ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਕਰੇਗੀ ਤਾਲਮੇਲ; ਧਾਰਮਿਕ, ਪ੍ਰਸ਼ਾਸਨਿਕ ਅਤੇ ਨਿਆਂਇਕ ਖੇਤਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਕੀਤਾ ਸ਼ਾਮਲ
ਚੰਡੀਗੜ੍ਹ: ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਸੱਤ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ ਕਾਨੂੰਨ ਵਿੱਚ ਸੋਧਾਂ ਨਾਲ ਸਬੰਧਤ ਮਾਮਲਿਆਂ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਨਾਲ ਵਿਚਾਰ-ਵਟਾਂਦਰਾ ਅਤੇ ਤਾਲਮੇਲ ਕਰੇਗੀ।
ਪੰਜਾਬ ਦੇ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ ਵੱਲੋਂ ਇਸ ਸੱਤ ਮੈਂਬਰੀ ਕਮੇਟੀ ਦੇ ਗਠਨ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਸਰਕਾਰ ਵੱਲੋਂ ਬਣਾਈ ਗਈ ਇਸ ਕਮੇਟੀ ਵਿੱਚ ਧਾਰਮਿਕ, ਪ੍ਰਸ਼ਾਸਨਿਕ ਅਤੇ ਨਿਆਂਇਕ ਖੇਤਰ ਨਾਲ ਸਬੰਧਤ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਅਤੇ ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਨੂੰ ਮੈਂਬਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਸਾਬਕਾ ਜਸਟਿਸ ਜਸਪਾਲ ਸਿੰਘ, ਸਾਬਕਾ ਜਸਟਿਸ ਗੁਰਬੀਰ ਸਿੰਘ, ਸਾਬਕਾ ਆਈ.ਪੀ.ਐੱਸ. ਅਧਿਕਾਰੀ ਜਤਿੰਦਰ ਸਿੰਘ ਔਲਖ ਅਤੇ ਕਾਨੂੰਨ ਅਧਿਕਾਰੀ ਪ੍ਰੀਤ ਇੰਦਰ ਪੌਲ ਸਿੰਘ ਵੀ ਕਮੇਟੀ ਵਿੱਚ ਸ਼ਾਮਲ ਹਨ।
ਪੰਜਾਬ ਸਰਕਾਰ ਵੱਲੋਂ ਗਠਿਤ ਇਹ ਸੱਤ ਮੈਂਬਰੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਨਿਯਮਤ ਤੌਰ ’ਤੇ ਤਾਲਮੇਲ ਰੱਖੇਗੀ। ਦੋਵੇਂ ਧਿਰਾਂ ਵੱਲੋਂ ਐਕਟ ਨਾਲ ਸਬੰਧਤ ਮਾਮਲਿਆਂ, ਇਤਰਾਜ਼ਾਂ ਅਤੇ ਸੁਝਾਵਾਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਕਮੇਟੀ ਵੱਲੋਂ ਵਿਚਾਰ-ਵਟਾਂਦਰੇ ਅਤੇ ਪ੍ਰਾਪਤ ਸੁਝਾਵਾਂ ਦੇ ਆਧਾਰ ’ਤੇ ਰਿਪੋਰਟ ਤਿਆਰ ਕਰਕੇ ਪੰਜਾਬ ਸਰਕਾਰ ਨੂੰ ਅਗਲੇਰੀ ਕਾਰਵਾਈ ਲਈ ਪੇਸ਼ ਕੀਤੀ ਜਾਵੇਗੀ। ਇਸ ਤਰ੍ਹਾਂ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਦੀ ਭੂਮਿਕਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਠਾਏ ਗਏ ਮੁੱਦਿਆਂ ਅਤੇ ਐਕਟ ਵਿੱਚ ਲੋੜੀਂਦੀਆਂ ਸੋਧਾਂ ਸਬੰਧੀ ਤਾਲਮੇਲ ਬਣਾਉਣ ਨਾਲ ਜੁੜੀ ਹੋਵੇਗੀ।
ਜ਼ਿਕਰਯੋਗ ਹੈ ਕਿ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਐਕਟ ਦੀਆਂ ਕੁਝ ਧਾਰਾਵਾਂ ਅਤੇ ਸ਼ਬਦਾਵਲੀ ਵਿੱਚ ਤਬਦੀਲੀਆਂ ਕਰਨ ਲਈ ਕਿਹਾ ਗਿਆ ਸੀ। ਇਸ ਮਾਮਲੇ ’ਤੇ ਸਰਕਾਰ ਵੱਲੋਂ ਕਾਨੂੰਨੀ ਰਾਏ ਵੀ ਲਈ ਗਈ ਸੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਸੁਝਾਵਾਂ ’ਤੇ ਅੱਗੇ ਕਾਰਵਾਈ ਕਰਨ ਦੀ ਗੱਲ ਕਹੀ ਗਈ ਸੀ।
ਇਸ ਤੋਂ ਬਾਅਦ ਐਕਟ ਨਾਲ ਸਬੰਧਤ ਮਾਮਲਿਆਂ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਮਾਹਿਰਾਂ ਦੀ ਕਮੇਟੀ ਨੇ ਵੀ ਪੰਜਾਬ ਸਰਕਾਰ ਨਾਲ ਅਗਲੀ ਵਿਚਾਰ-ਚਰਚਾ ਤੋਂ ਪਹਿਲਾਂ ਸਰਕਾਰ ਤੋਂ ਪਾਲਣਾ ਰਿਪੋਰਟ ਮੰਗੀ ਸੀ।
ਹੁਣ ਪੰਜਾਬ ਸਰਕਾਰ ਵੱਲੋਂ ਸੱਤ ਮੈਂਬਰੀ ਤਾਲਮੇਲ ਕਮੇਟੀ ਬਣਾਏ ਜਾਣ ਨਾਲ ਬੇਅਦਬੀ ਵਿਰੁੱਧ ਕਾਨੂੰਨ ਵਿੱਚ ਸੋਧਾਂ ਸਬੰਧੀ ਸਰਕਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਵਿਚਕਾਰ ਵਿਚਾਰ-ਵਟਾਂਦਰੇ ਲਈ ਇੱਕ ਰਸਮੀ ਢਾਂਚਾ ਤਿਆਰ ਹੋ ਗਿਆ ਹੈ।




