HomeIndianਖੇਤੀ ਨੀਤੀ ਲਾਗੂ ਨਾ ਕਰਨ ’ਤੇ ਕਿਸਾਨਾਂ ਨੇ ਘੇਰੀ ਪੰਜਾਬ ਸਰਕਾਰ, 5...

ਖੇਤੀ ਨੀਤੀ ਲਾਗੂ ਨਾ ਕਰਨ ’ਤੇ ਕਿਸਾਨਾਂ ਨੇ ਘੇਰੀ ਪੰਜਾਬ ਸਰਕਾਰ, 5 ਸਤੰਬਰ ਨੂੰ ਵੱਡੇ ਐਕਸ਼ਨ ਦੀ ਚਿਤਾਵਨੀ

ਉਗਰਾਹਾਂ ਨੇ ਕਿਹਾ—ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਸਰਕਾਰ ਖੇਤੀ ਨੀਤੀ ਲਾਗੂ ਕਰਨ ਵਿੱਚ ਨਾਕਾਮ; ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਲਈ ਜ਼ਿਲ੍ਹਾ ਪੱਧਰੀ ਪੱਕੇ ਮੋਰਚੇ ਚੌਥੇ ਦਿਨ ਵੀ ਜਾਰੀ

ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਵੱਲੋਂ ਪੰਜਾਬ ਭਰ ਵਿੱਚ ਸ਼ੁਰੂ ਕੀਤੇ ਗਏ ਜ਼ਿਲ੍ਹਾ ਪੱਧਰੀ ਪੱਕੇ ਮੋਰਚੇ ਬੁੱਧਵਾਰ ਨੂੰ ਚੌਥੇ ਦਿਨ ਵੀ ਜਾਰੀ ਰਹੇ। ਇਸ ਦੌਰਾਨ ਕਿਸਾਨਾਂ ਨੇ ਪੰਜਾਬ ਸਰਕਾਰ ਵੱਲੋਂ ਖੇਤੀ ਨੀਤੀ ਲਾਗੂ ਨਾ ਕੀਤੇ ਜਾਣ ਨੂੰ ਲੈ ਕੇ ਸਰਕਾਰ ਖ਼ਿਲਾਫ਼ ਆਪਣਾ ਰੋਸ ਜ਼ਾਹਰ ਕੀਤਾ ਅਤੇ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ।

ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਅਤੇ ਰੂਪ ਸਿੰਘ ਛੰਨਾ ਨੇ ਵੱਖ-ਵੱਖ ਥਾਵਾਂ ’ਤੇ ਪੱਕੇ ਮੋਰਚਿਆਂ ਨੂੰ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਸੀ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਪੰਜਾਬ ਵਿੱਚ ਵਾਤਾਵਰਨ ਪੱਖੀ ਅਤੇ ਕਿਸਾਨ-ਮਜ਼ਦੂਰ ਪੱਖੀ ਖੇਤੀ ਨੀਤੀ ਲਾਗੂ ਕਰਨ ਦਾ ਵਾਅਦਾ ਕੀਤਾ ਗਿਆ ਸੀ।

ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਦੇ ਕਾਰਜਕਾਲ ਦੇ ਸਾਢੇ ਚਾਰ ਸਾਲ ਬੀਤ ਚੁੱਕੇ ਹਨ, ਪਰ ਇਸ ਦੇ ਬਾਵਜੂਦ ਪੰਜਾਬ ਵਿੱਚ ਖੇਤੀ ਨੀਤੀ ਲਾਗੂ ਨਹੀਂ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਇਸ ਮਾਮਲੇ ’ਤੇ ਚੁੱਪ ਧਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਖੇਤੀ ਖੇਤਰ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਅਤੇ ਕਿਸਾਨਾਂ-ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਲਈ ਠੋਸ ਨੀਤੀ ਲਾਗੂ ਕਰਨਾ ਸਮੇਂ ਦੀ ਲੋੜ ਹੈ।

ਇਸ ਮੌਕੇ ਔਰਤ ਆਗੂ ਹਰਿੰਦਰ ਕੌਰ ਬਿੰਦੂ, ਕਮਲ ਬਰਨਾਲਾ ਅਤੇ ਕੁਲਦੀਪ ਕੌਰ ਕੁੱਸਾ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਮੰਗ ਕੀਤੀ ਕਿ ਭਾਰਤ ਨੂੰ ਵਿਸ਼ਵ ਵਪਾਰ ਸੰਸਥਾ ਤੋਂ ਬਾਹਰ ਆਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਅਮਰੀਕਾ-ਭਾਰਤ ਸਮਝੌਤਾ ਵਾਰਤਾ ਨੂੰ ਰੱਦ ਕਰਨ ਦੀ ਮੰਗ ਵੀ ਕੀਤੀ ਗਈ।

ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸਾਰੀਆਂ ਫ਼ਸਲਾਂ ’ਤੇ 32 ਫਾਰਮੂਲੇ ਤਹਿਤ ਘੱਟੋ-ਘੱਟ ਸਮਰਥਨ ਮੁੱਲ ਅਤੇ ਸਰਕਾਰੀ ਖ਼ਰੀਦ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ਦਾ ਵਾਜਬ ਭਾਅ ਮਿਲਣ ਅਤੇ ਸਰਕਾਰੀ ਖ਼ਰੀਦ ਯਕੀਨੀ ਬਣਾਉਣ ਲਈ ਕਾਨੂੰਨੀ ਗਾਰੰਟੀ ਜ਼ਰੂਰੀ ਹੈ।

ਉਨ੍ਹਾਂ ਵੱਖ-ਵੱਖ ਸਰਕਾਰੀ ਅਦਾਰਿਆਂ ਅਤੇ ਖੇਤੀਬਾੜੀ ਖੇਤਰ ਨਾਲ ਸਬੰਧਿਤ ਨਿੱਜੀਕਰਨ ਨੂੰ ਉਤਸ਼ਾਹਿਤ ਕਰਨ ਵਾਲੇ ਕਾਨੂੰਨਾਂ ਅਤੇ ਬਿੱਲਾਂ ਨੂੰ ਰੱਦ ਕਰਨ ਦੀ ਮੰਗ ਵੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਖੇਤਰ ਵਿੱਚ ਨਿੱਜੀਕਰਨ ਨੂੰ ਵਧਾਵਾ ਦੇਣ ਵਾਲੇ ਕਦਮ ਕਿਸਾਨਾਂ ਅਤੇ ਮਜ਼ਦੂਰਾਂ ਦੇ ਹਿੱਤ ਵਿੱਚ ਨਹੀਂ ਹਨ।

ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਇਸੇ ਤਰ੍ਹਾਂ ਮੰਗਾਂ ਪ੍ਰਤੀ ਚੁੱਪ ਵੱਟੀ ਰੱਖੀ ਅਤੇ ਖੇਤੀ ਨੀਤੀ ਲਾਗੂ ਕਰਨ ਸਮੇਤ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ 5 ਸਤੰਬਰ ਨੂੰ ਸਰਕਾਰ ’ਤੇ ਦਬਾਅ ਵਧਾਉਣ ਲਈ ਵੱਡਾ ਐਕਸ਼ਨ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ 5 ਸਤੰਬਰ ਨੂੰ ਹੋਣ ਵਾਲੇ ਇਸ ਐਕਸ਼ਨ ਨੂੰ ਸਫ਼ਲ ਬਣਾਉਣ ਲਈ ਵੱਡੀ ਗਿਣਤੀ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਪੱਕੇ ਮੋਰਚਿਆਂ ਵਿੱਚ ਪਹੁੰਚਣਾ ਚਾਹੀਦਾ ਹੈ। ਕਿਸਾਨ ਆਗੂਆਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ 5 ਸਤੰਬਰ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਮੋਰਚਿਆਂ ਵਿੱਚ ਸ਼ਾਮਲ ਹੋ ਕੇ ਸਰਕਾਰ ’ਤੇ ਆਪਣੀਆਂ ਮੰਗਾਂ ਮੰਨਣ ਲਈ ਦਬਾਅ ਬਣਾਉਣ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments