ਐੱਲ. ਮੁਰੂਗਨ ਦੇ ਅਸਤੀਫ਼ੇ ਨਾਲ ਖ਼ਾਲੀ ਹੋਈ ਸੀਟ ਤੋਂ ਲੜਨਗੇ ਕੇਂਦਰੀ ਮੰਤਰੀ; 2019 ਵਿੱਚ ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਹਾਰ ਗਏ ਸਨ ਪੁਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿੱਚ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਭਾਰਤੀ ਜਨਤਾ ਪਾਰਟੀ ਨੇ ਮੱਧ ਪ੍ਰਦੇਸ਼ ਤੋਂ ਰਾਜ ਸਭਾ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ ਹੈ। ਇਹ ਸੀਟ ਕੇਂਦਰੀ ਮੰਤਰੀ ਐੱਲ. ਮੁਰੂਗਨ ਦੇ ਅਸਤੀਫ਼ੇ ਤੋਂ ਬਾਅਦ ਖ਼ਾਲੀ ਹੋਈ ਸੀ।
74 ਸਾਲਾ ਹਰਦੀਪ ਸਿੰਘ ਪੁਰੀ ਨੂੰ ਉਮੀਦਵਾਰ ਬਣਾਏ ਜਾਣ ਨਾਲ ਉਨ੍ਹਾਂ ਦੀ ਸੰਸਦ ਵਿੱਚ ਮੈਂਬਰ ਵਜੋਂ ਵਾਪਸੀ ਦਾ ਰਾਹ ਪੱਧਰਾ ਹੋ ਗਿਆ ਹੈ। ਹਾਲ ਹੀ ਵਿੱਚ ਉੱਤਰ ਪ੍ਰਦੇਸ਼ ਤੋਂ ਰਾਜ ਸਭਾ ਦੀਆਂ ਦੋ-ਸਾਲਾ ਚੋਣਾਂ ਲਈ ਭਾਜਪਾ ਵੱਲੋਂ ਉਨ੍ਹਾਂ ਨੂੰ ਮੁੜ ਉਮੀਦਵਾਰ ਨਾ ਬਣਾਏ ਜਾਣ ਕਾਰਨ ਉਨ੍ਹਾਂ ਦੇ ਸਿਆਸੀ ਭਵਿੱਖ ਬਾਰੇ ਚਰਚਾਵਾਂ ਸ਼ੁਰੂ ਹੋ ਗਈਆਂ ਸਨ।
ਭਾਜਪਾ ਨੇ ਹੁਣ ਮੱਧ ਪ੍ਰਦੇਸ਼ ਦੀ ਸੀਟ ਤੋਂ ਉਨ੍ਹਾਂ ਨੂੰ ਉਮੀਦਵਾਰ ਬਣਾ ਕੇ ਕੇਂਦਰੀ ਸਿਆਸਤ ਵਿੱਚ ਉਨ੍ਹਾਂ ਦੀ ਭੂਮਿਕਾ ਜਾਰੀ ਰੱਖਣ ਦਾ ਸੰਕੇਤ ਦਿੱਤਾ ਹੈ। ਪੁਰੀ ਕੇਂਦਰੀ ਮੰਤਰੀ ਮੰਡਲ ਵਿੱਚ ਸਿੱਖ ਚਿਹਰੇ ਵਜੋਂ ਜਾਣੇ ਜਾਂਦੇ ਹਨ।
ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੀ ਇਸ ਫ਼ੈਸਲੇ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਭਾਜਪਾ ਵੱਲੋਂ ਸਿੱਖ ਆਗੂ ਨੂੰ ਮੁੜ ਰਾਜ ਸਭਾ ਵਿੱਚ ਭੇਜਣ ਦੇ ਫ਼ੈਸਲੇ ਨੂੰ ਸੂਬੇ ਵਿੱਚ ਪਾਰਟੀ ਦੀ ਸਿਆਸੀ ਰਣਨੀਤੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਇਸ ਦੌਰਾਨ ਪੁਰੀ ਨੂੰ ਜੈਫਰੀ ਐਪਸਟੀਨ ਨਾਲ ਕਥਿਤ ਸਬੰਧਾਂ ਦੇ ਦੋਸ਼ਾਂ ਨੂੰ ਲੈ ਕੇ ਵੀ ਵਿਰੋਧੀ ਧਿਰ ਦੇ ਸਵਾਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਭਾਜਪਾ ਵੱਲੋਂ ਉਨ੍ਹਾਂ ਨੂੰ ਮੁੜ ਰਾਜ ਸਭਾ ਚੋਣ ਲਈ ਉਮੀਦਵਾਰ ਬਣਾਉਣਾ ਉਨ੍ਹਾਂ ਦੇ ਸਿਆਸੀ ਭਵਿੱਖ ਦੇ ਲਿਹਾਜ਼ ਨਾਲ ਮਹੱਤਵਪੂਰਨ ਹੈ।
ਜ਼ਿਕਰਯੋਗ ਹੈ ਕਿ ਹਰਦੀਪ ਸਿੰਘ ਪੁਰੀ ਨੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਅੰਮ੍ਰਿਤਸਰ ਹਲਕੇ ਤੋਂ ਭਾਜਪਾ ਦੀ ਟਿਕਟ ’ਤੇ ਚੋਣ ਲੜੀ ਸੀ। ਇਸ ਚੋਣ ਵਿੱਚ ਉਨ੍ਹਾਂ ਨੂੰ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਉਹ ਰਾਜ ਸਭਾ ਦੇ ਮੈਂਬਰ ਬਣੇ ਅਤੇ ਕੇਂਦਰ ਸਰਕਾਰ ਵਿੱਚ ਮੰਤਰੀ ਵਜੋਂ ਸੇਵਾਵਾਂ ਨਿਭਾਉਂਦੇ ਰਹੇ।




