੱਚ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਵੀ ਮੌਜੂਦ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦਾ ਪ੍ਰਸ਼ਾਸਨ ਪੂਰੀ ਤਰ੍ਹਾਂ ਨਕਾਰਾ ਹੋ ਚੁੱਕਾ ਹੈ ਅਤੇ ਸੂਬੇ ਵਿੱਚ ਸਰਕਾਰ ਦਾ ਕੰਟਰੋਲ ਕਮਜ਼ੋਰ ਪੈ ਗਿਆ ਹੈ।

ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਮੁੱਖ ਮੰਤਰੀ ਨੇ ਮਾਨਸਿਕ ਤੌਰ ’ਤੇ ਹਾਰ ਮੰਨ ਲਈ ਹੈ ਅਤੇ ਸਰਕਾਰ ਨੂੰ ਚਲਾਉਣ ਲਈ ਪ੍ਰਭਾਵਸ਼ਾਲੀ ਅਗਵਾਈ ਦੀ ਘਾਟ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਪੱਧਰ ’ਤੇ ਸਪੱਸ਼ਟ ਦਿਸ਼ਾ-ਨਿਰਦੇਸ਼ ਨਾ ਹੋਣ ਕਾਰਨ ਪੁਲੀਸ ਆਪਣੀ ਮਨਮਰਜ਼ੀ ਕਰ ਰਹੀ ਹੈ। ਸੁਖਬੀਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਮੌਜੂਦਾ ਹਾਲਾਤ ਵਿੱਚੋਂ ਕੱਢਣ ਲਈ ਸਰਕਾਰ ਨੂੰ ਤੁਰੰਤ ਬਦਲਣਾ ਅਤੇ ਲੋਕਾਂ ਨੂੰ ਨਵੀਂ ਸਰਕਾਰ ਚੁਣਨ ਦਾ ਮੌਕਾ ਦੇਣਾ ਚਾਹੀਦਾ ਹੈ।

ਭਾਜਪਾ ਨਾਲ ਸੰਭਾਵੀ ਗੱਠਜੋੜ ਬਾਰੇ ਪੁੱਛੇ ਜਾਣ ’ਤੇ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਜਿਹੜੀ ਵੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਸਿਧਾਂਤਾਂ ਨਾਲ ਸਹਿਮਤ ਹੋਵੇਗੀ, ਉਸ ਨਾਲ ਗੱਲਬਾਤ ਕਰਨ ਦੀ ਸੰਭਾਵਨਾ ਖੁੱਲ੍ਹੀ ਹੈ। ਉਨ੍ਹਾਂ ਦੇ ਇਸ ਬਿਆਨ ਨੂੰ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਪਾਰਟੀ ਦੀ ਗੱਠਜੋੜ ਨੀਤੀ ਦੇ ਸੰਦਰਭ ਵਿੱਚ ਅਹਿਮ ਮੰਨਿਆ ਜਾ ਰਿਹਾ ਹੈ।

ਇਸੇ ਦੌਰਾਨ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਉਨ੍ਹਾਂ ਵਿਰੁੱਧ ਦਾਖ਼ਲ ਕੀਤੇ ਗਏ ਲਗਪਗ 40 ਹਜ਼ਾਰ ਪੰਨਿਆਂ ਦੇ ਪੂਰਕ ਦੋਸ਼ ਪੱਤਰ ਨੂੰ ਸਰਕਾਰ ਦਾ ਸਸਤਾ ਹੱਥਕੰਡਾ ਕਰਾਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਅਤੇ ਦਲਜੀਤ ਸਿੰਘ ਦੀ ਭੇਤਭਰੀ ਮੌਤ ਵਰਗੇ ਮਾਮਲਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਇਹ ਕਾਰਵਾਈ ਕੀਤੀ ਗਈ ਹੈ।

ਮਜੀਠੀਆ ਨੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਵੀ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਨੂੰ ਨਸ਼ਾ ਤਸਕਰੀ ਨਾਲ ਜੋੜ ਕੇ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਤਾਂ ਜੋ ਸੂਬੇ ਵਿੱਚ ਚੱਲ ਰਹੇ ਹੋਰ ਗੰਭੀਰ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਇਆ ਜਾ ਸਕੇ। ਮਜੀਠੀਆ ਨੇ ਇਸ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਨਾਲ ਜੋੜਦਿਆਂ ਸਰਕਾਰ ਦੀ ਨੀਅਤ ’ਤੇ ਸਵਾਲ ਉਠਾਏ।

ਦੂਜੇ ਪਾਸੇ, ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਖਰੜ ਵਿੱਚ ਕਰਵਾਈ ਗਈ ‘ਮਾਵਾਂ-ਧੀਆਂ ਦੀ ਰੈਲੀ’ ਦੌਰਾਨ ਔਰਤਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਹੋ ਚੁੱਕੀ ਹੈ ਅਤੇ ਇਸ ਨੂੰ ਰੋਕਣ ਲਈ ਪਿੰਡਾਂ ਤੇ ਮੁਹੱਲਿਆਂ ਵਿੱਚ ਔਰਤਾਂ ਨੂੰ ਇਕਜੁੱਟ ਹੋ ਕੇ ‘ਠੀਕਰੀ ਪਹਿਰੇ’ ਲਾਉਣੇ ਚਾਹੀਦੇ ਹਨ। ਉਨ੍ਹਾਂ ਅਨੁਸਾਰ, ਲੋਕਾਂ ਦੀ ਸਾਂਝੀ ਭਾਗੀਦਾਰੀ ਨਾਲ ਨਸ਼ਿਆਂ ਦੀ ਸਪਲਾਈ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ’ਤੇ ਨਿਗਰਾਨੀ ਰੱਖਣ ਵਿੱਚ ਮਦਦ ਮਿਲ ਸਕਦੀ ਹੈ।

ਹਰਸਿਮਰਤ ਕੌਰ ਬਾਦਲ ਨੇ ਦਲਜੀਤ ਸਿੰਘ ਦੀ ਮੌਤ ਨਾਲ ਸਬੰਧਤ ਘਟਨਾਕ੍ਰਮ ਦਾ ਜ਼ਿਕਰ ਕਰਦਿਆਂ ਦੋਸ਼ ਲਾਇਆ ਕਿ ਪੁਲੀਸ ਨੇ ਮ੍ਰਿਤਕ ਦੀ ਦੇਹ ਨੂੰ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ ਨੂੰ ਲਿਜਾਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨਾਲ ਵੀ ਕਥਿਤ ਤੌਰ ’ਤੇ ਧੱਕੇਸ਼ਾਹੀ ਕੀਤੀ ਗਈ। ਉਨ੍ਹਾਂ ਪੰਜਾਬ ਦੇ ਮੌਜੂਦਾ ਹਾਲਾਤ ’ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀ ਸੁਰੱਖਿਆ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments