HomePunjab Newsਸੰਸਦ ਵਿੱਚ ਕੇਂਦਰ ਦਾ ਖੁਲਾਸਾ: ਟਾਂਡਾ ਦੇ ਸਾਬਕਾ ਐੱਸਐੱਚਓ ਦੀ ਹਵਾਲਗੀ ਲਈ...

ਸੰਸਦ ਵਿੱਚ ਕੇਂਦਰ ਦਾ ਖੁਲਾਸਾ: ਟਾਂਡਾ ਦੇ ਸਾਬਕਾ ਐੱਸਐੱਚਓ ਦੀ ਹਵਾਲਗੀ ਲਈ ਅਮਰੀਕਾ ਨੇ ਨਹੀਂ ਕੀਤੀ ਕੋਈ ਮੰਗ

ਪੰਜਾਬ ਪੁਲੀਸ ਦੇ ਅਧਿਕਾਰੀ ਅਤੇ ਟਾਂਡਾ ਦੇ ਸਾਬਕਾ ਐੱਸਐੱਚਓ ਗੁਰਿੰਦਰਜੀਤ ਸਿੰਘ ਨਾਲ ਜੁੜੇ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਲੋਕ ਸਭਾ ਵਿੱਚ ਸਪੱਸ਼ਟ ਕੀਤਾ ਹੈ ਕਿ ਸੰਯੁਕਤ ਰਾਜ ਅਮਰੀਕਾ ਵੱਲੋਂ ਅਜੇ ਤੱਕ ਉਨ੍ਹਾਂ ਦੀ ਹਵਾਲਗੀ ਲਈ ਕੋਈ ਅਧਿਕਾਰਤ ਬੇਨਤੀ ਨਹੀਂ ਭੇਜੀ ਗਈ ਹੈ।

ਇਹ ਜਾਣਕਾਰੀ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਲੋਕ ਸਭਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਪੁੱਛੇ ਗਏ ਸਵਾਲ ਦੇ ਲਿਖਤੀ ਜਵਾਬ ਵਿੱਚ ਦਿੱਤੀ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਨੂੰ ਇਸ ਮਾਮਲੇ ਬਾਰੇ 7 ਜੁਲਾਈ ਨੂੰ ਅਮਰੀਕੀ ਨਿਆਂ ਵਿਭਾਗ ਵੱਲੋਂ ਕੀਤੀ ਗਈ “ਅਪਰੇਸ਼ਨ ਹਾਰਡ ਬਾਲ” ਸਬੰਧੀ ਪ੍ਰੈਸ ਕਾਨਫਰੰਸ ਤੋਂ ਜਾਣਕਾਰੀ ਮਿਲੀ ਸੀ।

ਮੰਤਰੀ ਨੇ ਆਪਣੇ ਜਵਾਬ ਵਿੱਚ ਕਿਹਾ ਕਿ ਅਮਰੀਕੀ ਏਜੰਸੀਆਂ ਨੇ ਦੋਸ਼ ਲਗਾਇਆ ਸੀ ਕਿ ਭਗਵਾਨਪੁਰੀਆ ਅਪਰਾਧ ਸਿੰਡੀਕੇਟ ਨਾਲ ਜੁੜੇ ਲੋਕਾਂ ਨੇ ਅਮਰੀਕਾ ਵਿੱਚ ਰਹਿ ਰਹੇ ਭਾਰਤੀ ਮੂਲ ਦੇ ਇੱਕ ਪਰਿਵਾਰ ਤੋਂ ਫਿਰੌਤੀ ਵਸੂਲਣ ਦੀ ਸਾਜ਼ਿਸ਼ ਰਚੀ ਸੀ, ਜਿਸ ਵਿੱਚ ਇੱਕ ਪੰਜਾਬ ਪੁਲੀਸ ਅਧਿਕਾਰੀ ਦੀ ਭੂਮਿਕਾ ਹੋਣ ਦੇ ਦੋਸ਼ ਵੀ ਸਾਹਮਣੇ ਆਏ ਸਨ।

ਕੇਂਦਰ ਸਰਕਾਰ ਨੇ ਸੰਸਦ ਨੂੰ ਦੱਸਿਆ ਕਿ ਜਿਵੇਂ ਹੀ ਇਹ ਦੋਸ਼ ਸਾਹਮਣੇ ਆਏ, ਜਲੰਧਰ ਰੇਂਜ ਦੇ ਡੀਆਈਜੀ ਦੇ ਹੁਕਮਾਂ ਅਨੁਸਾਰ ਗੁਰਿੰਦਰਜੀਤ ਸਿੰਘ ਨੂੰ ਤੁਰੰਤ ਟਾਂਡਾ ਥਾਣੇ ਦੇ ਐੱਸਐੱਚਓ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।

ਸਰਕਾਰ ਮੁਤਾਬਕ, ਮਾਮਲੇ ਦੀ ਜਾਂਚ ਤੋਂ ਬਾਅਦ 17 ਜੁਲਾਈ ਨੂੰ ਗੁਰਿੰਦਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਨ੍ਹਾਂ ਖ਼ਿਲਾਫ਼ ਵਿਭਾਗੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਵਿਦੇਸ਼ ਰਾਜ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਮਰੀਕੀ ਅਧਿਕਾਰੀਆਂ ਵੱਲੋਂ ਹੁਣ ਤੱਕ ਭਾਰਤ ਸਰਕਾਰ ਕੋਲ ਇਸ ਅਧਿਕਾਰੀ ਦੀ ਹਵਾਲਗੀ ਲਈ ਕੋਈ ਅਧਿਕਾਰਤ ਬੇਨਤੀ ਨਹੀਂ ਪਹੁੰਚੀ ਹੈ।

ਜ਼ਿਕਰਯੋਗ ਹੈ ਕਿ ਅਮਰੀਕੀ ਨਿਆਂ ਵਿਭਾਗ ਦੇ ਅਧਿਕਾਰੀਆਂ ਨੇ ਇੱਕ ਮਹੀਨਾ ਪਹਿਲਾਂ ਦੋਸ਼ ਲਗਾਇਆ ਸੀ ਕਿ ਜੱਗੂ ਭਗਵਾਨਪੁਰੀਆ ਗਿਰੋਹ ਨਾਲ ਜੁੜੇ ਲੋਕਾਂ ਨੇ ਪੰਜਾਬ ਪੁਲੀਸ ਦੇ ਇੱਕ ਅਧਿਕਾਰੀ ਨਾਲ ਮਿਲ ਕੇ ਅਮਰੀਕਾ ਵਿੱਚ ਰਹਿੰਦੇ ਭਾਰਤੀ ਮੂਲ ਦੇ ਪਰਿਵਾਰ ਤੋਂ 4 ਲੱਖ ਅਮਰੀਕੀ ਡਾਲਰ ਦੀ ਫਿਰੌਤੀ ਵਸੂਲਣ ਦੀ ਕੋਸ਼ਿਸ਼ ਕੀਤੀ ਸੀ।

ਅਮਰੀਕਾ ਦੇ ਲੌਸ ਏਂਜਲਸ ਸ਼ਹਿਰ ਵਿੱਚ 7 ਜੁਲਾਈ ਨੂੰ ਹੋਈ ਪ੍ਰੈਸ ਕਾਨਫਰੰਸ ਦੌਰਾਨ ਅਮਰੀਕੀ ਅਟਾਰਨੀ ਬਿਲ ਏਸੇਲੀ ਨੇ ਦਾਅਵਾ ਕੀਤਾ ਸੀ ਕਿ ਸੰਬੰਧਿਤ ਪੰਜਾਬ ਪੁਲੀਸ ਅਧਿਕਾਰੀ ਖ਼ਿਲਾਫ਼ ਅਮਰੀਕਾ ਵਿੱਚ ਦੋਸ਼ ਤੈਅ ਕੀਤੇ ਗਏ ਹਨ ਅਤੇ ਭਵਿੱਖ ਵਿੱਚ ਉਸ ਦੀ ਹਵਾਲਗੀ ਦੀ ਮੰਗ ਕੀਤੀ ਜਾ ਸਕਦੀ ਹੈ।

ਫਿਲਹਾਲ, ਕੇਂਦਰ ਸਰਕਾਰ ਦੇ ਤਾਜ਼ਾ ਬਿਆਨ ਤੋਂ ਸਪੱਸ਼ਟ ਹੋ ਗਿਆ ਹੈ ਕਿ ਇਸ ਮਾਮਲੇ ਵਿੱਚ ਅਮਰੀਕਾ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਹਵਾਲਗੀ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਗਈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments