HomePunjab Newsਪੰਜਾਬ ਦੀਆਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਮੁਕੰਮਲ, 20 ਲੱਖ ਵੋਟਰਾਂ ਦੀ...

ਪੰਜਾਬ ਦੀਆਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਮੁਕੰਮਲ, 20 ਲੱਖ ਵੋਟਰਾਂ ਦੀ ਮੈਂਬਰਸ਼ਿਪ ’ਤੇ ਸਸਪੈਂਸ

Punjab Voter Verification: ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸਆਈਆਰ) ਦਾ ਪਹਿਲਾ ਪੜਾਅ ਪੂਰਾ ਹੋ ਗਿਆ ਹੈ। ਇਸ ਪ੍ਰਕਿਰਿਆ ਦੌਰਾਨ ਕਰੀਬ 20 ਲੱਖ ਅਜਿਹੇ ਵੋਟਰ ਸਾਹਮਣੇ ਆਏ ਹਨ, ਜਿਨ੍ਹਾਂ ਨੇ ਅਜੇ ਤੱਕ ਆਪਣੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਏ, ਜਿਸ ਕਾਰਨ ਉਨ੍ਹਾਂ ਦੀ ਵੋਟਰ ਸੂਚੀ ਵਿੱਚ ਸ਼ਮੂਲੀਅਤ ’ਤੇ ਸਵਾਲ ਖੜ੍ਹੇ ਹੋ ਗਏ ਹਨ।

ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੂਬੇ ਵਿੱਚ ਵਿਸ਼ੇਸ਼ ਸੁਧਾਈ ਸ਼ੁਰੂ ਹੋਣ ਵੇਲੇ ਕੁੱਲ 2.14 ਕਰੋੜ ਵੋਟਰ ਦਰਜ ਸਨ। ਇਨ੍ਹਾਂ ਵਿੱਚੋਂ 1.93 ਕਰੋੜ, ਅਰਥਾਤ 90.37 ਫ਼ੀਸਦੀ ਵੋਟਰਾਂ ਨੇ ਆਪਣੇ ਗਣਨਾ ਫਾਰਮ ਜਮ੍ਹਾਂ ਕਰਵਾ ਦਿੱਤੇ ਹਨ, ਜਦਕਿ ਲਗਭਗ 20 ਲੱਖ ਵੋਟਰਾਂ ਨੇ ਅਜੇ ਤੱਕ ਇਹ ਪ੍ਰਕਿਰਿਆ ਪੂਰੀ ਨਹੀਂ ਕੀਤੀ।

ਚੋਣ ਅਧਿਕਾਰੀਆਂ ਮੁਤਾਬਕ, ਫਾਰਮ ਜਮ੍ਹਾਂ ਨਾ ਕਰਵਾਉਣ ਵਾਲਿਆਂ ਵਿੱਚੋਂ 9.44 ਲੱਖ ਵੋਟਰ ਆਪਣੇ ਪਤੇ ਬਦਲ ਚੁੱਕੇ ਹਨ, ਜਦਕਿ 4.12 ਲੱਖ ਵੋਟਰ ਘਰਾਂ ਵਿੱਚ ਨਹੀਂ ਮਿਲੇ। ਇਸ ਤੋਂ ਇਲਾਵਾ 5.74 ਲੱਖ ਵੋਟਰਾਂ ਦੀ ਮੌਤ ਹੋ ਚੁੱਕੀ ਹੈ ਅਤੇ 1.19 ਲੱਖ ਡੁਪਲੀਕੇਟ ਵੋਟਾਂ ਦੀ ਪਛਾਣ ਕੀਤੀ ਗਈ ਹੈ।

ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਫਾਰਮ ਜਮ੍ਹਾਂ ਕਰਵਾਉਣ ਵਾਲੇ ਵੋਟਰਾਂ ਵਿੱਚੋਂ ਵੀ ਕਰੀਬ 12 ਲੱਖ ਵੋਟਰਾਂ ਦੀ ਮੈਪਿੰਗ ਹਾਲੇ ਬਾਕੀ ਹੈ। ਇਸ ਕਾਰਨ ਚੋਣ ਕਮਿਸ਼ਨ ਵੱਲੋਂ 13 ਅਗਸਤ ਤੋਂ 12 ਸਤੰਬਰ ਤੱਕ ਇਨ੍ਹਾਂ ਵੋਟਰਾਂ ਨੂੰ ਨੋਟਿਸ ਜਾਰੀ ਕੀਤੇ ਜਾਣਗੇ ਤਾਂ ਜੋ ਮੈਪਿੰਗ ਦੀ ਪ੍ਰਕਿਰਿਆ ਨੂੰ ਪੂਰਾ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਤਹਿਤ ਜਿਨ੍ਹਾਂ ਪੋਲਿੰਗ ਬੂਥਾਂ ’ਤੇ 1200 ਤੋਂ ਵੱਧ ਵੋਟਰ ਦਰਜ ਹਨ, ਉੱਥੇ ਵਾਧੂ ਪੋਲਿੰਗ ਬੂਥ ਬਣਾਏ ਗਏ ਹਨ। ਇਸ ਤਹਿਤ ਪੰਜਾਬ ਵਿੱਚ ਪੋਲਿੰਗ ਬੂਥਾਂ ਦੀ ਗਿਣਤੀ 24,453 ਤੋਂ ਵਧ ਕੇ 25,332 ਹੋ ਗਈ ਹੈ।

ਵਿਸ਼ੇਸ਼ ਸੁਧਾਈ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸੂਬੇ ਭਰ ਵਿੱਚ 24 ਹਜ਼ਾਰ ਤੋਂ ਵੱਧ ਬੂਥ ਲੈਵਲ ਅਧਿਕਾਰੀ (ਬੀਐੱਲਓ), 2,500 ਸੁਪਰਵਾਈਜ਼ਰ, 800 ਸਹਾਇਕ ਚੋਣ ਰਜਿਸਟ੍ਰੇਸ਼ਨ ਅਧਿਕਾਰੀ, 117 ਚੋਣ ਰਜਿਸਟ੍ਰੇਸ਼ਨ ਅਧਿਕਾਰੀ ਅਤੇ 23 ਡਿਪਟੀ ਕਮਿਸ਼ਨਰ ਤਾਇਨਾਤ ਕੀਤੇ ਗਏ ਸਨ।

ਚੋਣ ਕਮਿਸ਼ਨ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਹਫ਼ਤਿਆਂ ਵਿੱਚ ਨੋਟਿਸਾਂ ਅਤੇ ਮੈਪਿੰਗ ਪ੍ਰਕਿਰਿਆ ਤੋਂ ਬਾਅਦ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਕਿੰਨੇ ਵੋਟਰਾਂ ਦੇ ਨਾਮ ਅੰਤਿਮ ਵੋਟਰ ਸੂਚੀ ਵਿੱਚ ਸ਼ਾਮਲ ਰਹਿਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments