HomePunjab Newsਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਵਧਾਈ ਸਿਆਸੀ ਸਰਗਰਮੀ, 15 ਸਤੰਬਰ ਤੋਂ...

ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਵਧਾਈ ਸਿਆਸੀ ਸਰਗਰਮੀ, 15 ਸਤੰਬਰ ਤੋਂ ਕੱਢੀਆਂ ਜਾਣਗੀਆਂ ਚਾਰ ਯਾਤਰਾਵਾਂ

ਨਸ਼ਿਆਂ ਅਤੇ ਵਿਗੜਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਇਆ ਜਾਵੇਗਾ ਮੁੱਖ ਮੁੱਦਾ; ਕੇਂਦਰੀ ਮੰਤਰੀ ਕਰਨਗੇ ਯਾਤਰਾਵਾਂ ਦੀ ਅਗਵਾਈ, ਸਮਾਪਤੀ ਸਮਾਗਮ ’ਚ ਅਮਿਤ ਸ਼ਾਹ ਹੋਣਗੇ ਸ਼ਾਮਲ

ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਦੀ ਕੌਮੀ ਲੀਡਰਸ਼ਿਪ ਵੱਲੋਂ ਸਤੰਬਰ ਮਹੀਨੇ ਤੋਂ ਪੰਜਾਬ ਵਿੱਚ ਆਪਣੀ ਸਰਗਰਮੀ ਵਧਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦੌਰਾਨ ਭਾਜਪਾ ਆਗੂਆਂ ਵੱਲੋਂ ਸੂਬੇ ਵਿੱਚ ਘਰ-ਘਰ ਤੱਕ ਪਹੁੰਚ ਕਰਕੇ ਪਾਰਟੀ ਦੇ ਆਧਾਰ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਭਾਜਪਾ ਦੇ ਸੀਨੀਅਰ ਆਗੂਆਂ ਵੱਲੋਂ ਆਮ ਆਦਮੀ ਪਾਰਟੀ ਸਮੇਤ ਹੋਰਨਾਂ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਵਿਧਾਇਕਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਦਾਅਵੇ ਵੀ ਕੀਤੇ ਜਾ ਰਹੇ ਹਨ। ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਆਪਣਾ ਸੰਗਠਨ ਮਜ਼ਬੂਤ ਕਰਨ ਅਤੇ ਸਥਾਨਕ ਪੱਧਰ ’ਤੇ ਆਗੂਆਂ ਦੀ ਸਰਗਰਮੀ ਨੂੰ ਪਰਖਣ ’ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਭਾਜਪਾ ਵੱਲੋਂ 15 ਸਤੰਬਰ ਤੋਂ ਪੰਜਾਬ ਵਿੱਚ ਨਸ਼ਿਆਂ ਅਤੇ ਅਮਨ-ਕਾਨੂੰਨ ਦੀ ਲਗਾਤਾਰ ਵਿਗੜ ਰਹੀ ਸਥਿਤੀ ਦੇ ਮੁੱਦੇ ਨੂੰ ਲੈ ਕੇ ਚਾਰ ਯਾਤਰਾਵਾਂ ਕੱਢੀਆਂ ਜਾਣਗੀਆਂ। ਇਨ੍ਹਾਂ ਵਿੱਚੋਂ ਦੋ ਯਾਤਰਾਵਾਂ ਮਾਲਵਾ ਖੇਤਰ ਵਿੱਚ, ਜਦਕਿ ਇੱਕ-ਇੱਕ ਯਾਤਰਾ ਮਾਝਾ ਅਤੇ ਦੋਆਬਾ ਖੇਤਰ ਵਿੱਚ ਕੱਢੀ ਜਾਵੇਗੀ।

ਇਹ ਯਾਤਰਾਵਾਂ ਪੰਜਾਬ ਦੇ ਵੱਖ-ਵੱਖ ਧਾਰਮਿਕ ਅਤੇ ਮਹੱਤਵਪੂਰਨ ਸਥਾਨਾਂ ਤੋਂ ਸ਼ੁਰੂ ਕੀਤੀਆਂ ਜਾਣ ਦੀ ਯੋਜਨਾ ਹੈ। ਇਨ੍ਹਾਂ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਸਮੇਤ ਹੋਰ ਸਥਾਨ ਸ਼ਾਮਲ ਹਨ। ਯਾਤਰਾਵਾਂ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚੋਂ ਲੰਘਣਗੀਆਂ ਅਤੇ ਅੰਤ ਵਿੱਚ ਇੱਕ ਸਾਂਝੇ ਸਥਾਨ ’ਤੇ ਇਨ੍ਹਾਂ ਦੀ ਸਮਾਪਤੀ ਕੀਤੀ ਜਾਵੇਗੀ।

ਨਸ਼ਿਆਂ ਅਤੇ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਖ਼ਿਲਾਫ਼ ਕੱਢੀਆਂ ਜਾਣ ਵਾਲੀਆਂ ਇਨ੍ਹਾਂ ਚਾਰੋਂ ਯਾਤਰਾਵਾਂ ਵਿੱਚ ਵੱਖ-ਵੱਖ ਕੇਂਦਰੀ ਮੰਤਰੀ ਸ਼ਾਮਲ ਹੋਣਗੇ। ਪਾਰਟੀ ਵੱਲੋਂ ਯਾਤਰਾਵਾਂ ਨੂੰ ਵੱਡੇ ਪੱਧਰ ’ਤੇ ਚਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜਦਕਿ ਇਨ੍ਹਾਂ ਦੇ ਸਮਾਪਤੀ ਸਮਾਗਮ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸ਼ਾਮਲ ਹੋਣ ਦੀ ਗੱਲ ਕਹੀ ਜਾ ਰਹੀ ਹੈ।

ਭਾਜਪਾ ਇਨ੍ਹਾਂ ਯਾਤਰਾਵਾਂ ਨੂੰ ਸਿਰਫ਼ ਸਿਆਸੀ ਮੁਹਿੰਮ ਤੱਕ ਸੀਮਤ ਨਹੀਂ ਰੱਖਣਾ ਚਾਹੁੰਦੀ, ਸਗੋਂ ਇਸ ਰਾਹੀਂ ਸੂਬੇ ਵਿੱਚ ਪਾਰਟੀ ਦੀ ਸਥਾਨਕ ਲੀਡਰਸ਼ਿਪ ਦੀ ਕਾਰਗੁਜ਼ਾਰੀ ਅਤੇ ਦਮ-ਖਮ ਨੂੰ ਵੀ ਪਰਖਿਆ ਜਾਵੇਗਾ। ਯਾਤਰਾਵਾਂ ਦੌਰਾਨ ਸਥਾਨਕ ਆਗੂਆਂ ਅਤੇ ਵਰਕਰਾਂ ਦੀ ਸਰਗਰਮੀ, ਲੋਕਾਂ ਨਾਲ ਸੰਪਰਕ ਅਤੇ ਪਾਰਟੀ ਦੇ ਸੰਗਠਨ ਦੀ ਮਜ਼ਬੂਤੀ ਦਾ ਜਾਇਜ਼ਾ ਲਿਆ ਜਾਵੇਗਾ। ਇਸ ਤੋਂ ਬਾਅਦ ਹੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵੱਲੋਂ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।

ਸਤੀਸ਼ ਪੂਨੀਆ ਦਾ ਪੰਜਾਬ ਦੌਰਾ 31 ਅਗਸਤ ਤੋਂ

ਇਸੇ ਦੌਰਾਨ ਪੰਜਾਬ ਭਾਜਪਾ ਦੇ ਇੰਚਾਰਜ ਡਾ. ਸਤੀਸ਼ ਪੂਨੀਆ ਵੀ ਤਿੰਨ ਰੋਜ਼ਾ ਪੰਜਾਬ ਦੌਰੇ ’ਤੇ ਆ ਰਹੇ ਹਨ। ਇਸ ਦੌਰਾਨ ਉਹ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਪਾਰਟੀ ਆਗੂਆਂ ਅਤੇ ਅਹੁਦੇਦਾਰਾਂ ਨਾਲ ਮੀਟਿੰਗਾਂ ਕਰਕੇ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਦੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕਰਨਗੇ।

ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਦੱਸਿਆ ਕਿ ਡਾ. ਸਤੀਸ਼ ਪੂਨੀਆ 31 ਅਗਸਤ ਤੋਂ 2 ਸਤੰਬਰ ਤੱਕ ਤਿੰਨ ਦਿਨਾਂ ਪੰਜਾਬ ਦੌਰੇ ’ਤੇ ਰਹਿਣਗੇ। ਇਸ ਦੌਰੇ ਦੌਰਾਨ ਉਹ ਪਾਰਟੀ ਦੇ ਵੱਖ-ਵੱਖ ਵਿੰਗਾਂ ਅਤੇ ਸੂਬਾਈ ਅਹੁਦੇਦਾਰਾਂ ਨਾਲ ਮੁਲਾਕਾਤ ਕਰਨਗੇ।

31 ਅਗਸਤ ਨੂੰ ਡਾ. ਸਤੀਸ਼ ਪੂਨੀਆ ਚੰਡੀਗੜ੍ਹ ਵਿੱਚ ਕੋਰ ਕਮੇਟੀ ਸਮੇਤ ਪਾਰਟੀ ਦੇ ਵੱਖ-ਵੱਖ ਵਿੰਗਾਂ ਨਾਲ ਮੀਟਿੰਗਾਂ ਕਰਨਗੇ। ਇਨ੍ਹਾਂ ਮੀਟਿੰਗਾਂ ਦੌਰਾਨ ਪੰਜਾਬ ਵਿੱਚ ਪਾਰਟੀ ਦੀ ਮੌਜੂਦਾ ਸਥਿਤੀ, ਸੰਗਠਨਾਤਮਕ ਸਰਗਰਮੀਆਂ ਅਤੇ ਆਉਣ ਵਾਲੇ ਸਮੇਂ ਦੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਇੱਕ ਸਤੰਬਰ ਨੂੰ ਉਹ ਜਲੰਧਰ ਵਿੱਚ ‘ਪੀ.ਐੱਮ. ਸੇਵਾ ਸੰਕਲਪ’ ਮੁਹਿੰਮ ਸਬੰਧੀ ਵਰਕਸ਼ਾਪ ਵਿੱਚ ਹਿੱਸਾ ਲੈਣਗੇ। ਇਸ ਤੋਂ ਇਲਾਵਾ ਉਹ ਸੂਬਾਈ ਅਹੁਦੇਦਾਰਾਂ, ਜ਼ਿਲ੍ਹਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਨਾਲ ਵੀ ਮੀਟਿੰਗ ਕਰਨਗੇ। ਇਨ੍ਹਾਂ ਮੀਟਿੰਗਾਂ ਵਿੱਚ ਪਾਰਟੀ ਦੀਆਂ ਜਥੇਬੰਦਕ ਸਰਗਰਮੀਆਂ ਅਤੇ ਜ਼ਮੀਨੀ ਪੱਧਰ ’ਤੇ ਭਾਜਪਾ ਦੀ ਪਹੁੰਚ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਚਰਚਾ ਹੋਵੇਗੀ।

2 ਸਤੰਬਰ ਨੂੰ ਡਾ. ਸਤੀਸ਼ ਪੂਨੀਆ ਅੰਮ੍ਰਿਤਸਰ ਸਥਿਤ ਭਾਜਪਾ ਦਫ਼ਤਰ ਦਾ ਦੌਰਾ ਕਰਨਗੇ। ਇਸ ਤੋਂ ਬਾਅਦ ਉਹ ਦੁਰਗਿਆਣਾ ਮੰਦਰ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ।

ਭਾਜਪਾ ਵੱਲੋਂ ਸਤੰਬਰ ਮਹੀਨੇ ਤੋਂ ਪੰਜਾਬ ਵਿੱਚ ਵੱਡੇ ਪੱਧਰ ’ਤੇ ਸਿਆਸੀ ਸਰਗਰਮੀਆਂ ਸ਼ੁਰੂ ਕਰਨ ਦੀ ਇਹ ਤਿਆਰੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੇ ਸੰਗਠਨ ਨੂੰ ਸਰਗਰਮ ਕਰਨ ਅਤੇ ਸੂਬੇ ਵਿੱਚ ਆਪਣੀ ਸਿਆਸੀ ਪਕੜ ਮਜ਼ਬੂਤ ਕਰਨ ਦੀ ਰਣਨੀਤੀ ਦਾ ਹਿੱਸਾ ਮੰਨੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments