ਪੰਜਾਬ ਵਿੱਚ ਅਧਿਆਪਕ ਭਰਤੀਆਂ ਦੀਆਂ ਸਿਲੈਕਸ਼ਨ ਸੂਚੀਆਂ ਮੁੜ ਤਿਆਰ ਕੀਤੇ ਜਾਣ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਇਸੇ ਮਾਮਲੇ ਨੂੰ ਲੈ ਕੇ ਪ੍ਰਭਾਵਿਤ ਅਧਿਆਪਕਾਂ ਨੇ ਅੱਜ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਰੋਸ ਮਾਰਚ ਕੀਤਾ। ਅਧਿਆਪਕਾਂ ਨੇ ਆਪਣੇ ਰੁਜ਼ਗਾਰ, ਸੇਵਾ ਅਤੇ ਭਵਿੱਖ ਨੂੰ ਸੁਰੱਖਿਅਤ ਕਰਨ ਦੀ ਮੰਗ ਕਰਦਿਆਂ ਸਰਕਾਰ ਅਤੇ ਸਿੱਖਿਆ ਵਿਭਾਗ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਪਹੁੰਚਣ ਤੋਂ ਬਾਅਦ ਅਧਿਆਪਕਾਂ ਨੇ ਕੋਠੀ ਦੇ ਗੇਟ ਅੱਗੇ ਧਰਨਾ ਲਗਾ ਦਿੱਤਾ। ਇਸ ਦੌਰਾਨ ਧਰਨਾਕਾਰੀ ਅਧਿਆਪਕਾਂ ਅਤੇ ਪੁਲੀਸ ਵਿਚਕਾਰ ਧੱਕਾਮੁੱਕੀ ਹੋ ਗਈ। ਅਧਿਆਪਕ ਆਗੂਆਂ ਨੇ ਦੋਸ਼ ਲਾਇਆ ਕਿ ਪੁਲੀਸ ਨਾਲ ਹੋਈ ਖਿੱਚ-ਧੂਹ ਦੌਰਾਨ ਕਈ ਅਧਿਆਪਕਾਂ ਦੀਆਂ ਪੱਗਾਂ ਅਤੇ ਚੁੰਨੀਆਂ ਲੱਥ ਗਈਆਂ। ਪੁਲੀਸ ਵੱਲੋਂ ਕਈ ਅਧਿਆਪਕਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ। ਆਗੂਆਂ ਅਨੁਸਾਰ ਸੰਘਰਸ਼ ਦੇ ਦਬਾਅ ਤੋਂ ਬਾਅਦ ਇਨ੍ਹਾਂ ਅਧਿਆਪਕਾਂ ਨੂੰ ਸ਼ਾਮ ਸਮੇਂ ਛੱਡ ਦਿੱਤਾ ਗਿਆ।
ਅਧਿਆਪਕ ਫਰੰਟ ਦੇ ਆਗੂਆਂ ਬਲਕਾਰ ਸਿੰਘ ਮਘਾਣੀਆ, ਗ਼ਜ਼ਲਪ੍ਰੀਤ ਕੌਰ, ਗੁਰਿੰਦਰ ਸਿੰਘ, ਸ਼ਿੰਪੀ ਮੌਂਗਾ ਅਤੇ ਰਤਨਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਅਧੀਨ ਹੋਈਆਂ ਕਈ ਅਧਿਆਪਕ ਭਰਤੀਆਂ ਦੀਆਂ ਸਿਲੈਕਸ਼ਨ ਸੂਚੀਆਂ ਨੂੰ ਵੱਖ-ਵੱਖ ਪੜਾਵਾਂ ’ਤੇ ਮੁੜ ਤਿਆਰ ਜਾਂ ਰੀਕਾਸਟ ਕੀਤਾ ਗਿਆ ਹੈ। ਉਨ੍ਹਾਂ ਅਨੁਸਾਰ ਇਨ੍ਹਾਂ ਵਿੱਚ 4161 ਮਾਸਟਰ ਕਾਡਰ, 2392 ਮਾਸਟਰ ਕਾਡਰ, 6635 ਈਟੀਟੀ ਕਾਡਰ ਅਤੇ 3704 ਮਾਸਟਰ ਕਾਡਰ ਦੀਆਂ ਭਰਤੀਆਂ ਸ਼ਾਮਲ ਹਨ।
ਆਗੂਆਂ ਨੇ ਦੋਸ਼ ਲਾਇਆ ਕਿ ਵਿਭਾਗੀ ਅਤੇ ਦਫ਼ਤਰੀ ਗਲਤੀਆਂ ਕਾਰਨ ਇਨ੍ਹਾਂ ਭਰਤੀਆਂ ਦੀਆਂ ਸੂਚੀਆਂ ਵਿੱਚ ਤਬਦੀਲੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਈਡਬਲਿਊਐੱਸ ਰਾਖਵੇਂਕਰਨ ਦੀ ਵੰਡ ਵਿੱਚ ਹੋਈਆਂ ਤਰੁੱਟੀਆਂ ਅਤੇ ਉੱਤਰ-ਕੁੰਜੀਆਂ ਵਿੱਚ ਕੀਤੀਆਂ ਸੋਧਾਂ ਕਾਰਨ ਵੀ ਸਿਲੈਕਸ਼ਨ ਸੂਚੀਆਂ ਮੁੜ ਤਿਆਰ ਕੀਤੀਆਂ ਗਈਆਂ ਹਨ।
ਅਧਿਆਪਕ ਆਗੂਆਂ ਨਰਿੰਦਰ ਕੌਰ, ਰਾਜੂ ਸਿੰਘ ਅਤੇ ਹਰਪਾਲ ਸਿੰਘ ਨੇ ਕਿਹਾ ਕਿ ਇਨ੍ਹਾਂ ਰੀਕਾਸਟ ਸੂਚੀਆਂ ਕਾਰਨ ਲੰਮੇ ਸਮੇਂ ਤੋਂ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਨਿਭਾਅ ਰਹੇ ਕੁਝ ਅਧਿਆਪਕਾਂ ਨੂੰ ਚੋਣ ਸੂਚੀ ਤੋਂ ਬਾਹਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਈ ਪ੍ਰਭਾਵਿਤ ਅਧਿਆਪਕਾਂ ਨੂੰ ਸੇਵਾ ਸਮਾਪਤੀ ਸਬੰਧੀ ਸ਼ੋਅ ਕਾਜ਼ ਨੋਟਿਸ ਵੀ ਜਾਰੀ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਜੇਕਰ ਭਰਤੀ ਪ੍ਰਕਿਰਿਆ ਵਿੱਚ ਵਿਭਾਗੀ ਪੱਧਰ ’ਤੇ ਗਲਤੀਆਂ ਹੋਈਆਂ ਹਨ ਤਾਂ ਉਨ੍ਹਾਂ ਦਾ ਖ਼ਮਿਆਜ਼ਾ ਅਧਿਆਪਕਾਂ ਨੂੰ ਭੁਗਤਣਾ ਨਹੀਂ ਚਾਹੀਦਾ। ਆਗੂਆਂ ਨੇ ਕਿਹਾ ਕਿ ਅਧਿਆਪਕਾਂ ਨੇ ਲੰਮੇ ਸਮੇਂ ਤੋਂ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਨਿਭਾਈਆਂ ਹਨ ਅਤੇ ਉਨ੍ਹਾਂ ਦੇ ਰੁਜ਼ਗਾਰ ਅਤੇ ਭਵਿੱਖ ਨੂੰ ਅਚਾਨਕ ਖ਼ਤਰੇ ਵਿੱਚ ਪਾਉਣਾ ਵਾਜਬ ਨਹੀਂ ਹੈ।
ਅਧਿਆਪਕ ਆਗੂਆਂ ਲਵਪ੍ਰੀਤ ਸਿੰਘ, ਬਲਜਿੰਦਰ ਸਿੰਘ ਅਤੇ ਕ੍ਰਿਸ਼ਨ ਸਿੰਘ ਨੇ ਦਾਅਵਾ ਕੀਤਾ ਕਿ ਰੀਕਾਸਟ ਪ੍ਰਕਿਰਿਆ ਨਾਲ 4161 ਮਾਸਟਰ ਕਾਡਰ ਭਰਤੀ ਦੇ 253, 2392 ਮਾਸਟਰ ਕਾਡਰ ਦੇ 40, 6635 ਈਟੀਟੀ ਭਰਤੀ ਦੇ 108 ਅਤੇ 3704 ਮਾਸਟਰ ਕਾਡਰ ਭਰਤੀ ਦੇ 117 ਅਧਿਆਪਕ ਪ੍ਰਭਾਵਿਤ ਹੋਏ ਹਨ।
ਆਗੂਆਂ ਨੇ ਦੱਸਿਆ ਕਿ 4161 ਅਤੇ 6635 ਭਰਤੀਆਂ ਨਾਲ ਸਬੰਧਤ ਪ੍ਰਭਾਵਿਤ ਅਧਿਆਪਕਾਂ ਦਾ ਤਿੰਨ ਸਾਲ ਦਾ ਪਰਖਕਾਲ ਪੂਰਾ ਹੋਣ ਦੇ ਬਾਵਜੂਦ ਉਸ ਨੂੰ ਕਲੀਅਰ ਨਹੀਂ ਕੀਤਾ ਗਿਆ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਇਨ੍ਹਾਂ ਅਧਿਆਪਕਾਂ ਨੂੰ ਬਦਲੀਆਂ ਦੀ ਪ੍ਰਕਿਰਿਆ ਦੌਰਾਨ ਵੀ ਬਣਦਾ ਮੌਕਾ ਨਹੀਂ ਦਿੱਤਾ ਗਿਆ।
ਪ੍ਰਦਰਸ਼ਨਕਾਰੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਅਧਿਆਪਕਾਂ ਨੂੰ ਜਾਰੀ ਕੀਤੇ ਗਏ ਸ਼ੋਅ ਕਾਜ਼ ਨੋਟਿਸ ਤੁਰੰਤ ਵਾਪਸ ਲਏ ਜਾਣ। ਇਸ ਦੇ ਨਾਲ ਹੀ ਉਨ੍ਹਾਂ ਦੀਆਂ ਸੇਵਾਵਾਂ ਅਤੇ ਭਵਿੱਖ ਨੂੰ ਸੁਰੱਖਿਅਤ ਕਰਨ, ਪਰਖਕਾਲ ਕਲੀਅਰ ਕਰਨ ਅਤੇ ਪੰਜਾਬ ਪੇਅ ਸਕੇਲ ਅਨੁਸਾਰ ਬਣਦੇ ਸਾਰੇ ਵਿੱਤੀ ਲਾਭ ਦੇਣ ਦੀ ਮੰਗ ਵੀ ਕੀਤੀ ਗਈ।
ਰੋਸ ਪ੍ਰਦਰਸ਼ਨ ਵਿੱਚ ਵੱਖ-ਵੱਖ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਮੁਕੇਸ਼ ਕੁਮਾਰ ਗੁਜਰਾਤੀ, ਸੁਖਦੇਵ ਡਾਨਸੀਵਾਲ, ਸੁਖਵਿੰਦਰ ਗਿਰ, ਰਾਜੀਵ ਬਰਨਾਲਾ, ਡਾ. ਰਾਮਸ਼ਰਨ, ਪਵਨ ਨਾਭਾ, ਰਘਵੀਰ ਭਵਾਨੀਗੜ੍ਹ ਅਤੇ ਜਗਜੀਤ ਜਟਾਣਾ ਸਮੇਤ ਕਈ ਆਗੂ ਮੌਜੂਦ ਰਹੇ।
ਇਸ ਤੋਂ ਇਲਾਵਾ ਡੈਮੋਕ੍ਰੈਟਿਕ ਟੀਚਰ ਫਰੰਟ (ਦਿਗਵਿਜੇ) ਦੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਅਤੇ ਦਾਤਾ ਸਿੰਘ, ਗੌਰਮਿੰਟ ਟੀਚਰ ਯੂਨੀਅਨ ਦੇ ਦੇਵੀ ਦਿਆਲ, ਜਸਵਿੰਦਰ ਸਮਾਣਾ ਅਤੇ ਸਰਬਜੀਤ ਸਿੰਘ ਪੁੰਨੇਵਾਲ, ਟੈਕਨੀਕਲ ਸਰਵਿਸ ਯੂਨੀਅਨ ਦੇ ਹਰਪ੍ਰੀਤ ਸਿੰਘ ਅਤੇ ਵੈਟਰਨਰੀ ਇੰਸਪੈਕਟਰ ਯੂਨੀਅਨ ਦੇ ਗੁਰਦੀਪ ਸਿੰਘ ਛੰਨਾ ਨੇ ਵੀ ਧਰਨੇ ਵਿੱਚ ਹਾਜ਼ਰੀ ਭਰੀ।
ਬੇਰੁਜ਼ਗਾਰ ਸਾਂਝਾ ਮੋਰਚਾ ਦੇ ਮੁਨੀਸ਼ ਫਾਜ਼ਿਲਕਾ ਅਤੇ ਰਮਨ ਮਲੋਟ, 4161 ਮਾਸਟਰ ਕਾਡਰ ਯੂਨੀਅਨ ਦੇ ਸੂਬਾ ਪ੍ਰਧਾਨ ਸੰਦੀਪ ਸਿੰਘ ਗਿੱਲ, 6635 ਈਟੀਟੀ ਯੂਨੀਅਨ ਦੇ ਸੂਬਾ ਸਕੱਤਰ ਸ਼ਲਿੰਦਰ ਕੰਬੋਜ, ਗੁਰਮੇਲ ਸਿੰਘ ਕੁਲਰੀਆਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਨਿਰਭੈ ਸਿੰਘ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ ਵੀ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ।
ਧਰਨੇ ਦੌਰਾਨ ਪ੍ਰਸ਼ਾਸਨ ਵੱਲੋਂ ਅਧਿਆਪਕ ਆਗੂਆਂ ਨੂੰ ਭਰੋਸਾ ਦਿੱਤਾ ਗਿਆ ਕਿ 25 ਅਗਸਤ ਨੂੰ ਵਿੱਤ ਮੰਤਰੀ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਵਾਈ ਜਾਵੇਗੀ। ਇਸ ਮੀਟਿੰਗ ਲਈ ਡਿਊਟੀ ਅਫ਼ਸਰ ਤਾਇਨਾਤ ਕਰਨ ਦਾ ਭਰੋਸਾ ਵੀ ਦਿੱਤਾ ਗਿਆ। ਪ੍ਰਸ਼ਾਸਨ ਦੇ ਇਸ ਭਰੋਸੇ ਤੋਂ ਬਾਅਦ ਅਧਿਆਪਕਾਂ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ।
ਹਾਲਾਂਕਿ ਅਧਿਆਪਕ ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ 25 ਅਗਸਤ ਦੀ ਮੀਟਿੰਗ ਦੌਰਾਨ ਉਨ੍ਹਾਂ ਦੀਆਂ ਮੰਗਾਂ ਦਾ ਢੁਕਵਾਂ ਅਤੇ ਨਿਆਂਸੰਗਤ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਅਧਿਆਪਕਾਂ ਦੇ ਰੁਜ਼ਗਾਰ, ਸੇਵਾ ਅਤੇ ਭਵਿੱਖ ਨਾਲ ਜੁੜੇ ਇਸ ਮਾਮਲੇ ਨੂੰ ਲੈ ਕੇ ਜਥੇਬੰਦੀਆਂ ਅਗਲੇ ਸੰਘਰਸ਼ ਦੀ ਰਣਨੀਤੀ ਤੈਅ ਕਰਨਗੀਆਂ।




