ਪਟਿਆਲਾ: ਪੰਜਾਬ ਕਾਂਗਰਸ ਵਿੱਚ ਲੀਡਰਸ਼ਿਪ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਅਤੇ ਅੰਦਰੂਨੀ ਖਿੱਚੋਤਾਣ ਦਰਮਿਆਨ ਪਾਰਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਮੰਤਰੀ ਮੰਡਲ ਬਾਰੇ ਅੰਤਿਮ ਫ਼ੈਸਲਾ ਚੋਣ ਨਤੀਜਿਆਂ ਤੋਂ ਬਾਅਦ ਕਾਂਗਰਸ ਹਾਈਕਮਾਨ ਵੱਲੋਂ ਲਿਆ ਜਾਵੇਗਾ।
ਪਟਿਆਲਾ ਵਿੱਚ ਕਰਵਾਏ ਗਏ ‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਭੂਪੇਸ਼ ਬਘੇਲ ਨੇ ਕਿਹਾ ਕਿ ਪਾਰਟੀ ਦੀ ਸਭ ਤੋਂ ਵੱਡੀ ਤਰਜੀਹ ਪੰਜਾਬ ਵਿੱਚ ਕਾਂਗਰਸ ਦੀ ਮੁੜ ਸੱਤਾ ਵਿੱਚ ਵਾਪਸੀ ਯਕੀਨੀ ਬਣਾਉਣਾ ਹੈ। ਉਨ੍ਹਾਂ ਵਰਕਰਾਂ ਅਤੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਨਿੱਜੀ ਮਤਭੇਦਾਂ ਨੂੰ ਪਿੱਛੇ ਛੱਡ ਕੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਬੂਥ ਪੱਧਰ ’ਤੇ ਆਪਣੀ ਪਕੜ ਹੋਰ ਮਜ਼ਬੂਤ ਬਣਾਉਣ।
ਬਘੇਲ ਨੇ ਕਿਹਾ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਵਿੱਚ ਵਿਚਾਰਾਂ ਦੇ ਮਤਭੇਦ ਹੋਣਾ ਆਮ ਗੱਲ ਹੈ, ਪਰ ਇਸ ਦਾ ਅਸਰ ਪਾਰਟੀ ਦੀ ਏਕਤਾ ’ਤੇ ਨਹੀਂ ਪੈਣਾ ਚਾਹੀਦਾ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਪਾਰਟੀ ਹਾਈਕਮਾਨ ਹੀ ਚੋਣਾਂ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਅਤੇ ਮੰਤਰੀ ਮੰਡਲ ਬਾਰੇ ਫ਼ੈਸਲਾ ਕਰਨਗੇ।
ਪ੍ਰੋਗਰਾਮ ਦੌਰਾਨ ਉਸ ਵੇਲੇ ਦਿਲਚਸਪ ਸਥਿਤੀ ਬਣ ਗਈ ਜਦੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੇ ਸੰਬੋਧਨ ਦੌਰਾਨ ਵਰਕਰਾਂ ਨਾਲ ਗੱਲ ਕਰ ਰਹੇ ਸਨ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਸਮਰਥਕਾਂ ਨੇ ‘ਚਰਨਜੀਤ ਸਿੰਘ ਚੰਨੀ ਜ਼ਿੰਦਾਬਾਦ’, ‘ਚੰਨੀ ਲਿਆਓ, ਪੰਜਾਬ ਬਚਾਓ’ ਅਤੇ ‘ਚੰਨੀ ਤੇਰੀ ਸੋਚ ’ਤੇ ਪਹਿਰਾ ਦਿਆਂਗੇ ਠੋਕ ਕੇ’ ਵਰਗੇ ਨਾਅਰੇ ਲਗਾਏ, ਜਿਸ ਕਾਰਨ ਕੁਝ ਸਮੇਂ ਲਈ ਪ੍ਰੋਗਰਾਮ ਵਿੱਚ ਵਿਘਨ ਪਿਆ।
ਭੂਪੇਸ਼ ਬਘੇਲ ਨੇ ਇਸ ਘਟਨਾ ਨੂੰ ਪਾਰਟੀ ਅੰਦਰ ਚੱਲ ਰਹੇ ਮਤਭੇਦਾਂ ਨਾਲ ਜੋੜਦਿਆਂ ਕਿਹਾ ਕਿ ਵਰਕਰਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਅਸਲ ਸਿਆਸੀ ਲੜਾਈ ਆਮ ਆਦਮੀ ਪਾਰਟੀ, ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਹੈ, ਨਾ ਕਿ ਆਪਸ ਵਿੱਚ।
ਉਨ੍ਹਾਂ ਪੰਜਾਬ ਦੀ ਮੌਜੂਦਾ ਕਾਨੂੰਨ-ਵਿਵਸਥਾ ’ਤੇ ਵੀ ਸਵਾਲ ਚੁੱਕੇ ਅਤੇ ਦੋਸ਼ ਲਾਇਆ ਕਿ ਸੂਬੇ ਵਿੱਚ ਅਪਰਾਧ, ਫਿਰੌਤੀ ਅਤੇ ਕਤਲ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਬਘੇਲ ਨੇ ਕਿਹਾ ਕਿ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਕਾਂਗਰਸ ਨੂੰ ਪੰਜਾਬ ਨੂੰ ਮੌਜੂਦਾ ਸਰਕਾਰ ਦੇ ਕਥਿਤ ਕੁਸ਼ਾਸਨ ਤੋਂ ਬਚਾਉਣ ਲਈ ਅੱਗੇ ਆਉਣਾ ਪਵੇਗਾ।
ਉਨ੍ਹਾਂ ਸੋਸ਼ਲ ਮੀਡੀਆ ਦੀ ਵਧਦੀ ਭੂਮਿਕਾ ਦਾ ਜ਼ਿਕਰ ਕਰਦਿਆਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਤੱਕ ਕਾਂਗਰਸ ਦਾ ਸੁਨੇਹਾ ਪਹੁੰਚਾਉਣ ਲਈ ਡਿਜ਼ੀਟਲ ਮੰਚਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਇਸਤੇਮਾਲ ਕਰਨ ਅਤੇ ਭਾਜਪਾ ਅਤੇ ‘ਆਪ’ ਵੱਲੋਂ ਫੈਲਾਈ ਜਾ ਰਹੀ ਕਥਿਤ ਗੁੰਮਰਾਹਕੁੰਨ ਜਾਣਕਾਰੀ ਦਾ ਜਵਾਬ ਦੇਣ।
ਕਿਸਾਨ ਅੰਦੋਲਨ ਦਾ ਹਵਾਲਾ ਦਿੰਦਿਆਂ ਬਘੇਲ ਨੇ ਦੋਸ਼ ਲਾਇਆ ਕਿ ਅੰਦੋਲਨ ਦੌਰਾਨ ਭਾਜਪਾ ਸਮਰਥਕਾਂ ਵੱਲੋਂ ਕਿਸਾਨਾਂ ਨੂੰ ਦੇਸ਼ ਵਿਰੋਧੀ ਅਤੇ ਖਾਲਿਸਤਾਨੀ ਕਹਿ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਦਕਿ ਇਸ ਅੰਦੋਲਨ ਵਿੱਚ 700 ਤੋਂ ਵੱਧ ਕਿਸਾਨਾਂ ਨੇ ਆਪਣੀਆਂ ਜਾਨਾਂ ਗੁਆਈਆਂ ਸਨ।
ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਦੀ ਸਭ ਤੋਂ ਵੱਡੀ ਇੱਛਾ ਇਹ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਕਾਂਗਰਸ ਦੇ ਮੁੱਖ ਮੰਤਰੀ ਅਤੇ ਮੰਤਰੀ ਸਹੁੰ ਚੁੱਕਦੇ ਨਜ਼ਰ ਆਉਣ। ਉਨ੍ਹਾਂ ਕਿਹਾ ਕਿ ਉਹ ਦਰਸ਼ਕਾਂ ਵਿੱਚ ਬੈਠ ਕੇ ਵੀ ਇਹ ਸਮਾਗਮ ਦੇਖਣ ਵਿੱਚ ਖੁਸ਼ੀ ਮਹਿਸੂਸ ਕਰਨਗੇ।
ਵੜਿੰਗ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਰਾਜਿੰਦਰ ਕੌਰ ਭੱਠਲ ਅਤੇ ਬ੍ਰਹਮ ਮੋਹਿੰਦਰਾ ਵਰਗੇ ਕਈ ਸੀਨੀਅਰ ਆਗੂ ਉਨ੍ਹਾਂ ਨਾਲੋਂ ਵੱਧ ਤਜਰਬੇਕਾਰ ਹਨ ਅਤੇ ਜਲਦੀ ਹੀ ਸਾਰੇ ਸੀਨੀਅਰ ਆਗੂ ਇੱਕੋ ਮੰਚ ’ਤੇ ਨਜ਼ਰ ਆਉਣਗੇ, ਜੋ ਪਾਰਟੀ ਦੀ ਏਕਤਾ ਦਾ ਸੰਦੇਸ਼ ਹੋਵੇਗਾ।
ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਵਿਰੋਧੀ ਹਾਲਾਤਾਂ ਦੇ ਬਾਵਜੂਦ ਕਾਂਗਰਸ ਨੇ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀਆਂ 13 ਵਿੱਚੋਂ 7 ਸੀਟਾਂ ਜਿੱਤੀਆਂ ਹਨ ਅਤੇ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਤੋਂ ਵੀ ਬਿਹਤਰ ਪ੍ਰਦਰਸ਼ਨ ਕਰੇਗੀ।




