HomePunjab Newsਸਿੱਖਿਆ ਖੇਤਰ ਵਿੱਚ ਪੰਜਾਬ ਨੇ ਲਿਖੀ ਨਵੀਂ ਇਤਿਹਾਸਕ ਕਾਮਯਾਬੀ, ਲੁਧਿਆਣਾ ਨੂੰ ਮਿਲੇ...

ਸਿੱਖਿਆ ਖੇਤਰ ਵਿੱਚ ਪੰਜਾਬ ਨੇ ਲਿਖੀ ਨਵੀਂ ਇਤਿਹਾਸਕ ਕਾਮਯਾਬੀ, ਲੁਧਿਆਣਾ ਨੂੰ ਮਿਲੇ ਦੋ ਹੋਰ ਐਮੀਨੈਂਸ ਸਕੂਲ

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਦੇ ਕਿਦਵਈ ਨਗਰ ਅਤੇ ਮਿਲਰਗੰਜ ਇਲਾਕਿਆਂ ਵਿੱਚ ਦੋ ਨਵੇਂ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਦਿਆਂ ਦਾਅਵਾ ਕੀਤਾ ਕਿ ਸਿੱਖਿਆ ਖੇਤਰ ਵਿੱਚ ਪੰਜਾਬ ਨੇ ਦੇਸ਼ ਭਰ ਵਿੱਚ ਪਹਿਲਾ ਸਥਾਨ ਹਾਸਲ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਲਗਾਤਾਰ ਨਿਵੇਸ਼ ਅਤੇ ਸੁਧਾਰਾਂ ਨੇ ਸਰਕਾਰੀ ਸਕੂਲਾਂ ਦੀ ਤਸਵੀਰ ਹੀ ਬਦਲ ਦਿੱਤੀ ਹੈ।

ਉਦਘਾਟਨ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਵਿੱਚ ਹੁਣ ਕੁੱਲ 16 ਸਕੂਲ ਆਫ਼ ਐਮੀਨੈਂਸ ਹੋ ਗਏ ਹਨ, ਜਿਸ ਨਾਲ ਇਹ ਪੰਜਾਬ ਦਾ ਸਭ ਤੋਂ ਵੱਧ ਐਮੀਨੈਂਸ ਸਕੂਲਾਂ ਵਾਲਾ ਜ਼ਿਲ੍ਹਾ ਬਣ ਗਿਆ ਹੈ। ਇਸ ਤੋਂ ਇਲਾਵਾ, ਸ਼ਹਿਰ ਵਿੱਚ 11 ਸਕੂਲ ਆਫ਼ ਬ੍ਰਿਲੀਅੰਸ ਅਤੇ 35 ਸਕੂਲ ਆਫ਼ ਹੈਪੀਨੈੱਸ ਵੀ ਚੱਲ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਵੱਡੇ ਪੱਧਰ ‘ਤੇ ਕੰਮ ਕੀਤਾ ਹੈ। ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਇਆ ਗਿਆ ਹੈ, ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਪੜ੍ਹਾਈ ਦੇ ਨਵੇਂ ਤਰੀਕੇ ਅਪਣਾਏ ਗਏ ਹਨ। ਇਸ ਦੇ ਨਤੀਜੇ ਵਜੋਂ ਮਾਪਿਆਂ ਦਾ ਸਰਕਾਰੀ ਸਕੂਲਾਂ ਪ੍ਰਤੀ ਭਰੋਸਾ ਵਧਿਆ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ, ਜੋ ਕਦੇ ਸਕੂਲੀ ਸਿੱਖਿਆ ਦੇ ਮਾਮਲੇ ਵਿੱਚ ਦੇਸ਼ ਦੇ ਰਾਜਾਂ ਵਿੱਚ 27ਵੇਂ ਸਥਾਨ ‘ਤੇ ਸੀ, ਹੁਣ ਪਹਿਲੇ ਨੰਬਰ ‘ਤੇ ਪਹੁੰਚ ਗਿਆ ਹੈ। ਮੁੱਖ ਮੰਤਰੀ ਨੇ ਇਸ ਉਪਲਬਧੀ ਨੂੰ ਸਰਕਾਰ ਦੀ ਸਿੱਖਿਆ ਪ੍ਰਤੀ ਵਚਨਬੱਧਤਾ ਦਾ ਨਤੀਜਾ ਕਰਾਰ ਦਿੱਤਾ।

ਕਿਦਵਈ ਨਗਰ ਵਿੱਚ ਬਣੇ ਸਕੂਲ ਆਫ਼ ਐਮੀਨੈਂਸ ਨੂੰ 10.62 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਸ ਸਕੂਲ ਵਿੱਚ 60 ਕਮਰੇ, 27 ਆਧੁਨਿਕ ਕਲਾਸਰੂਮ, ਸੱਤ ਅਤਿ-ਆਧੁਨਿਕ ਲੈਬਾਂ, ਇੱਕ ਵਿਸ਼ਾਲ ਲਾਇਬ੍ਰੇਰੀ, ਪ੍ਰਿੰਸੀਪਲ ਦਾ ਦਫ਼ਤਰ ਅਤੇ 500 ਵਿਦਿਆਰਥੀਆਂ ਦੀ ਸਮਰੱਥਾ ਵਾਲਾ ਆਡੀਟੋਰੀਅਮ ਬਣਾਇਆ ਗਿਆ ਹੈ।

ਦੂਜੇ ਪਾਸੇ, ਮਿਲਰਗੰਜ ਦੇ ਸਕੂਲ ਆਫ਼ ਐਮੀਨੈਂਸ ‘ਤੇ 3.48 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਸਕੂਲ ਵਿੱਚ 11 ਕਲਾਸਰੂਮ, ਸੱਤ ਲੈਬਾਰਟਰੀਆਂ ਅਤੇ ਹੋਰ ਪ੍ਰਸ਼ਾਸਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਕੂਲਾਂ ਦਾ ਦੌਰਾ ਕਰਕੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਕਲਾਸਰੂਮਾਂ, ਲੈਬਾਰਟਰੀਆਂ ਅਤੇ ਹੋਰ ਅਕਾਦਮਿਕ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਧਿਆਪਕਾਂ ਅਤੇ ਸਕੂਲ ਸਟਾਫ਼ ਨਾਲ ਵੀ ਮੁਲਾਕਾਤ ਕੀਤੀ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਉਨ੍ਹਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਕਈ ਉੱਚ ਅਧਿਕਾਰੀ ਵੀ ਇਸ ਮੌਕੇ ਮੌਜੂਦ ਰਹੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments