HomeIndianਸੁਰੱਖਿਆ ਚਿੰਤਾਵਾਂ ਕਾਰਨ ਫ਼ਿਲਹਾਲ ਨਹੀਂ ਖੁੱਲ੍ਹੇਗਾ ਕਰਤਾਰਪੁਰ ਲਾਂਘਾ, ਕੇਂਦਰ ਨੇ ਸਿੱਖ ਜਥੇਬੰਦੀਆਂ...

ਸੁਰੱਖਿਆ ਚਿੰਤਾਵਾਂ ਕਾਰਨ ਫ਼ਿਲਹਾਲ ਨਹੀਂ ਖੁੱਲ੍ਹੇਗਾ ਕਰਤਾਰਪੁਰ ਲਾਂਘਾ, ਕੇਂਦਰ ਨੇ ਸਿੱਖ ਜਥੇਬੰਦੀਆਂ ਦੀ ਮੰਗ ਕੀਤੀ ਰੱਦ

ਕੇਂਦਰ ਸਰਕਾਰ ਨੇ ਮੌਜੂਦਾ ਸੁਰੱਖਿਆ ਹਾਲਾਤਾਂ ਦਾ ਹਵਾਲਾ ਦਿੰਦਿਆਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰੀ ਵਿਦੇਸ਼ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਸਿੱਖ ਧਾਰਮਿਕ ਜਥੇਬੰਦੀਆਂ ਅਤੇ ਵੱਖ-ਵੱਖ ਆਗੂਆਂ ਵੱਲੋਂ ਲਾਂਘਾ ਮੁੜ ਸ਼ੁਰੂ ਕਰਨ ਸਬੰਧੀ ਕਈ ਪੱਤਰ ਪ੍ਰਾਪਤ ਹੋਏ ਹਨ, ਪਰ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਸਰਕਾਰ ਇਸ ਸਬੰਧੀ ਕੋਈ ਸਕਾਰਾਤਮਕ ਫ਼ੈਸਲਾ ਲੈਣ ਦੀ ਸਥਿਤੀ ਵਿੱਚ ਨਹੀਂ ਹੈ।

ਇਹ ਮਾਮਲਾ ਸੰਸਦ ਦੇ ਚੱਲ ਰਹੇ ਮੌਨਸੂਨ ਸੈਸ਼ਨ ਦੌਰਾਨ ਵੀ ਉਠਾਇਆ ਗਿਆ, ਜਿੱਥੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ਤੋਂ ਕਰਤਾਰਪੁਰ ਲਾਂਘੇ ਦੀ ਮੌਜੂਦਾ ਸਥਿਤੀ ਬਾਰੇ ਸਵਾਲ ਪੁੱਛੇ ਸਨ। ਇਸ ਦੇ ਜਵਾਬ ਵਿੱਚ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਸਰਹੱਦੀ ਖੇਤਰ ਵਿੱਚ ਬਣੇ ਸੁਰੱਖਿਆ ਮਾਹੌਲ ਨੇ ਲਾਂਘੇ ਦੀਆਂ ਸੇਵਾਵਾਂ ਨੂੰ ਮੁਅੱਤਲ ਰੱਖਣ ਲਈ ਮਜਬੂਰ ਕੀਤਾ ਹੋਇਆ ਹੈ।

ਕੇਂਦਰ ਸਰਕਾਰ ਮੁਤਾਬਕ, ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ 7 ਮਈ 2025 ਨੂੰ ਕਰਤਾਰਪੁਰ ਲਾਂਘੇ ਦੀਆਂ ਸੇਵਾਵਾਂ ਅਸਥਾਈ ਤੌਰ ’ਤੇ ਬੰਦ ਕਰ ਦਿੱਤੀਆਂ ਗਈਆਂ ਸਨ। ਇਸ ਘਟਨਾ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਧ ਗਿਆ ਸੀ, ਜਿਸ ਕਾਰਨ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫ਼ੈਸਲਾ ਲਿਆ ਗਿਆ। ਹੁਣ ਕਰੀਬ ਸਵਾ ਸਾਲ ਬੀਤ ਜਾਣ ਦੇ ਬਾਵਜੂਦ ਵੀ ਲਾਂਘਾ ਮੁੜ ਸ਼ੁਰੂ ਨਹੀਂ ਹੋ ਸਕਿਆ ਹੈ।

ਸ੍ਰੀ ਕਰਤਾਰਪੁਰ ਸਾਹਿਬ ਸਿੱਖ ਧਰਮ ਲਈ ਬੇਹੱਦ ਪਵਿੱਤਰ ਅਸਥਾਨ ਹੈ, ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖ਼ਰੀ ਸਾਲ ਇੱਥੇ ਬਿਤਾਏ ਸਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ ਅਤੇ ਪਾਕਿਸਤਾਨ ਨੇ 24 ਅਕਤੂਬਰ 2019 ਨੂੰ ਇੱਕ ਇਤਿਹਾਸਕ ਸਮਝੌਤੇ ਤਹਿਤ ਇਹ ਲਾਂਘਾ ਖੋਲ੍ਹਿਆ ਸੀ, ਜਿਸ ਨਾਲ ਭਾਰਤੀ ਸ਼ਰਧਾਲੂਆਂ ਨੂੰ ਬਿਨਾਂ ਵੀਜ਼ੇ ਦੇ ਦਰਸ਼ਨਾਂ ਦੀ ਸਹੂਲਤ ਮਿਲੀ ਸੀ।

ਕੋਰੋਨਾ ਮਹਾਂਮਾਰੀ ਦੌਰਾਨ ਵੀ ਕੁਝ ਸਮੇਂ ਲਈ ਇਹ ਲਾਂਘਾ ਬੰਦ ਕੀਤਾ ਗਿਆ ਸੀ, ਪਰ 17 ਨਵੰਬਰ 2021 ਨੂੰ ਇਸ ਨੂੰ ਮੁੜ ਖੋਲ੍ਹ ਦਿੱਤਾ ਗਿਆ ਸੀ। ਹਾਲਾਂਕਿ, 2025 ਵਿੱਚ ਸੁਰੱਖਿਆ ਕਾਰਨਾਂ ਕਰਕੇ ਇੱਕ ਵਾਰ ਫਿਰ ਇਸ ਦੀਆਂ ਸੇਵਾਵਾਂ ਰੋਕ ਦਿੱਤੀਆਂ ਗਈਆਂ।

ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਹੈ। ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਵੀ ਇਸ ਮਸਲੇ ਨੂੰ ਉਠਾ ਰਹੀਆਂ ਹਨ ਅਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਾਂਘਾ ਖੋਲ੍ਹਣ ਦੀ ਅਪੀਲ ਕਰ ਰਹੀਆਂ ਹਨ।

ਭਾਵੇਂ ਅਕਤੂਬਰ 2024 ਵਿੱਚ ਕਰਤਾਰਪੁਰ ਸਮਝੌਤੇ ਦੀ ਮਿਆਦ ਵਿੱਚ ਪੰਜ ਸਾਲ ਦਾ ਵਾਧਾ ਕੀਤਾ ਗਿਆ ਸੀ, ਪਰ ਮੌਜੂਦਾ ਸੁਰੱਖਿਆ ਹਾਲਾਤਾਂ ਕਾਰਨ ਇਸ ਦੇ ਜਲਦੀ ਖੁੱਲ੍ਹਣ ਦੀ ਸੰਭਾਵਨਾ ਘੱਟ ਨਜ਼ਰ ਆ ਰਹੀ ਹੈ। ਇਸ ਦੇ ਬਾਵਜੂਦ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਮੁੱਦਾ ਸਿਆਸੀ ਅਤੇ ਧਾਰਮਿਕ ਪੱਧਰ ’ਤੇ ਲਗਾਤਾਰ ਚਰਚਾ ਵਿੱਚ ਬਣਿਆ ਹੋਇਆ ਹੈ।

ਅੰਕੜਿਆਂ ਮੁਤਾਬਕ, ਲਾਂਘਾ ਖੁੱਲ੍ਹਣ ਤੋਂ ਬਾਅਦ ਪਹਿਲੇ ਤਿੰਨ ਮਹੀਨਿਆਂ ਵਿੱਚ 44,951 ਸ਼ਰਧਾਲੂਆਂ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਸਨ। ਇਸ ਤੋਂ ਇਲਾਵਾ ਸਾਲ 2021 ਵਿੱਚ 10,025, ਸਾਲ 2022 ਵਿੱਚ 86,097 ਅਤੇ ਸਾਲ 2023 ਵਿੱਚ 96,555 ਸ਼ਰਧਾਲੂ ਇਸ ਪਵਿੱਤਰ ਅਸਥਾਨ ’ਤੇ ਨਤਮਸਤਕ ਹੋਏ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments