HomePunjab Newsਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਪੁਲੀਸ ਦੇ ਦਾਖ਼ਲੇ ਦੇ ਦੋਸ਼ਾਂ ’ਤੇ ਫੂਲਕਾ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਪੁਲੀਸ ਦੇ ਦਾਖ਼ਲੇ ਦੇ ਦੋਸ਼ਾਂ ’ਤੇ ਫੂਲਕਾ ਨੇ ‘ਆਪ’ ਤੋਂ ਮੰਗੇ ਸਬੂਤ

10 ਅਕਤੂਬਰ ਦੇ ਪ੍ਰਦਰਸ਼ਨ ਨੂੰ ਲੈ ਕੇ ਭਾਜਪਾ ਤੇ ਆਮ ਆਦਮੀ ਪਾਰਟੀ ਵਿਚਾਲੇ ਤਕਰਾਰ ਤੇਜ਼; ਫੂਲਕਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੋਸ਼ ਸਾਬਤ ਕਰਨ ਦੀ ਦਿੱਤੀ ਚੁਣੌਤੀ

ਕੌਮੀ ਰਾਜਧਾਨੀ ਦਿੱਲੀ ਵਿੱਚ ਕੌਕਰੋਚ ਜਨਤਾ ਪਾਰਟੀ (ਸੀ ਜੇ ਪੀ) ਦੇ ਪ੍ਰਦਰਸ਼ਨ ਦੌਰਾਨ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲੀਸ ਦੇ ਮੁਲਾਜ਼ਮਾਂ ਦੇ ਕਥਿਤ ਤੌਰ ’ਤੇ ਦਾਖ਼ਲ ਹੋਣ ਦਾ ਮਾਮਲਾ ਲਗਾਤਾਰ ਭਖ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਵਿਚਾਲੇ ਸਿਆਸੀ ਟਕਰਾਅ ਤੇਜ਼ ਹੋ ਗਿਆ ਹੈ। ਭਾਜਪਾ ਆਗੂ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐੱਚ. ਐੱਸ. ਫੂਲਕਾ ਨੇ ਆਮ ਆਦਮੀ ਪਾਰਟੀ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ 10 ਅਕਤੂਬਰ ਦੇ ਰੋਸ ਪ੍ਰਦਰਸ਼ਨ ਦੀ ਆੜ ਵਿੱਚ ਗੁਰਦੁਆਰਾ ਬੰਗਲਾ ਸਾਹਿਬ ਨਾਲ ਸਬੰਧਤ ਘਟਨਾ ਬਾਰੇ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਰਾਹੀਂ ਪੰਜਾਬ ਦੀ ਅਮਨ-ਸ਼ਾਂਤੀ ਭੰਗ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।

ਸ੍ਰੀ ਫੂਲਕਾ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਨੂੰ ਸਿਆਸੀ ਪ੍ਰਦਰਸ਼ਨਾਂ ਦਾ ਕੇਂਦਰ ਬਣਾਉਣ ਦੀ ਕੋਸ਼ਿਸ਼ ਬੇਹੱਦ ਮੰਦਭਾਗੀ ਹੈ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਵੱਲੋਂ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਪੁਲੀਸ ਨੇ ਗੁਰਦੁਆਰਾ ਸਾਹਿਬ ਦੀ ਹੱਦ ਅੰਦਰੋਂ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਸੀ, ਜਦਕਿ ਉਨ੍ਹਾਂ ਦੇ ਦਾਅਵੇ ਅਨੁਸਾਰ ਪੁਲੀਸ ਨੇ ਕਿਸੇ ਵੀ ਵਿਅਕਤੀ ਨੂੰ ਗੁਰਦੁਆਰਾ ਸਾਹਿਬ ਦੇ ਅੰਦਰੋਂ ਹਿਰਾਸਤ ਵਿੱਚ ਨਹੀਂ ਲਿਆ।

ਭਾਜਪਾ ਆਗੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੀ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੇ ਦਾਅਵਿਆਂ ਵਿੱਚ ਸੱਚਾਈ ਹੈ ਤਾਂ ਉਹ ਇਸ ਸਬੰਧੀ ਠੋਸ ਸਬੂਤ ਪੇਸ਼ ਕਰੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਤੱਥਾਂ ਨੂੰ ਸਪੱਸ਼ਟ ਕਰਨ ਦੀ ਲੋੜ ਹੈ, ਤਾਂ ਜੋ ਗੁਰਦੁਆਰਾ ਸਾਹਿਬ ਨੂੰ ਸਿਆਸੀ ਵਿਵਾਦ ਵਿੱਚ ਘਸੀਟਣ ਤੋਂ ਬਚਾਇਆ ਜਾ ਸਕੇ।

ਸ੍ਰੀ ਫੂਲਕਾ ਨੇ ਘਟਨਾ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਪ੍ਰਦਰਸ਼ਨਕਾਰੀ ਗੁਰਦੁਆਰਾ ਸਾਹਿਬ ਦੇ ਮੁੱਖ ਗੇਟ ਦੇ ਅੰਦਰ ਚਲੇ ਗਏ ਸਨ। ਉੱਥੇ ਉਨ੍ਹਾਂ ਨੇ ਪੋਸਟਰ ਲਹਿਰਾਏ, ਨਾਅਰੇਬਾਜ਼ੀ ਕੀਤੀ ਅਤੇ ਸਿਆਸੀ ਭਾਸ਼ਣ ਵੀ ਦਿੱਤੇ। ਉਨ੍ਹਾਂ ਮੁਤਾਬਕ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਨੇ ਪ੍ਰਬੰਧਕਾਂ ਦੀ ਗੱਲ ਨਹੀਂ ਮੰਨੀ ਅਤੇ ਆਪਣਾ ਪ੍ਰਦਰਸ਼ਨ ਜਾਰੀ ਰੱਖਿਆ।

ਫੂਲਕਾ ਨੇ ਇਹ ਵੀ ਦਾਅਵਾ ਕੀਤਾ ਕਿ ਪ੍ਰਦਰਸ਼ਨ ਵਿੱਚ ਸ਼ਾਮਲ ਜ਼ਿਆਦਾਤਰ ਵਿਅਕਤੀ ਆਮ ਆਦਮੀ ਪਾਰਟੀ ਦੇ ਸਮਰਥਕ ਸਨ। ਉਨ੍ਹਾਂ ਕਿਹਾ ਕਿ ਦਿੱਲੀ ਪੁਲੀਸ ਗੁਰਦੁਆਰਾ ਬੰਗਲਾ ਸਾਹਿਬ ਦੇ ਮੁੱਖ ਗੇਟ ਦੇ ਬਾਹਰ ਹੀ ਰਹੀ ਅਤੇ ਪ੍ਰਦਰਸ਼ਨਕਾਰੀਆਂ ਨੂੰ ਗੁਰਦੁਆਰੇ ਦੇ ਅੰਦਰੋਂ ਨਹੀਂ, ਸਗੋਂ ਬਾਹਰੋਂ ਹਿਰਾਸਤ ਵਿੱਚ ਲਿਆ ਗਿਆ ਸੀ।

ਇਸ ਤਰ੍ਹਾਂ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਪੁਲੀਸ ਦੇ ਕਥਿਤ ਦਾਖ਼ਲੇ ਅਤੇ ਪ੍ਰਦਰਸ਼ਨਕਾਰੀਆਂ ਦੀ ਹਿਰਾਸਤ ਨੂੰ ਲੈ ਕੇ ਦੋਵੇਂ ਸਿਆਸੀ ਧਿਰਾਂ ਵਿਚਾਲੇ ਦੋਸ਼ਾਂ ਤੇ ਜਵਾਬੀ ਦੋਸ਼ਾਂ ਦਾ ਸਿਲਸਿਲਾ ਜਾਰੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments