HomeIndianਗੁਰਦੁਆਰਾ ਸਾਹਿਬ ’ਚ ਪੁਲੀਸ ਕਾਰਵਾਈ ’ਤੇ ਐਡਵੋਕੇਟ ਧਾਮੀ ਸਖ਼ਤ; ਭਾਈ ਟਿੰਮਾ ਦੀ...

ਗੁਰਦੁਆਰਾ ਸਾਹਿਬ ’ਚ ਪੁਲੀਸ ਕਾਰਵਾਈ ’ਤੇ ਐਡਵੋਕੇਟ ਧਾਮੀ ਸਖ਼ਤ; ਭਾਈ ਟਿੰਮਾ ਦੀ ਤੁਰੰਤ ਰਿਹਾਈ ਦੀ ਮੰਗ

ਲੰਗਰਾਂ ਦੀ ਬੇਅਦਬੀ ਅਤੇ ਸ਼ਹੀਦਾਂ ਦੇ ਪੋਸਟਰ ਪਾੜਨ ਦਾ ਦੋਸ਼; ਰਾਜਸਥਾਨ ਸਰਕਾਰ ਤੋਂ ਨਿਰਪੱਖ ਜਾਂਚ ਦੀ ਮੰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਵਿਖੇ ਪੁਲੀਸ ਵੱਲੋਂ ਕੀਤੀ ਗਈ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਕੀਤੀ ਗਈ ਅਜਿਹੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚਾਉਣ ਵਾਲੀ ਹੈ।

ਐਡਵੋਕੇਟ ਧਾਮੀ ਨੇ ਦੋਸ਼ ਲਾਇਆ ਕਿ ਰਾਜਸਥਾਨ ਪੁਲੀਸ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਗੁਰੂ ਕੇ ਲੰਗਰਾਂ ਦੀ ਬੇਅਦਬੀ ਕੀਤੀ ਗਈ ਅਤੇ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਸਮੇਤ ਹੋਰ ਸ਼ਹੀਦਾਂ ਦੇ ਪੋਸਟਰ ਪਾੜੇ ਗਏ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖ ਆਗੂ ਤੇਜਿੰਦਰਪਾਲ ਸਿੰਘ ਟਿੰਮਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਕਿਸੇ ਵੀ ਵਿਵਾਦ ਜਾਂ ਮਸਲੇ ਦਾ ਹੱਲ ਕਾਨੂੰਨੀ ਪ੍ਰਕਿਰਿਆ ਰਾਹੀਂ ਕੀਤਾ ਜਾ ਸਕਦਾ ਹੈ, ਪਰ ਕਿਸੇ ਧਾਰਮਿਕ ਅਸਥਾਨ ਦੀ ਹਦੂਦ ਅੰਦਰ ਇਸ ਤਰ੍ਹਾਂ ਦੀ ਧੱਕੇਸ਼ਾਹੀ ਕਿਸੇ ਵੀ ਤਰ੍ਹਾਂ ਵਾਜਬ ਨਹੀਂ ਹੈ। ਗੁਰਦੁਆਰਾ ਸਾਹਿਬ ਸਿੱਖ ਸੰਗਤ ਲਈ ਅਤਿਅੰਤ ਸਤਿਕਾਰ ਵਾਲਾ ਧਾਰਮਿਕ ਅਸਥਾਨ ਹੈ ਅਤੇ ਇੱਥੇ ਧਾਰਮਿਕ ਮਰਿਆਦਾ ਤੇ ਭਾਵਨਾਵਾਂ ਦਾ ਪੂਰਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਲੰਮੇ ਸਮੇਂ ਤੋਂ ਸਿੱਖ ਮਸਲਿਆਂ ਲਈ ਆਵਾਜ਼ ਉਠਾਉਂਦੇ ਆ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਈ ਟਿੰਮਾ ਨੂੰ ਝੂਠੇ ਕੇਸ ਵਿੱਚ ਗ੍ਰਿਫ਼ਤਾਰ ਕਰਨਾ ਸਿੱਖਾਂ ਦੀ ਆਵਾਜ਼ ਨੂੰ ਦਬਾਉਣ ਅਤੇ ਪੱਖਪਾਤੀ ਰਵੱਈਏ ਦਾ ਪ੍ਰਗਟਾਵਾ ਹੈ।

ਐਸ.ਜੀ.ਪੀ.ਸੀ. ਪ੍ਰਧਾਨ ਨੇ ਰਾਜਸਥਾਨ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਗੰਗਾਨਗਰ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਵਿਖੇ ਵਾਪਰੀ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਮਰਿਆਦਾ ਅਤੇ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਨਾਲ ਹੀ ਮੰਗ ਕੀਤੀ ਕਿ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਦਰਜ ਮਾਮਲੇ ਦੀ ਵੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਕਿਸੇ ਵੀ ਧਾਰਮਿਕ ਭਾਈਚਾਰੇ ਨਾਲ ਵਿਤਕਰਾ ਕਰਨਾ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰੀ ਮੁੱਲਾਂ ਦੇ ਵਿਰੁੱਧ ਹੈ।

ਉਨ੍ਹਾਂ ਕਿਹਾ ਕਿ ਇਸ ਘਟਨਾ ਕਾਰਨ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਰਕਾਰ ਨੂੰ ਸਥਿਤੀ ਦੀ ਗੰਭੀਰਤਾ ਨੂੰ ਸਮਝਦਿਆਂ ਇਸ ਮਾਮਲੇ ਵਿੱਚ ਬਿਨਾਂ ਦੇਰੀ ਤੋਂ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ, ਤਾਂ ਜੋ ਧਾਰਮਿਕ ਭਾਵਨਾਵਾਂ ਅਤੇ ਗੁਰਦੁਆਰਾ ਸਾਹਿਬ ਦੀ ਮਰਿਆਦਾ ਦਾ ਸਤਿਕਾਰ ਕਾਇਮ ਰਹੇ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments