ਸ੍ਰੀ ਆਨੰਦਪੁਰ ਸਾਹਿਬ ਦੀ ਸਰਾਂ ’ਚ ਵਾਪਰੀ ਘਟਨਾ ਨੂੰ ਲੈ ਕੇ ਐੱਸਜੀਪੀਸੀ ਪ੍ਰਧਾਨ ਦੀ ਚੁੱਪੀ ’ਤੇ ਚੁੱਕੇ ਸਵਾਲ
ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸਬੰਧਤ ਘਟਨਾ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਚੁੱਪੀ ’ਤੇ ਸਵਾਲ ਚੁੱਕੇ ਹਨ।
ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਲਗਭਗ ਇੱਕ ਮਹੀਨੇ ਬਾਅਦ ਸਾਹਮਣੇ ਆਏ ਅਤੇ ਵੀਡੀਓ ਰਾਹੀਂ ਆਪਣਾ ਬਿਆਨ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਸਰਾਂ ਵਿੱਚ ਵਾਪਰੀ ਘਟਨਾ ਨੂੰ ਲੈ ਕੇ ਸਿੱਖ ਸੰਗਤ ਵੱਲੋਂ ਲਗਾਤਾਰ ਸਵਾਲ ਉਠਾਏ ਜਾ ਰਹੇ ਹਨ ਅਤੇ ਇਨ੍ਹਾਂ ਸਵਾਲਾਂ ਦੇ ਜਵਾਬ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਦੇਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਧਾਰਮਿਕ ਸੰਸਥਾਵਾਂ ਦੀ ਕਾਰਜਪ੍ਰਣਾਲੀ ਅਤੇ ਉਨ੍ਹਾਂ ਦੀ ਆਜ਼ਾਦੀ ਨੂੰ ਲੈ ਕੇ ਵੀ ਸਵਾਲ ਖੜ੍ਹੇ ਕੀਤੇ ਹਨ। ਬਲਤੇਜ ਪੰਨੂ ਨੇ ਕਿਹਾ ਕਿ ਸੰਗਤ ਅਤੇ ਪੰਜਾਬ ਦੇ ਲੋਕਾਂ ਨੂੰ ਧਾਰਮਿਕ ਸੰਸਥਾਵਾਂ ਦੇ ਕੰਮਕਾਜ ਸਬੰਧੀ ਸਵਾਲ ਪੁੱਛਣ ਦਾ ਪੂਰਾ ਹੱਕ ਹੈ।
‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਨੇ ਕਿਹਾ ਕਿ ਸਿੱਖ ਬੁੱਧੀਜੀਵੀਆਂ ਅਤੇ ਸਮੁੱਚੇ ਪੰਜਾਬੀ ਭਾਈਚਾਰੇ ਨੂੰ ਵੀ ਇਸ ਮੁੱਦੇ ’ਤੇ ਆਪਣੀ ਗੱਲ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸੰਸਥਾਵਾਂ ਦਾ ਅਕਸ ਖਰਾਬ ਕਰਨ ਵਾਲੀਆਂ ਘਟਨਾਵਾਂ ਨੂੰ ਪੰਜਾਬੀ ਲੋਕ ਮੁਆਫ਼ ਨਹੀਂ ਕਰਨਗੇ।
ਬਲਤੇਜ ਪੰਨੂ ਨੇ ਇਹ ਵੀ ਕਿਹਾ ਕਿ ਧਾਰਮਿਕ ਸੰਸਥਾਵਾਂ ’ਤੇ ਲੰਬੇ ਸਮੇਂ ਤੱਕ ਸਿਆਸੀ ਕੰਟਰੋਲ ਰਹਿਣ ਨਾਲ ਇਨ੍ਹਾਂ ਸੰਸਥਾਵਾਂ ਪ੍ਰਤੀ ਲੋਕਾਂ ਦਾ ਭਰੋਸਾ ਹੋਰ ਘਟ ਸਕਦਾ ਹੈ।




