HomePunjab Newsਮਾਨਸਾ ’ਚ ਸਿੱਖਾਂ ਦੀਆਂ ਦਸਤਾਰਾਂ ਤੇ ਕਕਾਰਾਂ ਦੀ ਬੇਅਦਬੀ ਬਰਦਾਸ਼ਤ ਨਹੀਂ, ਦੋਸ਼ੀ...

ਮਾਨਸਾ ’ਚ ਸਿੱਖਾਂ ਦੀਆਂ ਦਸਤਾਰਾਂ ਤੇ ਕਕਾਰਾਂ ਦੀ ਬੇਅਦਬੀ ਬਰਦਾਸ਼ਤ ਨਹੀਂ, ਦੋਸ਼ੀ ਪੁਲੀਸ ਅਧਿਕਾਰੀਆਂ ’ਤੇ ਹੋਵੇ ਸਖ਼ਤ ਕਾਰਵਾਈ: ਜਥੇਦਾਰ ਗੜਗੱਜ

ਸਿੱਖ ਕੌਮ ਅਜਿਹੀ ਧੱਕੇਸ਼ਾਹੀ ਨੂੰ ਕਦੇ ਨਹੀਂ ਭੁੱਲੇਗੀ: ਗਿਆਨੀ ਕੁਲਦੀਪ ਸਿੰਘ ਗੜਗੱਜ; ਸ਼ਹੀਦ ਪਰਵਿੰਦਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਮੋਰਚੇ ਵਿੱਚ ਸ਼ਮੂਲੀਅਤ ਦੀ ਅਪੀਲ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਸਿੱਖਾਂ ’ਤੇ ਪੰਜਾਬ ਪੁਲੀਸ ਵੱਲੋਂ ਕੀਤੀ ਗਈ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨਾਲ ਕਥਿਤ ਧੱਕੇਸ਼ਾਹੀ ਕਰਨ ਅਤੇ ਉਨ੍ਹਾਂ ਦੀਆਂ ਦਸਤਾਰਾਂ ਤੇ ਸਿੱਖ ਕਕਾਰਾਂ ਦੀ ਬੇਅਦਬੀ ਕੀਤੇ ਜਾਣ ’ਤੇ ਗੰਭੀਰ ਇਤਰਾਜ਼ ਪ੍ਰਗਟ ਕਰਦਿਆਂ ਇਸ ਘਟਨਾ ਲਈ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖਾਂ ਦੀਆਂ ਦਸਤਾਰਾਂ ਅਤੇ ਕਕਾਰਾਂ ਦਾ ਨਿਰਾਦਰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਨੂੰ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਦੋਸ਼ੀ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨੀ ਚਾਹੀਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸਿੱਖ ਕੌਮ ਅਜਿਹੀ ਸ਼ਰਮਨਾਕ ਅਤੇ ਧੱਕੇਸ਼ਾਹੀ ਵਾਲੀ ਕਾਰਵਾਈ ਨੂੰ ਕਦੇ ਨਹੀਂ ਭੁੱਲੇਗੀ ਅਤੇ ਨਾ ਹੀ ਇਸ ਨੂੰ ਸਵੀਕਾਰ ਕਰੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਬੇਹੱਦ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਅਤੇ ਇਸ ਨੂੰ ਠੱਲ੍ਹ ਪਾਉਣਾ ਸਰਕਾਰਾਂ ਦੀ ਮੁੱਢਲੀ ਜ਼ਿੰਮੇਵਾਰੀ ਹੈ। ਨਸ਼ਿਆਂ ਕਾਰਨ ਸੂਬੇ ਦੇ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ ਅਤੇ ਪਰਿਵਾਰ ਉੱਜੜ ਰਹੇ ਹਨ। ਇਸ ਦੇ ਬਾਵਜੂਦ ਨਸ਼ਿਆਂ ਦੇ ਖ਼ਾਤਮੇ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਬਜਾਏ ਲੋਕਾਂ ਨੂੰ ਹੀ ਪੁਲੀਸ ਕਾਰਵਾਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਨਸ਼ਿਆਂ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ।

ਜਥੇਦਾਰ ਗੜਗੱਜ ਨੇ ਆਖਿਆ ਕਿ ਸਰਕਾਰ ਅਤੇ ਪੁਲੀਸ ਦਾ ਫ਼ਰਜ਼ ਲੋਕਾਂ ਦੀ ਰੱਖਿਆ ਕਰਨਾ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣਾ ਹੈ, ਨਾ ਕਿ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਵਾਲਿਆਂ ’ਤੇ ਤਸ਼ੱਦਦ ਕਰਨਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਹੋਣ ਵਾਲੀ ਅਜਿਹੀ ਧੱਕੇਸ਼ਾਹੀ ਦੇ ਮਾਮਲਿਆਂ ਵਿੱਚ ਸਰਕਾਰ ਨੂੰ ਜਵਾਬਦੇਹ ਹੋਣਾ ਪਵੇਗਾ। ਲੋਕ ਸਮਾਂ ਆਉਣ ’ਤੇ ਅਜਿਹੀਆਂ ਕਾਰਵਾਈਆਂ ਦਾ ਢੁੱਕਵਾਂ ਜਵਾਬ ਦੇਣਗੇ।

ਉਨ੍ਹਾਂ ਸਮੂਹ ਪੰਜਾਬੀਆਂ, ਇਨਸਾਫ਼ ਪਸੰਦ ਜਥੇਬੰਦੀਆਂ ਅਤੇ ਸਮਾਜਿਕ ਸ਼ਖ਼ਸੀਅਤਾਂ ਨੂੰ ਅਪੀਲ ਕੀਤੀ ਕਿ ਉਹ ਮਾਨਸਾ ਵਿਖੇ ਸ਼ਹੀਦ ਪਰਵਿੰਦਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਮੋਰਚੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਕਰ ਰਹੇ ਲੋਕਾਂ ਦੇ ਨਾਲ ਖੜ੍ਹਨਾ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਆਵਾਜ਼ ਬੁਲੰਦ ਕਰਨਾ ਸਮੇਂ ਦੀ ਅਹਿਮ ਲੋੜ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments