HomePunjab Newsਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਸਮਰਪਿਤ ਹੋਵੇਗੀ ਕੇਂਦਰੀ ਸਿੱਖ ਅਜਾਇਬ ਘਰ...

ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਸਮਰਪਿਤ ਹੋਵੇਗੀ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਤਸਵੀਰ; ਸ਼੍ਰੋਮਣੀ ਕਮੇਟੀ ਵੱਲੋਂ ਐਲਾਨ

ਹਮਲੇ ਵਿੱਚ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ 5-5 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਫ਼ੈਸਲਾ; ਝੋਟਾ ਦੇ ਬੱਚਿਆਂ ਲਈ 10-10 ਲੱਖ ਦੀਆਂ ਐੱਫ.ਡੀ.ਆਰਜ਼. ਬਣਾਉਣ ਦੀ ਪੇਸ਼ਕਸ਼, ਪਿਤਾ ਨੇ ਪਰਿਵਾਰ ਲਈ ਮਦਦ ਲੈਣ ਤੋਂ ਕੀਤਾ ਇਨਕਾਰ

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਮਾਰੂ ਜਾਲ ਤੋਂ ਬਚਾਉਣ ਲਈ ਸੰਘਰਸ਼ ਕਰਦਿਆਂ ਜਾਨ ਗੁਆਉਣ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਸਤਿਕਾਰ ਸਹਿਤ ਸੰਭਾਲਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀ ਤਸਵੀਰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹਮਲੇ ਦੌਰਾਨ ਜ਼ਖ਼ਮੀ ਹੋਏ ਚਾਰ ਵਿਅਕਤੀਆਂ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਹਾਲਾਂਕਿ, ਭਾਈ ਝੋਟਾ ਦੇ ਪਿਤਾ ਬਾਪੂ ਭੀਮ ਸਿੰਘ ਨੇ ਆਪਣੇ ਪਰਿਵਾਰ ਲਈ ਵਿੱਤੀ ਸਹਾਇਤਾ ਲੈਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਪਰਮਾਤਮਾ ਦੀ ਮਿਹਰ ਨਾਲ ਉਨ੍ਹਾਂ ਦਾ ਪਰਿਵਾਰ ਆਤਮ-ਨਿਰਭਰ ਹੈ। ਉਨ੍ਹਾਂ ਨੇ ਸਿਰਫ਼ ਜ਼ਖ਼ਮੀ ਨੌਜਵਾਨਾਂ ਦੀ ਮਦਦ ਦੀ ਮੰਗ ਕੀਤੀ ਸੀ।

ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਬਾਪੂ ਭੀਮ ਸਿੰਘ ਨਾਲ ਮੁਲਾਕਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਭਾਈ ਝੋਟਾ ਵੱਲੋਂ ਵਿੱਢੇ ਗਏ ਸੰਘਰਸ਼ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ। ਉਨ੍ਹਾਂ ਅਨੁਸਾਰ ਨਸ਼ਿਆਂ ਵਿਰੁੱਧ ਸ਼ੁਰੂ ਕੀਤੇ ਗਏ ਇਸ ਸੰਘਰਸ਼ ਨੂੰ ਅੱਗੇ ਵਧਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਅੱਜ ਦੇ ਸਮੇਂ ਦੀ ਅਹਿਮ ਲੋੜ ਹੈ।

ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸਤਵੀਰ ਸਿੰਘ ਅਤੇ ਹਰਭਜਨ ਸਿੰਘ ਵਕਤਾ ਵੀ ਹਾਜ਼ਰ ਸਨ। ਐਡਵੋਕੇਟ ਧਾਮੀ ਨੇ ਭਾਈ ਝੋਟਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖਣ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਦੋ ਬੱਚਿਆਂ, ਜਿਨ੍ਹਾਂ ਦੀ ਉਮਰ 9 ਅਤੇ 6 ਸਾਲ ਹੈ, ਦੇ ਨਾਂ ’ਤੇ 10-10 ਲੱਖ ਰੁਪਏ ਦੀਆਂ ਐੱਫ.ਡੀ.ਆਰਜ਼. ਕਰਵਾਉਣ ਅਤੇ ਉਨ੍ਹਾਂ ਦੀ ਪਰਵਰਿਸ਼ ਦੀ ਜ਼ਿੰਮੇਵਾਰੀ ਚੁੱਕਣ ਦੀ ਪੇਸ਼ਕਸ਼ ਵੀ ਕੀਤੀ। ਪਰ ਬਾਪੂ ਭੀਮ ਸਿੰਘ ਨੇ ਇਹ ਸਹਾਇਤਾ ਲੈਣ ਤੋਂ ਨਿਮਰਤਾ ਸਹਿਤ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਪਰਮਾਤਮਾ ਦੀ ਕਿਰਪਾ ਨਾਲ ਆਪਣੇ ਪੈਰਾਂ ’ਤੇ ਖੜ੍ਹਾ ਹੈ ਅਤੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਕੋਲ ਸਿਰਫ਼ ਹਮਲੇ ਵਿੱਚ ਜ਼ਖ਼ਮੀ ਹੋਏ ਨੌਜਵਾਨਾਂ ਦੀ ਮਦਦ ਕਰਨ ਦੀ ਮੰਗ ਰੱਖੀ ਸੀ।

ਭਾਈ ਪਰਵਿੰਦਰ ਸਿੰਘ ਝੋਟਾ ਦੀ ਯਾਦ ਵਿੱਚ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਤਸਵੀਰ ਲਗਾਉਣ ਦੇ ਫ਼ੈਸਲੇ ਬਾਰੇ ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਉਪਰਾਲਾ ਉਨ੍ਹਾਂ ਵੱਲੋਂ ਨਸ਼ਿਆਂ ਵਿਰੁੱਧ ਕੀਤੇ ਸੰਘਰਸ਼ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਯਾਦ ਰੱਖਣ ਦਾ ਪ੍ਰਤੀਕ ਹੋਵੇਗਾ। ਉਨ੍ਹਾਂ ਕਿਹਾ ਕਿ ਭਾਈ ਝੋਟਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਦੇ ਉਦੇਸ਼ ਨਾਲ ਸੰਘਰਸ਼ ਦਾ ਰਾਹ ਚੁਣਿਆ ਸੀ। ਸਮਾਜ ਦੀ ਭਲਾਈ ਲਈ ਅਜਿਹੇ ਸੰਘਰਸ਼ਾਂ ਵਿੱਚ ਯੋਗਦਾਨ ਪਾਉਣ ਵਾਲੇ ਨੌਜਵਾਨਾਂ ਦੀ ਹਿੰਮਤ ਅਤੇ ਸਮਾਜ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ।

ਐਡਵੋਕੇਟ ਧਾਮੀ ਨੇ ਬਾਪੂ ਭੀਮ ਸਿੰਘ ਨੂੰ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੀ ਹੈ। ਪਰਿਵਾਰ ਵੱਲੋਂ ਜੋ ਵੀ ਹੁਕਮ ਕੀਤਾ ਜਾਵੇਗਾ, ਉਸ ਨੂੰ ਪ੍ਰਵਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਦੁੱਖ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਮੁਸ਼ਕਲ ਹੈ, ਪਰ ਸਿੱਖ ਸੰਸਥਾਵਾਂ ਦਾ ਫ਼ਰਜ਼ ਹੈ ਕਿ ਅਜਿਹੇ ਔਖੇ ਸਮੇਂ ਵਿੱਚ ਪਰਿਵਾਰ ਦਾ ਸਾਥ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਇਹ ਅਹਿਸਾਸ ਕਰਵਾਇਆ ਜਾਵੇ ਕਿ ਉਹ ਇਕੱਲੇ ਨਹੀਂ ਹਨ।

ਇਸ ਮੌਕੇ ਐਡਵੋਕੇਟ ਧਾਮੀ ਨੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਨਾਲ ਹਮਲੇ ਵਿੱਚ ਜ਼ਖ਼ਮੀ ਹੋਏ ਨੌਜਵਾਨਾਂ ਦਾ ਹਾਲ-ਚਾਲ ਵੀ ਪੁੱਛਿਆ ਅਤੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ। ਜ਼ਖ਼ਮੀਆਂ ਪ੍ਰਤੀ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰੇਕ ਜ਼ਖ਼ਮੀ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਰਕਮ ਵਿੱਚੋਂ 2.5 ਲੱਖ ਰੁਪਏ ਇਲਾਜ ਦੇ ਖ਼ਰਚਿਆਂ ਲਈ ਅਤੇ 2.5 ਲੱਖ ਰੁਪਏ ਆਰਥਿਕ ਸਹਾਇਤਾ ਵਜੋਂ ਦਿੱਤੇ ਜਾਣਗੇ।

ਉਨ੍ਹਾਂ ਕਿਹਾ ਕਿ ਜੇਕਰ ਜ਼ਖ਼ਮੀ ਨੌਜਵਾਨ ਚਾਹੁਣ ਤਾਂ ਉਨ੍ਹਾਂ ਦਾ ਇਲਾਜ ਸ਼੍ਰੋਮਣੀ ਕਮੇਟੀ ਦੇ ਸ੍ਰੀ ਗੁਰੂ ਰਾਮਦਾਸ ਜੀ ਮੈਡੀਕਲ ਕਾਲਜ, ਸ੍ਰੀ ਅੰਮ੍ਰਿਤਸਰ ਵਿਖੇ ਕਰਵਾਉਣ ਦਾ ਪ੍ਰਬੰਧ ਵੀ ਕੀਤਾ ਜਾ ਸਕਦਾ ਹੈ। ਸ਼੍ਰੋਮਣੀ ਕਮੇਟੀ ਦਾ ਯਤਨ ਰਹੇਗਾ ਕਿ ਜ਼ਖ਼ਮੀਆਂ ਨੂੰ ਇਲਾਜ ਕਰਵਾਉਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਤੋਂ ਇਲਾਵਾ, ਐਡਵੋਕੇਟ ਧਾਮੀ ਨੇ ਇਨਸਾਫ਼ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਸੰਗਤਾਂ ਲਈ ਲਗਾਤਾਰ ਲੰਗਰ ਸੇਵਾ ਜਾਰੀ ਰੱਖਣ ਅਤੇ ਪਖਾਨਿਆਂ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੰਘਰਸ਼ ਵਿੱਚ ਸ਼ਾਮਲ ਸੰਗਤਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਜਾਰੀ ਰੱਖੀ ਜਾਵੇਗੀ।

ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ, ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲ ਅਤੇ ਇੰਚਾਰਜ ਭੋਲਾ ਸਿੰਘ ਵੀ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments