HomeIndianਕਿਸਾਨ-ਮਜ਼ਦੂਰ ਮੁੱਦਿਆਂ ’ਤੇ ਮੁੜ ਵੱਡੇ ਸੰਘਰਸ਼ ਦੀ ਤਿਆਰੀ, ਟਿਕੈਤ ਨੇ ਚੋਣਾਂ ਤੋਂ...

ਕਿਸਾਨ-ਮਜ਼ਦੂਰ ਮੁੱਦਿਆਂ ’ਤੇ ਮੁੜ ਵੱਡੇ ਸੰਘਰਸ਼ ਦੀ ਤਿਆਰੀ, ਟਿਕੈਤ ਨੇ ਚੋਣਾਂ ਤੋਂ ਦੂਰ ਰਹਿਣ ਦੀ ਕੀਤੀ ਅਪੀਲ

ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਅਤੇ ਕਿਸਾਨਾਂ ਦੀਆਂ ਜ਼ਮੀਨਾਂ ਬਚਾਉਣ ਲਈ ਸੰਘਰਸ਼ ਜਾਰੀ ਰੱਖਣ ਦਾ ਐਲਾਨ; ਕਿਸਾਨ ਜਥੇਬੰਦੀਆਂ ਨੂੰ ਇਕਜੁੱਟ ਹੋਣ ਦਾ ਸੱਦਾ

ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਚੌਧਰੀ ਘਾਸੀ ਰਾਮ ਨੈਨ ਦੀ 9ਵੀਂ ਬਰਸੀ ਮੌਕੇ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਨਾਲ ਸਬੰਧਤ ਅਜਿਹੀਆਂ ਨੀਤੀਆਂ ਲਿਆਂਦੀਆਂ ਜਾ ਰਹੀਆਂ ਹਨ, ਜਿਨ੍ਹਾਂ ਨਾਲ ਆਉਣ ਵਾਲੇ ਸਮੇਂ ਵਿੱਚ ਖੇਤੀ ਖੇਤਰ ਨੂੰ ਗੰਭੀਰ ਨੁਕਸਾਨ ਪਹੁੰਚ ਸਕਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੀਤੀਆਂ ਖ਼ਿਲਾਫ਼ ਦੇਸ਼ ਪੱਧਰ ’ਤੇ ਮੁੜ ਸੰਘਰਸ਼ ਵਿੱਢਿਆ ਜਾਵੇਗਾ।

ਰਾਕੇਸ਼ ਟਿਕੈਤ ਨੇ ਭਾਰਤ ਅਤੇ ਅਮਰੀਕਾ ਵਿਚਕਾਰ ਵਪਾਰ ਸਮਝੌਤੇ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਦਾ ਸਭ ਤੋਂ ਵੱਧ ਪ੍ਰਭਾਵ ਫਲਾਂ ਦੀ ਕਾਸ਼ਤ ਕਰਨ ਵਾਲੇ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਦੇ ਕਿਸਾਨਾਂ ’ਤੇ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖੇ ਬਿਨਾਂ ਕੀਤੇ ਗਏ ਵਪਾਰਕ ਸਮਝੌਤੇ ਖੇਤੀ ਖੇਤਰ ਲਈ ਮੁਸ਼ਕਲਾਂ ਵਧਾ ਸਕਦੇ ਹਨ।

ਟਿਕੈਤ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿਜਲੀ ਅਤੇ ਬੀਜ ਬਿੱਲ ਵੀ ਖੇਤੀ ਖੇਤਰ ਦੇ ਉਲਟ ਸਾਬਤ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਖੇਤੀ ਲਈ ਵਧੀਆ ਕਿਸਮ ਦੇ ਬੀਜਾਂ ਦੀ ਖੋਜ ਅਤੇ ਵਿਕਾਸ ਦਾ ਕੰਮ ਸਥਾਨਕ ਖੇਤੀਬਾੜੀ ਯੂਨੀਵਰਸਿਟੀਆਂ ਨੂੰ ਸੌਂਪਿਆ ਜਾਣਾ ਚਾਹੀਦਾ ਹੈ।

ਕਿਸਾਨ ਆਗੂ ਨੇ ਦੋਸ਼ ਲਾਇਆ ਕਿ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਵੱਡੇ ਕਾਰਪੋਰੇਟ ਘਰਾਣਿਆਂ ਦੀ ਨਜ਼ਰ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਹੈ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਨਾਲ ਮਿਲ ਕੇ ਕਿਸਾਨਾਂ ਨੂੰ ਬੇਜ਼ਮੀਨੇ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਕਿਸਾਨਾਂ ਨੂੰ ਆਪਣੀਆਂ ਜ਼ਮੀਨਾਂ ਦੀ ਰਾਖੀ ਲਈ ਇਕਜੁੱਟ ਹੋ ਕੇ ਸੰਘਰਸ਼ ਕਰਨ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਵਾਪਸ ਲੈਣ ਸਮੇਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਲਾਗੂ ਕਰਵਾਉਣ ਅਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਹਾਸਲ ਕਰਨ ਲਈ ਕਿਸਾਨ ਜਥੇਬੰਦੀਆਂ ਦਾ ਸੰਘਰਸ਼ ਜਾਰੀ ਰਹੇਗਾ।

ਕਿਸਾਨ ਆਗੂਆਂ ਨੂੰ ਚੋਣਾਂ ਤੋਂ ਦੂਰ ਰਹਿਣ ਦੀ ਅਪੀਲ

ਰਾਕੇਸ਼ ਟਿਕੈਤ ਨੇ ਪੰਜਾਬ ਅਤੇ ਉੱਤਰ ਪ੍ਰਦੇਸ਼ ਸਮੇਤ ਵੱਖ-ਵੱਖ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਦੌਰਾਨ ਕਿਸਾਨ ਆਗੂਆਂ ਨੂੰ ਚੋਣ ਮੈਦਾਨ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਕੰਮ ਚੋਣਾਂ ਲੜਨਾ ਨਹੀਂ, ਸਗੋਂ ਲੋਕ ਮੁੱਦਿਆਂ ’ਤੇ ਧਿਆਨ ਕੇਂਦਰਿਤ ਕਰਨਾ ਅਤੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨਾ ਹੈ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪਿਛਲੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ਵਿੱਚ ਲਾਏ ਗਏ ਮੋਰਚੇ ਦੌਰਾਨ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਲਈ ਸਮਾਂ ਮੰਗਿਆ ਸੀ। ਉਨ੍ਹਾਂ ਕਿਹਾ ਕਿ 15 ਦਿਨ ਬੀਤ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਇਨ੍ਹਾਂ ਮੰਗਾਂ ਸਬੰਧੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।

ਹਰਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਬਾਕੀ ਰਹਿੰਦੇ 15 ਦਿਨਾਂ ਵਿੱਚ ਜੇਕਰ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਅਤੇ ਮੰਨੀਆਂ ਗਈਆਂ ਮੰਗਾਂ ਲਾਗੂ ਕਰਨ ਲਈ ਕੋਈ ਠੋਸ ਕਦਮ ਨਾ ਚੁੱਕਿਆ ਤਾਂ 22 ਸਤੰਬਰ ਨੂੰ ਹੋਣ ਵਾਲੀ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਅਗਲੇ ਸੰਘਰਸ਼ ਦੀ ਰੂਪ-ਰੇਖਾ ਤੈਅ ਕੀਤੀ ਜਾਵੇਗੀ।

ਖੇਤੀ ਸੰਕਟ ’ਤੇ ਵੀ ਚਿੰਤਾ ਪ੍ਰਗਟਾਈ

ਖੇਤੀਬਾੜੀ ਤੇ ਕਿਸਾਨ ਵਿਕਾਸ ਫਰੰਟ ਦੇ ਆਗੂ ਸੁਖਦੇਵ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਖੇਤੀ ਗੰਭੀਰ ਸੰਕਟ ਵਿੱਚੋਂ ਗੁਜ਼ਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਕੌਮੀ ਪੱਧਰ ’ਤੇ ਮੀਂਹ ਔਸਤ ਨਾਲੋਂ 15 ਫ਼ੀਸਦ ਘੱਟ ਪਿਆ ਹੈ, ਜਦਕਿ ਪੰਜਾਬ ਅਤੇ ਹਰਿਆਣਾ ਵਿੱਚ ਇਹ ਘਾਟ 30 ਤੋਂ 35 ਫ਼ੀਸਦ ਤੱਕ ਰਹੀ ਹੈ। ਇਸ ਕਾਰਨ ਕਿਸਾਨਾਂ ਨੂੰ ਆਉਣ ਵਾਲੇ ਸਮੇਂ ਵਿੱਚ ਹੋਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ’ਤੇ ਦਬਾਅ ਬਣਾਉਣ ਲਈ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਇਕੱਠੇ ਹੋਣ ਦੀ ਲੋੜ ਹੈ। ਉਨ੍ਹਾਂ ਖੇਤੀ ਖੇਤਰ ਲਈ ਕੁੱਲ ਬਜਟ ਦਾ 50 ਫ਼ੀਸਦ ਹਿੱਸਾ ਰਾਖਵਾਂ ਰੱਖਣ ਦੀ ਮੰਗ ’ਤੇ ਵੀ ਜ਼ੋਰ ਦਿੱਤਾ।

ਕਿਸਾਨ ਜਥੇਬੰਦੀਆਂ ਨੂੰ ਇਕ ਮੰਚ ’ਤੇ ਆਉਣ ਦਾ ਸੱਦਾ

ਸ਼ਰਧਾਂਜਲੀ ਸਮਾਗਮ ਵਿੱਚ ਵੱਖ-ਵੱਖ ਸੂਬਿਆਂ ਤੋਂ ਪਹੁੰਚੇ ਕਿਸਾਨ ਆਗੂਆਂ ਨੇ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਜੁੜੇ ਮੁੱਦਿਆਂ ਲਈ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਇਕ ਮੰਚ ’ਤੇ ਇਕੱਠੇ ਹੋਣ ਦਾ ਸੱਦਾ ਦਿੱਤਾ। ਆਗੂਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵਿਚਕਾਰ ਵਖਰੇਵਿਆਂ ਦਾ ਸਰਕਾਰਾਂ ਨੂੰ ਲਾਭ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਦਿੱਲੀ ਅੰਦੋਲਨ ਦੀ ਤਰ੍ਹਾਂ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਇਕਜੁੱਟ ਹੋ ਕੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਸਮਾਗਮ ਦੌਰਾਨ ਚੌਧਰੀ ਘਾਸੀ ਰਾਮ ਨੈਨ ਦੇ ਸੰਘਰਸ਼ਮਈ ਜੀਵਨ ’ਤੇ ਲਿਖੀ ਪੁਸਤਕ ਵੀ ਜਾਰੀ ਕੀਤੀ ਗਈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments