HomeIndianਆਗੂਆਂ ਦੀ ਹਿਰਾਸਤ ਵਧਾਉਣ ਖ਼ਿਲਾਫ਼ ਸੀਜੇਪੀ ਨੇ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ...

ਆਗੂਆਂ ਦੀ ਹਿਰਾਸਤ ਵਧਾਉਣ ਖ਼ਿਲਾਫ਼ ਸੀਜੇਪੀ ਨੇ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ

ਸੌਰਭ ਦਾਸ ਅਤੇ ਆਸ਼ੂਤੋਸ਼ ਰਾਂਕਾ ਦੀ ਰਿਹਾਈ ਲਈ ਪਟੀਸ਼ਨ ਦਾਇਰ; ਹਿਰਾਸਤ ਸਬੰਧੀ ਮੈਜਿਸਟਰੇਟ ਦੇ ਹੁਕਮਾਂ ਨੂੰ ਸੰਵਿਧਾਨਕ ਹੱਕਾਂ ਦੀ ਉਲੰਘਣਾ ਕਰਾਰ ਦਿੱਤਾ

ਕੌਕਰੇਚ ਜਨਤਾ ਪਾਰਟੀ (ਸੀਜੇਪੀ) ਨੇ ਆਪਣੇ ਦੋ ਸੀਨੀਅਰ ਆਗੂਆਂ ਸੌਰਭ ਦਾਸ ਅਤੇ ਆਸ਼ੂਤੋਸ਼ ਰਾਂਕਾ ਦੀ ਹਿਰਾਸਤ ਵਧਾਏ ਜਾਣ ਦੇ ਫ਼ੈਸਲੇ ਨੂੰ ਚੁਣੌਤੀ ਦਿੰਦਿਆਂ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਦਾ ਰੁਖ਼ ਕੀਤਾ। ਪਾਰਟੀ ਨੇ ਵਿਸ਼ੇਸ਼ ਕਾਰਜਕਾਰੀ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਖ਼ਿਲਾਫ਼ ਪਟੀਸ਼ਨ ਦਾਇਰ ਕਰਦਿਆਂ ਦੋਸ਼ ਲਾਇਆ ਕਿ ਇਹ ਕਾਰਵਾਈ ਸੰਵਿਧਾਨ ਦੀ ਧਾਰਾ 21 ਅਧੀਨ ਨਾਗਰਿਕਾਂ ਨੂੰ ਪ੍ਰਾਪਤ ਨਿੱਜੀ ਆਜ਼ਾਦੀ ਦੇ ਬੁਨਿਆਦੀ ਅਧਿਕਾਰ ਦੀ ਉਲੰਘਣਾ ਹੈ।

ਪਾਰਟੀ ਵੱਲੋਂ ਹਾਈ ਕੋਰਟ ਵਿੱਚ ਦਾਇਰ ਰਿੱਟ ਪਟੀਸ਼ਨ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀਆਂ ਧਾਰਾਵਾਂ 126 ਅਤੇ 170 ਤਹਿਤ 19 ਅਕਤੂਬਰ ਨੂੰ ਜਾਰੀ ਕੀਤੇ ਗਏ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਹੈ। ਸੀਜੇਪੀ ਨੇ ਆਪਣੇ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਧਿਆਨ ਵਿੱਚ ਰੱਖਦਿਆਂ ਅਦਾਲਤ ਤੋਂ ਫ਼ੌਰੀ ਸੁਣਵਾਈ ਦੀ ਮੰਗ ਕੀਤੀ ਗਈ ਹੈ। ਪਾਰਟੀ ਨੇ ਲੋੜ ਪੈਣ ’ਤੇ ਰਾਤ ਦੇ ਸਮੇਂ ਵੀ ਹੰਗਾਮੀ ਸੁਣਵਾਈ ਕਰਨ ਦੀ ਅਪੀਲ ਕੀਤੀ ਹੈ।

ਪਟੀਸ਼ਨ ਵਿੱਚ ਦੱਸਿਆ ਗਿਆ ਹੈ ਕਿ ਸੌਰਭ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਸਭ ਤੋਂ ਪਹਿਲਾਂ 10 ਅਕਤੂਬਰ ਨੂੰ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਦੇ ਟਰਮੀਨਲ-3 ਤੋਂ ਹਿਰਾਸਤ ਵਿੱਚ ਲਿਆ ਗਿਆ ਸੀ। ਇਸ ਤੋਂ ਅਗਲੇ ਦਿਨ ਦੋਵਾਂ ਆਗੂਆਂ ਖ਼ਿਲਾਫ਼ ਅਹਿਤਿਆਤੀ ਕਾਰਵਾਈ ਸ਼ੁਰੂ ਕੀਤੀ ਗਈ ਅਤੇ 50-50 ਹਜ਼ਾਰ ਰੁਪਏ ਦੇ ਮੁਚੱਲਕੇ ਭਰਵਾਉਣ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਸੀ।

ਪਾਰਟੀ ਮੁਤਾਬਕ, 13 ਅਕਤੂਬਰ ਨੂੰ ਜੰਤਰ-ਮੰਤਰ ਵਿਖੇ ਤਿਰੰਗੇ ਝੰਡੇ ਸਮੇਤ ਜਾਣ ਤੋਂ ਬਾਅਦ ਦੋਵਾਂ ਆਗੂਆਂ ਨੂੰ ਮੁੜ ਹਿਰਾਸਤ ਵਿੱਚ ਲੈ ਲਿਆ ਗਿਆ। ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ 14 ਅਕਤੂਬਰ ਦੀ ਤੜਕਸਾਰ ਦੋਵਾਂ ਨੂੰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀਆਂ ਧਾਰਾਵਾਂ 126 ਅਤੇ 170 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਦਿਖਾਇਆ ਗਿਆ ਅਤੇ ਧਾਰਾ 135(4) ਅਧੀਨ ਪੰਜ ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

ਸੀਜੇਪੀ ਨੇ ਅਦਾਲਤ ਵਿੱਚ ਦੋਸ਼ ਲਾਇਆ ਕਿ ਵਿਸ਼ੇਸ਼ ਕਾਰਜਕਾਰੀ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿੱਚ ਮੁਚੱਲਕੇ ਦੀ ਮਿਆਦ ਜਾਂ ਰਕਮ ਬਾਰੇ ਕੋਈ ਸਪੱਸ਼ਟ ਜ਼ਿਕਰ ਨਹੀਂ ਕੀਤਾ ਗਿਆ। ਪਾਰਟੀ ਨੇ ਇਨ੍ਹਾਂ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਦੋਵਾਂ ਆਗੂਆਂ ਦੀ ਹਿਰਾਸਤ ਦੇ ਮਾਮਲੇ ਵਿੱਚ ਅਦਾਲਤ ਤੋਂ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments